CM ਕੇਜਰੀਵਾਲ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਭਾਜਪਾ ਨੇਤਾਵਾਂ ਨੇ ਰਾਜਘਾਟ ''ਤੇ ਕੀਤਾ ਪ੍ਰਦਰਸ਼ਨ
Monday, Mar 13, 2023 - 03:15 PM (IST)
![CM ਕੇਜਰੀਵਾਲ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਭਾਜਪਾ ਨੇਤਾਵਾਂ ਨੇ ਰਾਜਘਾਟ ''ਤੇ ਕੀਤਾ ਪ੍ਰਦਰਸ਼ਨ](https://static.jagbani.com/multimedia/2023_3image_15_14_245803444rajghat.jpg)
ਨਵੀਂ ਦਿੱਲੀ- ਭਾਜਪਾ ਪਾਰਟੀ ਦੇ ਨੇਤਾਵਾਂ ਨੇ ਸ਼ਰਾਬ ਘਪਲੇ ਨੂੰ ਲੈ ਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਸੋਮਵਾਰ ਨੂੰ ਰਾਜਘਾਟ 'ਤੇ ਧਰਨਾ ਦਿੱਤਾ ਅਤੇ ਮੌਨ ਵਰਤ ਰੱਖਿਆ। ਭਾਜਪਾ ਦੀ ਦਿੱਲੀ ਇਕਾਈ ਦੇ ਕਾਰਜਕਾਰੀ ਪ੍ਰਧਾਨ ਵੀਰੇਂਦਰ ਸਚਦੇਵਾ, ਦਿੱਲੀ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਮਵੀਰ ਸਿੰਘ ਬਿਧੂੜੀ ਅਤੇ ਪਾਰਟੀ ਦੇ ਹੋਰ ਵਰਕਰਾਂ ਨੇ ਮਹਾਤਮਾ ਗਾਂਧੀ ਦੀ ਸਮਾਧੀ ਨੇੜੇ ਵਿਰੋਧ ਪ੍ਰਦਰਸ਼ਨ ਦੌਰਾਨ ਕੇਜਰੀਵਾਲ ਸਰਕਾਰ ਨੂੰ 'ਬੁੱਧੀ' ਮਿਲੇ, ਇਸ ਲਈ ਪਰਮਾਤਮਾ ਨੂੰ ਪ੍ਰਾਰਥਨਾ ਵੀ ਕੀਤੀ।
ਦੱਸ ਦੇਈਏ ਕਿ ਦਿੱਲੀ ਆਬਕਾਰੀ ਨੀਤੀ 2021-22 ਦੇ ਲਾਗੂ ਹੋਣ 'ਚ ਬੇਨਿਯਮੀਆਂ ਦੇ ਮਾਮਲੇ ਵਿਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਗ੍ਰਿਫ਼ਤਾਰੀ ਮਗਰੋਂ ਭਾਜਪਾ ਨੇ ਕੇਜਰੀਵਾਲ ਸਰਕਾਰ 'ਤੇ ਸ਼ਬਦੀ ਹਮਲੇ ਤੇਜ਼ ਕਰ ਦਿੱਤੇ ਹਨ। ਹਾਲਾਂਕਿ ਦਿੱਲੀ ਸਰਕਾਰ ਨੇ ਪਿਛਲੇ ਸਾਲ ਇਸ ਨੀਤੀ ਨੂੰ ਵਾਪਸ ਲੈ ਲਿਆ ਸੀ, ਜਦੋਂ ਉਪ ਰਾਜਪਾਲ ਵੀ.ਕੇ. ਸਕਸੈਨਾ ਨੇ ਆਬਕਾਰੀ ਨੀਤੀ 2021-22 ਨੂੰ ਲਾਗੂ ਕਰਨ 'ਚ ਨਿਯਮਾਂ ਦੀ ਕਥਿਤ ਉਲੰਘਣਾ ਅਤੇ ਕਮੀਆਂ ਦੀ ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਜਾਂਚ ਦੀ ਸਿਫ਼ਾਰਸ਼ ਕੀਤੀ ਸੀ।