''ਸੀਰੀਅਲ ਕਿਲਰ'' ਦੀ ਤਰ੍ਹਾਂ ਰਵੱਈਆ ਕਰ ਰਹੀ ਹੈ ਭਾਜਪਾ : ਮਨੀਸ਼ ਸਿਸੋਦੀਆ

Friday, Aug 26, 2022 - 03:03 PM (IST)

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕੇਂਦਰੀ ਜਾਂਚ ਏਜੰਸੀ (ਸੀ.ਬੀ.ਆਈ.) ਵੱਲੋਂ ਉਨ੍ਹਾਂ ਵਿਰੁੱਧ ਦਰਜ ਐੱਫ.ਆਈ.ਆਰ. ਪੂਰੀ ਤਰ੍ਹਾਂ ਫਰਜ਼ੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੂਬਾ ਸਰਕਾਰਾਂ ਨੂੰ ਡੇਗਣ ਲਈ ‘ਸੀਰੀਅਲ ਕਿਲਰ’ ਵਾਂਗ ਰਵੱਈਆ ਕਰ ਰਹੀ ਹੈ। ਸਿਸੋਦੀਆ ਨੇ ਦਿੱਲੀ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ 'ਚ ਇਹ ਗੱਲ ਕਹੀ। ਸਿਸੋਦੀਆ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਦੂਜਿਆਂ ਦੇ ਚੰਗੇ ਕੰਮਾਂ ਨੂੰ ਲੈ ਕੇ 'ਅਸੁਰੱਖਿਅਤ' ਮਹਿਸੂਸ ਕਰਦੇ ਹਨ। ਸਿਸੋਦੀਆ ਨੇ ਵਿਧਾਨ ਸਭਾ 'ਚ ਕਿਹਾ,''ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੂਜਿਆਂ ਦੇ ਚੰਗੇ ਕੰਮ ਦੇਖ ਕੇ ਅਸੁਰੱਖਿਅਤ ਮਹਿਸੂਸ ਕਰਨ ਲੱਗਦੇ ਹਨ। ਮੈਂ ਆਪਣੀ ਜ਼ਿੰਦਗੀ ਵਿਚ ਕਦੇ ਵੀ ਕਿਸੇ ਵਿਅਕਤੀ ਨੂੰ ਅਸੁਰੱਖਿਆ ਦੀ ਭਾਵਨਾ ਨਾਲ ਇੰਨਾ ਦੁਖੀ ਨਹੀਂ ਦੇਖਿਆ। ਜੇਕਰ ਅਰਵਿੰਦ ਕੇਜਰੀਵਾਲ ਪ੍ਰਧਾਨ ਮੰਤਰੀ ਹੁੰਦੇ ਅਤੇ ਮੈਂ ਕਿਸੇ ਹੋਰ ਸਰਕਾਰ ਵਿਚ ਸਿੱਖਿਆ ਮੰਤਰੀ ਹੁੰਦਾ ਤਾਂ ਉਹ ਅਜਿਹਾ ਕੁਝ ਨਹੀਂ ਕਰਦੇ।''

ਇਹ ਵੀ ਪੜ੍ਹੋ : ਕਾਂਗਰਸ ਨੂੰ ਵੱਡਾ ਝਟਕਾ, ਸੀਨੀਅਰ ਨੇਤਾ ਗੁਲਾਮ ਨਬੀ ਆਜ਼ਾਦ ਨੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੀਆਂ ਸਾਰੀਆਂ ਚੰਗੀਆਂ ਪਹਿਲਕਦਮੀਆਂ ਵਿਚ ਪ੍ਰਧਾਨ ਮੰਤਰੀ ਦਾ ਸਮਰਥਨ ਕੀਤਾ ਪਰ ਪ੍ਰਧਾਨ ਮੰਤਰੀ ਨੇ ਹਮੇਸ਼ਾ ਇਸ ਦੇ ਉਲਟ ਕੀਤਾ। ਸਿਸੋਦੀਆ ਨੇ ਕਿਹਾ ਕਿ ਸੀ.ਬੀ.ਆਈ. ਅਧਿਕਾਰੀਆਂ ਨੇ 14 ਘੰਟੇ ਦੀ ਛਾਪੇਮਾਰੀ ਦੌਰਾਨ ਉਨ੍ਹਾਂ ਦੀ ਅਤੇ ਉਨ੍ਹਾਂ ਦੇ ਬੱਚਿਆਂ ਦੇ ਕੱਪੜਿਆਂ ਦੀ ਵੀ ਤਲਾਸ਼ੀ ਲਈ ਪਰ ਕੁਝ ਵੀ ਨਹੀਂ ਮਿਲਿਆ। ਉਨ੍ਹਾਂ ਕਿਹਾ,“ਮੇਰੇ ਖ਼ਿਲਾਫ਼ ਐੱਫ.ਆਈ.ਆਰ. ਪੂਰੀ ਤਰ੍ਹਾਂ ਫਰਜ਼ੀ ਹੈ। ਮੈਂ ਕੋਈ ਭ੍ਰਿਸ਼ਟਾਚਾਰ ਨਹੀਂ ਕੀਤਾ... ਉਹ (ਭਾਰਤੀ ਜਨਤਾ ਪਾਰਟੀ) ਸੂਬਾ ਸਰਕਾਰਾਂ ਨੂੰ ਡੇਗਣ ਲਈ 'ਸੀਰੀਅਲ ਕਿਲਰ' ਵਾਂਗ ਰਵੱਈਆ ਕਰ ਰਹੇ ਹਨ। ਉਹ ਸੂਬਾ ਸਰਕਾਰਾਂ ਨੂੰ ਡੇਗਣ ਲਈ ਜੋ ਵੀ ਯਤਨ ਕਰ ਰਹੇ ਹਨ, ਉਨ੍ਹਾਂ ਨੂੰ ਸਕੂਲ ਅਤੇ ਹਸਪਤਾਲ ਬਣਾਉਣ ਲਈ ਯਤਨ ਕਰਨੇ ਚਾਹੀਦੇ ਹਨ।” ਉੱਪ ਮੁੱਖ ਮੰਤਰੀ ਨੇ ਆਪਣੀ ਸਰਕਾਰ ਦੀ ਆਬਕਾਰੀ ਨੀਤੀ 2021-22 ਦਾ ਬਚਾਅ ਕੀਤਾ, ਜਿਸ ਨੂੰ ਹੁਣ ਵਾਪਸ ਲੈ ਲਿਆ ਗਿਆ ਹੈ। ਸਿਸੋਦੀਆ ਨੇ ਸਦਨ 'ਚ ਕਿਹਾ,''ਸਾਡੀ ਆਬਕਾਰੀ ਨੀਤੀ ਨੇ ਲੋਕਾਂ 'ਤੇ ਕੋਈ ਬੋਝ ਨਹੀਂ ਪਾਇਆ, ਸਗੋਂ ਸਰਕਾਰੀ ਮਾਲੀਆ ਵਧਾਇਆ, ਫਿਰ ਵੀ ਭਾਜਪਾ ਇਸ 'ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾ ਰਹੀ ਹੈ।''

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News