ਭਾਜਪਾ ਦਾ ਅਕਾਲੀ ਦਲ ਨਾਲ 2024 ਤੇ 2027 ’ਚ ਕੋਈ ਸਮਝੌਤਾ ਨਹੀਂ ਹੋਵੇਗਾ : ਆਰ. ਪੀ. ਸਿੰਘ

04/25/2023 11:28:07 AM

ਨਵੀਂ ਦਿੱਲੀ- ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ. ਪੀ. ਸਿੰਘ ਨੇ ਸਪੱਸ਼ਟ ਸ਼ਬਦਾਂ ’ਚ ਕਿਹਾ ਹੈ ਕਿ ਭਾਜਪਾ ਦਾ ਅਕਾਲੀ ਦਲ ਨਾਲ 2024 ਤੇ 2027 ’ਚ ਕੋਈ ਸਮਝੌਤਾ ਨਹੀਂ ਹੋਵੇਗਾ, ਕਿਉਂਕਿ ਕੁਝ ਅਕਾਲੀ ਵਰਕਰਾਂ ਵੱਲੋਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਭਾਜਾਪਾ ਵੱਲੋਂ ਲੋਕ ਸਭਾ ਚੋਣਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹੀ ਲੜੀਆਂ ਜਾਣਗੀਆਂ ਕਿਉਂਕਿ ਦੇਸ਼ ਦੇ ਲੋਕ ਪ੍ਰਧਾਨ ਮੰਤਰੀ ਮੋਦੀ ਦੀਆਂ ਨੀਤੀਆਂ ਤੋਂ ਬੇਹੱਦ ਖੁਸ਼ ਹਨ।

ਉਨ੍ਹਾਂ ਕਿਹਾ ਕਿ ਭਾਜਪਾ ਆਪਣੇ ਬਲਬੂਤੇ ’ਤੇ ਪਹਿਲਾਂ 2024 ਅਤੇ ਫਿਰ 2027 ’ਚ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ। ਭਾਜਪਾ ਬੁਲਾਰੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਿੱਖ ਭਾਈਚਾਰੇ ਨਾਲ ਬਹੁਤ ਚੰਗੇ ਸਬੰਧ ਹਨ। ਪ੍ਰਧਾਨ ਮੰਤਰੀ ਮੋਦੀ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ ’ਚ ਰੱਖਦਿਆਂ ਪਹਿਲਾਂ ਕਰਤਾਰਪੁਰ ਸਾਹਿਬ ਕਾਰੀਡੋਰ ਖੋਲ੍ਹਿਆ ਅਤੇ ਉਸ ਤੋਂ ਬਾਅਦ ਵੀਰ ਬਾਲ ਦਿਵਸ ਵਰਗੇ ਸਮਾਰੋਹ ਆਯੋਜਿਤ ਕੀਤੇ।

ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪ੍ਰਧਾਨ ਮੰਤਰੀ ਉਜਵਲਾ ਯੋਜਨਾ ਅਤੇ ਦਲਿਤਾਂ ਲਈ ਮਕਾਨ ਬਣਾਉਣ ਵਾਲੀਆਂ ਸਕੀਮਾਂ ਜਨਤਾ ਨੂੰ ਕਾਫੀ ਪ੍ਰਭਾਵਿਤ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ਼ਹਿਰੀ ਪੰਜਾਬੀ ਵੋਟਰ ਪਹਿਲਾਂ ਹੀ ਭਾਜਪਾ ਨਾਲ ਹੈ ਅਤੇ ਹੁਣ ਉਹ ਹੋਰ ਵੀ ਭਾਜਪਾ ਦੇ ਨੇੜੇ ਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ’ਚ ਖਰਾਬ ਕਾਨੂੰਨ-ਵਿਵਸਥਾ ਕਾਰਨ ਲੋਕ ਡਰੇ ਹੋਏ ਹਨ ਅਤੇ ਉਹ ਭਾਜਪਾ ਨੂੰ ਮਜ਼ਬੂਤੀ ਦੇਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਸੁਰੱਖਿਆ ਦੇ ਮਾਮਲਿਆਂ ਨੂੰ ਲੈ ਕੇ ਜਨਤਾ ਭਰੋਸਾ ਕਰਦੀ ਹੈ ਅਤੇ ਇਸ ਵਾਰਡ ਜਲੰਧਰ ’ਚ ਹੋਣ ਜਾ ਰਹੀ ਲੋਕ ਸਭਾ ਸੀਟ ਦੀ ਉਪ ਚੋਣ ਦੇ ਨਤੀਜੇ ਭਾਜਪਾ ਲਈ 2024 ’ਚ ਇਕ ਨਵਾਂ ਰਾਹ ਖੋਲ੍ਹ ਦੇਵੇਗਾ।

ਉਨ੍ਹਾਂ ਕਿਹਾ ਕਿ 2027 ’ਚ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ ਭਾਜਪਾ ਆਪਣੇ ਦਮ ’ਤੇ ਲੜੇਗੀ। ਭਾਜਪਾ ਬੁਲਾਰੇ ਨੇ ਕਿਹਾ ਕਿ ਪੰਜਾਬ ’ਚ ਭਾਜਪਾ ਦੀ ਯੋਗ ਲੀਡਰਸ਼ਿਪ ਇਕਜੁੱਟ ਹੋ ਕੇ ਕੰਮ ਕਰ ਰਹੀ ਹੈ ਅਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਭਾਜਪਾ ਲਈ ਮੈਦਾਨ ’ਚ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉਹ ਖੁਦ ਅਤੇ ਸ਼ਾਹਕੋਟ ਵਰਗੇ ਦਿਹਾਤੀ ਪੇਂਡੂ ਖੇਤਰਾਂ ਦਾ ਦੌਰਾ ਕਰ ਕੇ ਆਈ ਅਤੇ ਉੱਥੇ ਵੀ ਸਿੱਖ ਭਾਈਚਾਰੇ ਦੇ ਲੋਕਾਂ ਨੇ ਭਾਜਪਾ ਨੂੰ ਭਰਵਾਂ ਸਮਰਥਨ ਦਿੱਤਾ ਹੈ, ਜਿਸ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਦਾ ਭਵਿੱਖ ਪੰਜਾਬ ’ਚ ਬਹੁਤ ਬਿਹਤਰ ਹੈ।


Rakesh

Content Editor

Related News