SC ਵੱਲੋਂ ਬਿਹਾਰ ’ਚ ਵੋਟਰ ਸੂਚੀਆਂ ਦੇ ਖਰੜੇ ਦੇ ਪ੍ਰਕਾਸ਼ਨ ’ਤੇ ਰੋਕ ਲਾਉਣ ਤੋਂ ਇਨਕਾਰ
Monday, Jul 28, 2025 - 11:38 PM (IST)

ਨਵੀਂ ਦਿੱਲੀ, (ਭਾਸ਼ਾ)- ਸੁਪਰੀਮ ਕੋਰਟ ਨੇ ਚੋਣਾਂ ਵਾਲੇ ਸੂਬੇ ਬਿਹਾਰ ’ਚ ਵੋਟਰ ਸੂਚੀਆਂ ਦੇ ਖਰ਼ੜੇ ਦੇ ਪ੍ਰਕਾਸ਼ਨ ਤੇ ਰੋਕ ਲਾਉਣ ਤੋਂ ਸੋਮਵਾਰ ਇਨਕਾਰ ਕਰ ਦਿੱਤਾ।
ਅਦਾਲਤ ਨੇ ਕਿਹਾ ਕਿ ਉਹ ਸੂਬੇ ’ਚ ਚੋਣ ਕਮਿਸ਼ਨ ਵੱਲੋਂ ਕਰਵਾਈਆਂ ਜਾ ਰਹੀਆਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੋਧ ਵਿਰੁੱਧ ਦਾਇਰ ਪਟੀਸ਼ਨਾਂ 'ਤੇ ਹਮੇਸ਼ਾ ਲਈ ਅੰਤਿਮ ਫੈਸਲਾ ਲਵੇਗੀ। ਜਸਟਿਸ ਸੂਰਿਆ ਕਾਂਤ ਤੇ ਜੋਇਮਲਿਆ ਬਾਗਚੀ ਦੇ ਬੈਂਚ ਨੇ ਕਿਹਾ ਕਿ ਮਾਮਲੇ ਦੀ ਅੰਤਿਮ ਸੁਣਵਾਈ 29 ਜੁਲਾਈ ਨੂੰ ਕੀਤੀ ਜਾਏਗੀ।
ਇਕ ਗੈਰ-ਸਰਕਾਰੀ ਸੰਗਠਨ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਗੋਪਾਲ ਸ਼ੰਕਰ ਨਾਰਾਇਣਨ ਨੇ ਕਿਹਾ ਕਿ ਵੋਟਰ ਸੂਚੀ ਨੂੰ ਆਰਜ਼ੀ ਤੌਰ ’ਤੇ ਅੰਤਿਮ ਰੂਪ ਨਹੀਂ ਦਿੱਤਾ ਜਾਣਾ ਚਾਹੀਦਾ । ਵੋਟਰ ਸੂਚੀ ਦੇ ਖਰੜੇ ਦੇ ਪ੍ਰਕਾਸ਼ਨ ’ਤੇ ਅੰਤ੍ਰਿਮ ਰੋਕ ਲਾਈ ਜਾਣੀ ਚਾਹੀਦੀ ਹੈ।
ਬੈਂਚ ਨੇ ਅਦਾਲਤ ਦੇ ਪਿਛਲੇ ਹੁਕਮ ਨੂੰ ਨੋਟ ਕੀਤਾ ਜਿਸ ’ਚ ਕਿਹਾ ਗਿਆ ਸੀ ਕਿ ਪਟੀਸ਼ਨਕਰਤਾ ਅੰਤ੍ਰਿਮ ਰਾਹਤ ਦੀ ਬੇਨਤੀ ਨਹੀਂ ਕਰ ਰਹੇ ਸਨ, ਇਸ ਲਈ ਹੁਣ ਅਜਿਹਾ ਨਹੀਂ ਕੀਤਾ ਜਾ ਸਕਦਾ । ਮਾਮਲਾ ਪੱਕੇ ਤੌਰ ’ਤੇ ਨਿਪਟਾਇਆ ਜਾਵੇਗਾ। ਅਦਾਲਤ ਨੇ ਚੋਣ ਕਮਿਸ਼ਨ ਨੂੰ ਆਪਣੇ ਪਹਿਲੇ ਹੁਕਮ ਦੀ ਪਾਲਣਾ ਕਰਦਿਆਂ ਬਿਹਾਰ ’ਚ ਵਿਸ਼ੇਸ਼ ਸੋਧ ਲਈ ਆਧਾਰ ਤੇ ਵੋਟਰ ਆਈ.ਡੀ. ਕਾਰਡਾਂ ਨੂੰ ਪ੍ਰਵਾਨ ਕਰਨਾ ਜਾਰੀ ਰੱਖਣ ਲਈ ਕਿਹਾ। ਦੋਵਾਂ ਦਸਤਾਵੇਜ਼ਾਂ ਦੀ ਪ੍ਰਮਾਣਿਕਤਾ ਹੈ।