ਬਿਹਾਰ ’ਚ ਖਰੜਾ ਵੋਟਰ ਸੂਚੀ ਦਾ ਮਾਮਲਾ : ਕਿਸੇ ਵੀ ਪਾਰਟੀ ਨੇ ਨਹੀਂ ਦਰਜ ਕਰਵਾਇਆ ਇਤਰਾਜ਼ : ਚੋਣ ਕਮਿਸ਼ਨ
Saturday, Aug 09, 2025 - 10:57 PM (IST)

ਨਵੀਂ ਦਿੱਲੀ- ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਕਿਹਾ ਕਿ ਬਿਹਾਰ ਵੋਟਰ ਸੂਚੀ ਦਾ ਖਰੜਾ 1 ਅਗਸਤ ਨੂੰ ਪ੍ਰਕਾਸ਼ਿਤ ਹੋਣ ਤੋਂ ਬਾਅਦ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਉਸ ’ਚ ਨਾਂ ਸ਼ਾਮਲ ਕਰਨ ਜਾਂ ਹਟਾਉਣ ਲਈ ਉਸ ਨਾਲ ਸੰਪਰਕ ਨਹੀਂ ਕੀਤਾ ਹੈ। ਖਰੜਾ ਸੂਚੀ 1 ਸਤੰਬਰ ਤੱਕ ਦਾਅਵਿਆਂ ਅਤੇ ਇਤਰਾਜ਼ਾਂ ਲਈ ਉਪਲੱਬਧ ਰਹੇਗੀ, ਜਿਸ ਦੇ ਤਹਿਤ ਰਾਜਨੀਤਿਕ ਪਾਰਟੀਆਂ ਅਤੇ ਵਿਅਕਤੀ ਸੂਚੀ ਤੋਂ ਬਾਹਰ ਰਹਿ ਗਏ ਯੋਗ ਨਾਗਰਿਕਾਂ ਨੂੰ ਸ਼ਾਮਲ ਕਰਨ ਅਤੇ ਉਨ੍ਹਾਂ ਲੋਕਾਂ ਨੂੰ ਬਾਹਰ ਕਰਨ ਦੀ ਮੰਗ ਕਰ ਸਕਦੇ ਹਨ, ਜਿਨ੍ਹਾਂ ਨੂੰ ਉਹ ਅਯੋਗ ਮੰਨਦੇ ਹਨ।
ਚੋਣ ਕਮਿਸ਼ਨ ਨੇ ਕਿਹਾ ਕਿ 1 ਅਗਸਤ ਤੋਂ 9 ਅਗਸਤ ਦੇ ਦਰਮਿਆਨ ਰਾਜਨੀਤਿਕ ਪਾਰਟੀਆਂ ਵੱਲੋਂ ਨਿਯੁਕਤ ਕਿਸੇ ਵੀ ਬੂਥ-ਪੱਧਰੀ ਏਜੰਟ ਨੇ ਦਾਅਵੇ ਅਤੇ ਇਤਰਾਜ਼ ਪ੍ਰਕਿਰਿਆ ’ਚ ਚੋਣ ਅਧਿਕਾਰੀਆਂ ਨਾਲ ਸੰਪਰਕ ਨਹੀਂ ਕੀਤਾ ਹੈ।
ਦੂਜੇ ਪਾਸੇ, 7252 ਲੋਕਾਂ ਨੇ ਖਰੜਾ ਵੋਟਰ ਸੂਚੀ ’ਚ ਨਾਂ ਸ਼ਾਮਲ ਕਰਨ ਜਾਂ ਹਟਾਉਣ ਲਈ ਕਮਿਸ਼ਨ ਨਾਲ ਸੰਪਰਕ ਕੀਤਾ ਹੈ। ਇਕ ਅਧਿਕਾਰੀ ਨੇ ਕਿਹਾ, ‘‘ਚੋਣ ਕਮਿਸ਼ਨ ਵਾਰ-ਵਾਰ ਕਹਿ ਰਿਹਾ ਹੈ ਕਿ ਬਿਹਾਰ ਦੀ ਅੰਤਿਮ ਵੋਟਰ ਸੂਚੀ ’ਚ ਕਿਸੇ ਵੀ ਯੋਗ ਵੋਟਰ ਨੂੰ ਨਾ ਛੱਡਿਆ ਜਾਵੇ ਅਤੇ ਨਾ ਹੀ ਕਿਸੇ ਅਯੋਗ ਵੋਟਰ ਨੂੰ ਸ਼ਾਮਲ ਕੀਤਾ ਜਾਵੇ।’’
ਉਨ੍ਹਾਂ ਕਿਹਾ, ‘‘ਬਿਹਾਰ ਦੀ ਖਰੜਾ ਸੂਚੀ ’ਚ ਕਿਸੇ ਵੀ ਤਰੁੱਟੀ ਨੂੰ ਸੁਧਾਰਨ ਲਈ ਆਪਣੇ ਦਾਅਵੇ ਅਤੇ ਇਤਰਾਜ਼ ਪੇਸ਼ ਕਰੋ।’’
ਖਰੜਾ ਸੂਚੀ ਚੋਣ ਕਮਿਸ਼ਨ ਵੱਲੋਂ ਬਿਹਾਰ ਦੀ ਵੋਟਰ ਸੂਚੀ ਦੀ ਵਿਸ਼ੇਸ਼ ਡੂੰਘਾਈ ਨਾਲ ਸੋਧ (ਐੱਸ. ਆਈ. ਆਰ.) ਦਾ ਹਿੱਸਾ ਹੈ, ਜਿਸ ਦਾ ਵਿਰੋਧੀ ਪਾਰਟੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ, ਕਿਉਂਕਿ ਉਨ੍ਹਾਂ ਦਾ ਦਾਅਵਾ ਹੈ ਕਿ ਇਸ ਪ੍ਰਕਿਰਿਆ ਕਾਰਨ ਬਹੁਤ ਸਾਰੇ ਯੋਗ ਨਾਗਰਿਕ ਦਸਤਾਵੇਜ਼ਾਂ ਦੀ ਘਾਟ ਕਾਰਨ ਆਪਣੇ ਵੋਟ ਦੇ ਅਧਿਕਾਰ ਤੋਂ ਵਾਂਝੇ ਹੋ ਜਾਣਗੇ।