ਭਾਜਪਾ ਉਮੀਦਵਾਰ ਸਾਬਕਾ CM ਖੱਟੜ ਨੂੰ ਝੱਲਣਾ ਪੈ ਰਿਹੈ ਕਿਸਾਨਾਂ ਦਾ ਗੁੱਸਾ
Friday, May 03, 2024 - 06:26 PM (IST)
ਹਰਿਆਣਾ- ਹਰਿਆਣਾ ਵਿਚ ਲੋਕ ਸਭਾ ਚੋਣ ਪ੍ਰਚਾਰ ਦੌਰਾਨ ਭਾਜਪਾ ਉਮੀਦਵਾਰਾਂ ਨੂੰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਥੋਂ ਤੱਕ ਕਿ ਕਰਨਾਲ ਸੰਸਦੀ ਸੀਟ ਤੋਂ ਭਾਜਪਾ ਦੇ ਉਮੀਦਵਾਰ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੂੰ ਵੀ ਕਿਸਾਨਾਂ ਦੇ ਗੁੱਸੇ ਦਾ ਸ਼ਿਕਾਰ ਹੋਣਾ ਪਿਆ। ਹਾਲੀਆ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਨੂੰ ਹਲਕੇ ਵਿਚ ਘੱਟੋ-ਘੱਟ 5 ਥਾਵਾਂ ’ਤੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਹੈ। ਭਾਰਤੀ ਕਿਸਾਨ ਯੂਨੀਅਨ ਬੀ. ਕੇ. ਯੂ. (ਸਰ ਛੋਟੂ ਰਾਮ) ਦੇ ਪ੍ਰਧਾਨ ਜਗਦੀਪ ਸਿੰਘ ਔਲਖ ਨੇ ਮੀਡੀਆ ਨੂੰ ਦਿੱਤੇ ਬਿਆਨ ਵਿਚ ਕਿਹਾ ਹੈ ਕਿ ਕਿਸਾਨ ਪਿਛਲੇ ਕਰੀਬ 5 ਸਾਲਾਂ ਦੌਰਾਨ ਉਨ੍ਹਾਂ ਨਾਲ ਹੋਈ ਬੇਇਨਸਾਫ਼ੀ ਸਬੰਧੀ ਖੱਟੜ ਤੋਂ ਸਵਾਲ ਪੁੱਛਣਾ ਚਾਹੁੰਦੇ ਸਨ ਪਰ ਜਦੋਂ ਪੁਲਸ ਨੇ ਸਾਬਕਾ ਸੀ. ਐੱਮ. ਖੱਟੜ ਨੂੰ ਮਿਲਣ ਨਹੀਂ ਦਿੱਤਾ ਗਿਆ ਤਾਂ ਕਿਸਾਨਾਂ ਨੂੰ ਪ੍ਰਦਰਸ਼ਨ ਕਰਨਾ ਪਿਆ। ਔਲਖ ਅਨੁਸਾਰ ਘੱਟੋ-ਘੱਟ 25 ਪਿੰਡਾਂ ਦੇ ਕਿਸਾਨ 2 ਮਹੀਨੇ ਪਹਿਲਾਂ ਗੜੇਮਾਰੀ ਕਾਰਨ ਉਨ੍ਹਾਂ ਦੀਆਂ ਫ਼ਸਲਾਂ ਦਾ ਮੁਆਵਜ਼ਾ ਨਾ ਮਿਲਣ ਕਾਰਨ ਪ੍ਰੇਸ਼ਾਨ ਸਨ।
ਦੂਜੇ ਪਾਸੇ ਖੱਟੜ ਨੇ ਵਿਰੋਧੀ ਧਿਰ ਕਾਂਗਰਸ ਨੂੰ ਆਪਣੇ ਖ਼ਿਲਾਫ਼ ਪ੍ਰਦਰਸ਼ਨਾਂ ਲਈ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਪੁਰਾਣੀ ਪਾਰਟੀ ਦੀ ਹਾਲਤ ਵਿਗੜ ਰਹੀ ਹੈ। ਉਨ੍ਹਾਂ ਕਿਹਾ ਕਿ ਇਕ-ਦੋ ਘਟਨਾਵਾਂ ਨੂੰ ਛੱਡ ਕੇ ਉਨ੍ਹਾਂ ਦੇ ਜਨ ਸੰਪਰਕ ਪ੍ਰੋਗਰਾਮ ਦੌਰਾਨ ਉਨ੍ਹਾਂ ਨੂੰ ਲੋਕਾਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਹੈ। ਖੱਟੜ ਨੇ ਕਿਹਾ ਕਿ ਇਹ ਵੀ ਸੱਚ ਹੈ ਕਿ ਸਵਾਰਥੀ ਹਿੱਤਾਂ ਵਾਲੇ ਕੁਝ ਲੋਕਾਂ ਦਾ ਲੁਕਵਾਂ ਏਜੰਡਾ ਹੈ। ਮੈਂ ਉਨ੍ਹਾਂ ਦਾ ਸਾਹਮਣਾ ਕੀਤਾ, ਇਹ ਲੋਕਤੰਤਰ ਲਈ ਆਦਰਸ਼ ਨਹੀਂ ਹੋ ਸਕਦਾ ਹੈ ਪਰ ਇਹ ਲੋਕਤੰਤਰ ਵਿਚ ਵਿਚਾਰਧਾਰਾਵਾਂ ਦੀ ਲੜਾਈ ਹੈ ਜਿਸ ਵਿਚ ਹਰ ਕਿਸੇ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਅਧਿਕਾਰ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8