ਭਾਜਪਾ ਆਗੂ ਦਾ ਗੋਲ਼ੀ ਮਾਰ ਕੇ ਕਤਲ ! ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਭਾਗਲਪੁਰ ''ਚ ਕੀਤੀ ਵਾਰਦਾਤ
Friday, Sep 11, 2026 - 04:20 PM (IST)
ਭਾਗਲਪੁਰ (ਏਜੰਸੀ)- ਬਿਹਾਰ 'ਚ ਭਾਗਲਪੁਰ ਜ਼ਿਲ੍ਹੇ ਦੇ ਬਬਰਗੰਜ ਥਾਣਾ ਖੇਤਰ 'ਚ ਅਪਰਾਧੀਆਂ ਨੇ ਸ਼ੁੱਕਰਵਾਰ ਨੂੰ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸ਼੍ਰੀਨਾਰਾਇਣ ਨਗਰ ਮੰਡਲ ਪ੍ਰਧਾਨ ਉਮਾ ਭੂਸ਼ਣ ਤਾਂਤੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। ਪੁਲਸ ਸੂਤਰਾਂ ਨੇ ਦੱਸਿਆ ਕਿ ਇਸ ਖੇਤਰ ਦੇ ਕੁਤੁਬਗੰਜ ਬਾਜ਼ਾਰ ਵਾਸੀ ਭਾਜਪਾ ਨਗਰ ਮੰਡਲ ਪ੍ਰਧਾਨ ਉਮਾ ਭੂਸ਼ਣ ਤਾਂਤੀ (52) ਅੱਜ ਆਪਣੇ ਘਰ ਦੇ ਕੋਲ ਸੜਕ 'ਤੇ ਕੁਝ ਲੋਕਾਂ ਨਾਲ ਗੱਲਬਾਤ ਕਰ ਰਹੇ ਸਨ, ਉਦੋਂ ਮੋਟਰਸਾਈਕਲ ਸਵਾਰ ਆਏ 2-3 ਅਪਰਾਧੀਆਂ ਨੇ ਉਨ੍ਹਾਂ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ।
ਸੂਤਰਾਂ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲੋਕਾਂ ਦੇ ਸਹਿਯੋਗ ਨਾਲ ਭਾਜਪਾ ਆਗੂ ਨੂੰ ਗੰਭੀਰ ਹਾਲਤ 'ਚ ਭਾਗਲਵੁਰ ਦੇ ਜਵਾਹਰਲਾਲ ਨਹਿਰੂ ਮੈਡੀਕਲ ਕਾਲਜ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਕਤਲ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗ ਸਕਿਆ ਹੈ।
ਸੂਤਰਾਂ ਨੇ ਦੱਸਿਆ ਕਿ ਪੁਲਸ ਦੇ ਸੀਨੀਅਰ ਅਧਿਕਾਰੀਆਂ ਨੇ ਹਾਦਸੇ ਵਾਲੀ ਜਗ੍ਹਾ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਅਤੇ ਅਪਰਾਧੀਆਂ ਦੀ ਤੁਰੰਤ ਗ੍ਰਿਫ਼ਤਾਰੀ ਦੇ ਨਿਰਦੇਸ਼ ਥਾਣਾ ਮੁਖੀ ਨੂੰ ਦਿੱਤਾ। ਪੁਲਸ ਨੇ ਇਸ ਸਿਲਸਿਲੇ 'ਚ ਅਣਪਛਾਤੇ ਲੋਕਾਂ ਵਿਰੁੱਧ ਐੱਫਆਈਆਰ ਦਰਜ ਕਰ ਕੇ ਅਪਰਾਧੀਆਂ ਦੀ ਗ੍ਰਿਫ਼ਤਾਰੀ ਲਈ ਵੱਖ-ਵੱਖ ਹਿੱਸਿਆਂ 'ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਭਾਗਲਪੁਰ ਦੇ ਭਾਜਪਾ ਵਿਧਾਇਕ ਰੋਹਿਤ ਪਾਂਡੇ ਅਤੇ ਜ਼ਿਲ੍ਹਾ ਭਾਜਪਾ ਪ੍ਰਧਾਨ ਸੰਤੋਸ਼ ਕੁਮਾਰ ਨੇ ਹਾਦਸੇ ਵਾਲੀ ਜਗ੍ਹਾ ਦਾ ਦੌਰਾ ਕਰਨ ਤੋਂ ਬਾਅਦ ਮ੍ਰਿਤਕ ਭਾਜਪਾ ਆਗੂ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਇਸ ਘਟਨਾ 'ਚ ਸ਼ਾਮਲ ਅਪਰਾਧੀਆਂ ਦੀ ਜਲਦ ਗ੍ਰਿਫ਼ਤਾਰੀ ਦੀ ਮੰਗ ਪੁਲਸ ਦੇ ਸੀਨੀਅਰ ਅਧਿਕਾਰੀਆਂ ਤੋਂ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
