ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਵਿਗੜੀ, ਦਿੱਲੀ AIIMS 'ਚ ਦਾਖਲ

Thursday, Jun 27, 2024 - 02:12 AM (IST)

ਨਵੀਂ ਦਿੱਲੀ- ਭਾਜਪਾ ਦੇ ਸੀਨੀਅਰ ਨੇਤਾ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਦੀ ਸਿਹਤ ਵਿਗੜਨ 'ਤੇ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ, ਉਨ੍ਹਾਂ ਨੂੰ ਉਮਰ ਨਾਲ ਸੰਬੰਧਿਤ ਸਮੱਸਿਆ ਕਾਰਨ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਉਨ੍ਹਾਂ ਨੂੰ ਏਮਜ਼ ਦੇ ਜੇਰੀਆਟ੍ਰਿਕ ਵਿਭਾਗ (ਬਜ਼ੁਰਗਾਂ ਦਾ ਇਲਾਜ ਕਰਨ ਵਾਲਾ ਵਿਭਾਗ) ਦੇ ਡਾਕਟਰਾਂ ਦੀ ਨਿਗਰਾਨੀ 'ਚ ਰੱਖਿਆ ਗਿਆ ਹੈ। ਦਰਅਸਲ, 96 ਸਾਲਾ ਅਡਵਾਨੀ ਉਮਰ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਇਸ ਲਈ ਉਨ੍ਹਾਂ ਦਾ ਸਮੇਂ-ਸਮੇਂ 'ਤੇ ਘਰ 'ਚ ਹੀ ਚੈੱਕਅਪ ਕੀਤਾ ਜਾਂਦਾ ਹੈ। ਬੁੱਧਵਾਰ ਦੇਰ ਸ਼ਾਮ ਨੂੰ ਉਨ੍ਹਾਂ ਨੂੰ ਕੁਝ ਪਰੇਸ਼ਾਨੀ ਮਹਿਸੂਸ ਹੋਈ, ਜਿਸ ਦੇ ਤੁਰੰਤ ਬਾਅਦ ਉਨ੍ਹਾਂ ਨੂੰ ਏਮਜ਼ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਆਪਣੀ ਨਿਗਰਾਨੀ 'ਚ ਦਾਖਲ ਕਰ ਲਿਆ। 

ਜ਼ਿਕਰਯੋਗ ਹੈ ਕਿ ਅਡਵਾਨੀ ਨੂੰ ਇਸੇ ਸਾਲ ਦੇਸ਼ ਦੇ ਸਰਵਉੱਚ ਨਾਗਰਿਕ ਪੁਰਸਕਾਰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਗਿਆ। ਅਡਵਾਨੀ ਆਪਣੀ ਸਿਹਤ ਠੀਕ ਨਾ ਹੋਣ ਕਾਰਨ ਰਾਸ਼ਟਰਪਤੀ ਭਵਨ 'ਚ ਆਯੋਜਿਤ ਪ੍ਰੋਗਰਾਮ 'ਚ ਸ਼ਾਮਲ ਨਹੀਂ ਹੋ ਸਕੇ ਸਨ, ਇਸ ਲਈ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨੇ 30 ਮਾਰਚ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਜਾ ਕੇ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ। ਰਸਮੀ ਸਮਾਰੋਹ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਰੱਖਿਆ ਮੰਤਰੀ ਰਾਜਨਾਥ ਸਿੰਘ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਲਾਲ ਕ੍ਰਿਸ਼ਨ ਅਡਵਾਨੀ ਦੇ ਪਰਿਵਾਰਕ ਮੈਂਬਰ ਸ਼ਾਮਲ ਹੋਏ ਸਨ।


Rakesh

Content Editor

Related News