ਕੇਜਰੀਵਾਲ ਦੀ ਗ੍ਰਿਫ਼ਤਾਰੀ ''ਤੇ ਬੋਲੇ ਪਵਾਰ, ਕਿਹਾ- ''ਭਾਜਪਾ ਨੂੰ ਸੱਤਾ ਦੀ ਦੁਰਵਰਤੋਂ ਦੀ ਕੀਮਤ ਚੁਕਾਉਣੀ ਪਵੇਗੀ''

03/22/2024 2:37:35 PM

ਪੁਣੇ- ਰਾਸ਼ਟਰਵਾਦੀ ਕਾਂਗਰਸ ਪਾਰਟੀ-ਸ਼ਰਦਚੰਦਰ ਪਵਾਰ (ਐੱਨ.ਸੀ.ਪੀ.-ਐੱਸ.ਪੀ.) ਦੇ ਮੁਖੀ ਸ਼ਰਦ ਪਵਾਰ ਨੇ ਸ਼ੁੱਕਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਗ੍ਰਿਫਤਾਰ ਕੀਤੇ ਜਾਣ ਦੀ ਨਿੰਦਾ ਕਰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ 'ਸੱਤਾ ਦੀ ਦੁਰਵਰਤੋਂ' ਦੀ ਕੀਮਤ ਚੁਕਾਉਣੀ ਪਵੇਗੀ। ਪਵਾਰ ਨੇ ਮਹਾਰਾਸ਼ਟਰ ਦੇ ਪੁਣੇ ਜ਼ਿਲ੍ਹੇ ਦੇ ਬਾਰਾਮਤੀ 'ਚ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਭਰੋਸਾ ਹੈ ਕਿ ਲੋਕ ਚੋਣਾਂ 'ਚ ਉਸੇ ਤਰ੍ਹਾਂ ਆਪਣੀ ਸਮੂਹਿਕ ਤਾਕਤ ਦਿਖਾਉਣਗੇ, ਜਿਸ ਤਰ੍ਹਾਂ ਉਨ੍ਹਾਂ ਨੇ ਐਮਰਜੈਂਸੀ ਦੌਰਾਨ ਦਿਖਾਇਆ ਸੀ।

ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਅ ਰਹੀ ਸਰਕਾਰ

ਸ਼ਰਦ ਪਵਾਰ (83) ਨੇ ਕੇਜਰੀਵਾਲ ਦੀ ਗ੍ਰਿਫ਼ਤਾਰੀ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਸੰਘੀ ਏਜੰਸੀਆਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ਡਾਇਰੈਕਟੋਰੇਟ ਨੇ ਵੀਰਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫਤਾਰ ਕਰ ਲਿਆ, ਜਿਸ ਦੀ ਵਿਰੋਧੀ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ' (ਇੰਡੀਆ) ਦੇ ਨੇਤਾਵਾਂ ਨੇ ਆਲੋਚਨਾ ਕੀਤਾ। ਐੱਨ.ਸੀ.ਪੀ. (ਸਪਾ) ਦੇ ਮੁਖੀ ਨੇ ਕਿਹਾ ਕਿ ਕਾਂਗਰਸ ਦੇ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਗਏ ਹਨ। ਖਾਤਿਆਂ ਰਾਹੀਂ ਲੈਣ-ਦੇਣ 'ਤੇ ਪਾਬੰਦੀ ਨੇ ਪਾਰਟੀ ਦੇ ਚੋਣ ਪ੍ਰਚਾਰ ਲਈ ਵਿੱਤੀ ਪ੍ਰਬੰਧਨ ਨੂੰ ਪ੍ਰਭਾਵਿਤ ਕੀਤਾ। ਇਸ ਤੋਂ ਪਤਾ ਲੱਗਦਾ ਹੈ ਕਿ ਕਾਂਗਰਸ ਨੂੰ ਚੋਣ ਪ੍ਰਚਾਰ ਲਈ ਆਪਣੇ ਸਾਧਨਾਂ ਦੀ ਵਰਤੋਂ ਕਰਨ ਤੋਂ ਰੋਕਣ ਦੇ ਯਤਨ ਕੀਤੇ ਜਾ ਰਹੇ ਹਨ। ਅਜਿਹੀ ਵੱਡੀ ਕਾਰਵਾਈ ਪਹਿਲਾਂ ਕਦੇ ਨਹੀਂ ਕੀਤੀ ਗਈ।

ਉਨ੍ਹਾਂ ਦੋਸ਼ ਲਾਇਆ ਕਿ ਸੂਬਿਆਂ ਦੇ ਕੁਝ ਪ੍ਰਮੁੱਖ ਆਗੂਆਂ ਖ਼ਿਲਾਫ਼ ਕਾਰਵਾਈ ਕਰਨ ਲਈ ਐਨਫੋਰਸਮੈਂਟ ਡਾਇਰੈਕਟੋਰੇਟ ਵਰਗੀਆਂ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਪਵਾਰ ਨੇ ਕਿਹਾ ਕਿ ਉਨ੍ਹਾਂ ਨੇ (ਝਾਰਖੰਡ ਦੇ ਸਾਬਕਾ ਮੁੱਖ ਮੰਤਰੀ) ਹੇਮੰਤ ਸੋਰੇਨ ਨੂੰ ਗ੍ਰਿਫ਼ਤਾਰ ਕੀਤਾ, ਜੋ ਕਬਾਇਲੀ ਭਾਈਚਾਰੇ ਤੋਂ ਹੈ। ਹੁਣ (ਦਿੱਲੀ) ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਨੀਤੀ ਨਾਲ ਜੁੜੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਸਾਨੂੰ ਡਰ ਹੈ ਕਿ ਉਨ੍ਹਾਂ ਦੇ ਖਿਲਾਫ ਕੋਈ ਕਾਰਵਾਈ ਕੀਤੀ ਜਾਵੇਗੀ। ਪਵਾਰ ਨੇ ਕਿਹਾ ਕਿ ਸ਼ਰਾਬ ਨੀਤੀ 'ਤੇ ਫੈਸਲਾ ਦਿੱਲੀ ਸਰਕਾਰ ਦੇ ਰਾਜ ਮੰਤਰੀ ਮੰਡਲ ਨੇ ਲਿਆ ਸੀ ਅਤੇ ਰਾਜ ਲਈ ਨੀਤੀਆਂ ਬਣਾਉਣਾ ਉਸ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਕਿਸੇ ਨੀਤੀ ਨੂੰ ਲੈ ਕੇ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕਰਨਾ ਗਲਤ ਹੈ।


Rakesh

Content Editor

Related News