ਦਿੱਲੀ ਸਰਕਾਰ ''ਚ ਮੰਤਰੀ ਸਤੇਂਦਰ ਜੈਨ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਭਾਜਪਾ ਦਾ ਪ੍ਰਦਰਸ਼ਨ

Monday, Apr 11, 2022 - 05:23 PM (IST)

ਨਵੀਂ ਦਿੱਲੀ (ਭਾਸ਼ਾ)- ਭਾਰਤੀ ਜਨਤਾ ਪਾਰਟੀ ਦੇ ਨੇਤਾਵਾਂ ਅਤੇ ਵਰਕਰਾਂ ਨੇ ਸੋਮਵਾਰ ਨੂੰ ਇੱਥੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਕੇ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ 'ਚ ਮੰਤਰੀ ਸਤੇਂਦਰ ਜੈਨ ਦੇ ਅਸਤੀਫ਼ੇ ਦੀ ਮੰਗ ਕੀਤੀ। ਦੱਸਣਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪਿਛਲੇ ਹਫ਼ਤੇ ਕਿਹਾ ਸੀ ਕਿ ਉਸ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਜੈਨ ਅਤੇ ਉਸ ਦੇ ਪਰਿਵਾਰ ਦੇ ਕੰਟਰੋਲ ਵਾਲੀਆਂ ਜਾਂ ਮਾਲਕੀ ਵਾਲੀਆਂ ਕੰਪਨੀਆਂ ਦੀ 4.81 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਪ੍ਰਦਰਸ਼ਨ ਦੌਰਾਨ ਭਾਜਪਾ ਦੀ ਦਿੱਲੀ ਇਕਾਈ ਦੇ ਪ੍ਰਧਾਨ ਆਦੇਸ਼ ਗੁਪਤਾ ਨੇ ਦਾਅਵਾ ਕੀਤਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੈਨ ਦੇ ‘ਭ੍ਰਿਸ਼ਟਾਚਾਰ’ 'ਚ ਸ਼ਾਮਲ ਹੋਣ ਤੋਂ ਜਾਣੂ ਸਨ, ਫਿਰ ਵੀ ਉਨ੍ਹਾਂ ਨੇ ਇਸ ’ਤੇ ਚੁੱਪ ਧਾਰੀ ਰੱਖੀ। ਭਾਜਪਾ ਦੇ ਇਸ ਦੋਸ਼ 'ਤੇ 'ਆਪ' ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਇਸ ਤੋਂ ਪਹਿਲਾਂ 'ਆਪ' ਨੇ ਕਿਹਾ ਸੀ ਕਿ ਜੈਨ ਇਕ 'ਬਹੁਤ ਹੀ ਇਮਾਨਦਾਰ ਵਿਅਕਤੀ' ਹਨ ਅਤੇ ਅਦਾਲਤ ਦੁਆਰਾ ਉਨ੍ਹਾਂ ਵਿਰੁੱਧ ਕੇਸ ਖਾਰਜ ਕਰ ਦਿੱਤਾ ਜਾਵੇਗਾ।

PunjabKesari

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਫਰਵਰੀ 'ਚ ਕੇਜਰੀਵਾਲ ਨੇ ਦਾਅਵਾ ਕੀਤਾ ਸੀ ਕਿ ਸੂਤਰਾਂ ਤੋਂ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਜੈਨ ਨੂੰ ਗ੍ਰਿਫ਼ਤਾਰ ਕਰਨ ਵਾਲਾ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਦੋਸ਼ ਲਾਇਆ ਸੀ ਕਿ ਚੋਣਾਂ 'ਚ ਹਾਰ ਦੀਆਂ ਸੰਭਾਵਨਾਵਾਂ ਵੱਧ ਹੋਣ ਤੋਂ ਬਾਅਦ ਭਾਜਪਾ ਆਮ ਆਦਮੀ ਪਾਰਟੀ (ਆਪ) ਨੂੰ ਨਿਸ਼ਾਨਾ ਬਣਾ ਰਹੀ ਹੈ। ਗੁਪਤਾ ਨੇ ਕਿਹਾ ਕਿ ਕੇਜਰੀਵਾਲ ਨੂੰ ਪਤਾ ਸੀ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਜੈਨ ਖ਼ਿਲਾਫ਼ ਕਾਰਵਾਈ ਕਰ ਸਕਦਾ ਹੈ, ਇਸ ਲਈ ਉਹ ਹੰਗਾਮਾ ਕਰ ਰਹੇ ਹਨ। ਜੈਨ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ 'ਚ ਸਿਹਤ, ਬਿਜਲੀ, ਗ੍ਰਹਿ, ਉਦਯੋਗ, ਸ਼ਹਿਰੀ ਵਿਕਾਸ, ਹੜ੍ਹ, ਸਿੰਚਾਈ ਅਤੇ ਪਾਣੀ ਦੇ ਮੰਤਰੀ ਹਨ। ਬਾਅਦ 'ਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਨੇ ਵੀ ਧਰਨੇ ਦੌਰਾਨ ਕੇਜਰੀਵਾਲ ਤੋਂ ਜੈਨ ਨੂੰ ਮੰਤਰੀ ਮੰਡਲ ਤੋਂ ਹਟਾਉਣ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀ ਵਰਕਰਾਂ ਨੂੰ ਪਾਰਟੀ ਦੇ ਵਿਧਾਇਕ ਮੋਹਨ ਸਿੰਘ ਬਿਸ਼ਟ, ਅਨਿਲ ਬਾਜਪਾਈ ਅਤੇ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।


DIsha

Content Editor

Related News