ਭਾਜਪਾ ਨੇ ਆਪਣੇ ਸੰਸਦ ਮੈਂਬਰ ਬਿਧੂੜੀ ਨੂੰ ਦਿੱਤਾ ਕਾਰਨ ਦੱਸੋ ਨੋਟਿਸ

Saturday, Sep 23, 2023 - 12:00 PM (IST)

ਨਵੀਂ ਦਿੱਲੀ- ਭਾਜਪਾ ਨੇ ਭਾਰਤ ਦੇ ਚੰਦਰ ਮਿਸ਼ਨ ‘ਚੰਦਰਯਾਨ-3’ ਦੀ ਸਫ਼ਲਤਾ ’ਤੇ ਚਰਚਾ ’ਚ ਲੋਕ ਸਭਾ ’ਚ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਮੈਂਬਰ ਦਾਨਿਸ਼ ਅਲੀ ਦੇ ਖਿਲਾਫ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਲਈ ਸ਼ੁੱਕਰਵਾਰ ਨੂੰ ਆਪਣੇ ਸੰਸਦ ਮੈਂਬਰ ਰਮੇਸ਼ ਬਿਧੂੜੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਭਾਜਪਾ ਸੂਤਰਾਂ ਨੇ ਦੱਸਿਆ ਕਿ ਪਾਰਟੀ ਲੀਡਰਸ਼ਿਪ ਨੇ ਉਨ੍ਹਾਂ ਦੀਆਂ ਟਿੱਪਣੀਆਂ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ।

ਪਾਰਟੀ ਨੇਤਾਵਾਂ ਦਾ ਮੰਨਣਾ ਹੈ ਕਿ ਬਿਧੂੜੀ ਦੀ ਟਿੱਪਣੀ ਨੂੰ ਲੈ ਕੇ ਗੁੱਸਾ ਅਜਿਹੇ ਸਮੇਂ ’ਚ ਦੇਖਿਆ ਜਾ ਰਿਹਾ ਹੈ, ਜਦੋਂ ਉਹ ਸੰਸਦ ਦੇ ਵਿਸ਼ੇਸ਼ ਸੈਸ਼ਨ ’ਚ ਪਾਸ ਕੀਤੇ ਗਏ ਮਹਿਲਾ ਰਾਖਵਾਂਕਰਨ ਬਿੱਲ ਦਾ ਪੂਰੇ ਦੇਸ਼ ’ਚ ਜਸ਼ਨ ਮਨਾ ਰਹੀ ਹੈ। ਪਾਰਟੀ ਨੇ ਦੱਖਣੀ ਦਿੱਲੀ ਦੇ ਸੰਸਦ ਮੈਂਬਰ ਨੂੰ ਨੋਟਿਸ ਦੇ ਕੇ ਪੁੱਛਿਆ ਹੈ ਕਿ ਗੈਰ-ਸੰਸਦੀ ਸ਼ਬਦਾਂ ਦੀ ਵਰਤੋਂ ਕਰਨ ’ਤੇ ਉਨ੍ਹਾਂ ਖਿਲਾਫ ਅਨੁਸ਼ਾਸਨੀ ਕਾਰਵਾਈ ਕਿਉਂ ਨਾ ਕੀਤੀ ਜਾਵੇ। ਬਿਧੂੜੀ ਨੇ ਵੀਰਵਾਰ ਨੂੰ ਲੋਕ ਸਭਾ ’ਚ ਅਲੀ ਦੇ ਖਿਲਾਫ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਸੀ। ਲੋਕ ਸਭਾ ਦੇ ਸਪੀਕਰ ਓਮ ਬਿਰਲਾ ਨੇ ਬਾਅਦ ’ਚ ਉਨ੍ਹਾਂ ਸ਼ਬਦਾਂ ਨੂੰ ਕਾਰਵਾਈ ਤੋਂ ਹਟਾ ਦਿੱਤਾ। ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਸਦਨ ’ਚ ਬਿਧੂੜੀ ਦੀ ਟਿੱਪਣੀ ’ਤੇ ਅਫਸੋਸ ਜ਼ਾਹਰ ਕੀਤਾ ਸੀ।

ਮੁਸਲਿਮ ਸੰਸਦ ਮੈਂਬਰ ਬਾਰੇ ਬਿਧੂੜੀ ਦੀ ਵਿਵਾਦਤ ਟਿੱਪਣੀ ਦੀ ਵੀਡੀਓ ਵਾਇਰਲ ਹੋ ਗਈ ਹੈ ਅਤੇ ਵਿਰੋਧੀ ਪਾਰਟੀਆਂ ਨੇ ਉਨ੍ਹਾਂ ਖਿਲਾਫ ਸਦਨ ਤੋਂ ਮੁਅੱਤਲੀ ਸਮੇਤ ਸਖਤ ਕਾਰਵਾਈ ਦੀ ਮੰਗ ਕੀਤੀ ਹੈ। ਲੋਕ ਸਭਾ ਸਪੀਕਰ ਬਿਰਲਾ ਨੇ ਉਨ੍ਹਾਂ ਨੂੰ ਸਾਵਧਾਨ ਕੀਤਾ ਹੈ ਅਤੇ ਇਸ ਤਰ੍ਹਾਂ ਦੇ ਅਪਰਾਧ ਨੂੰ ਦੁਹਰਾਉਣ ’ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ।
 


Tanu

Content Editor

Related News