ਵੱਡਾ ਹਾਦਸਾ: ਬੱਸ ਨੇ ਆਟੋ ਨੂੰ ਮਾਰੀ ਟੱਕਰ, 7 ਮਜ਼ਦੂਰਾਂ ਦੀ ਮੌਤ ਤੇ 6 ਜ਼ਖਮੀ
Saturday, Nov 23, 2024 - 11:27 PM (IST)
ਅਨੰਤਪੁਰ - ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਇੱਕ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਏ.ਪੀ.ਐੱਸ.ਆਰ.ਟੀ.ਸੀ.) ਦੀ ਬੱਸ ਨੇ ਖੇਤ ਮਜ਼ਦੂਰਾਂ ਨੂੰ ਲਿਜਾ ਰਹੇ ਇੱਕ ਆਟੋ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ 'ਚ 7 ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਗੰਭੀਰ ਜ਼ਖਮੀ ਹੋ ਗਏ।
ਇਹ ਘਟਨਾ ਅਨੰਤਪੁਰ ਜ਼ਿਲ੍ਹੇ ਦੇ ਗਾਰਲਾਦੀਨੇ ਮੰਡਲ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਦੀ ਟੱਕਰ ਤੋਂ ਬਾਅਦ ਦੋ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਦੋ ਹੋਰਾਂ ਨੇ ਹਸਪਤਾਲ ਲਿਜਾਂਦੇ ਸਮੇਂ ਰਸਤੇ 'ਚ ਦਮ ਤੋੜ ਦਿੱਤਾ ਅਤੇ ਤਿੰਨ ਹੋਰਾਂ ਦੀ ਇਲਾਜ ਦੌਰਾਨ ਮੌਤ ਹੋ ਗਈ।
ਪੁਲਸ ਨੇ ਦੱਸਿਆ ਕਿ ਜ਼ਿਲ੍ਹੇ ਦੇ ਕੁਟਲੂਰ ਮੰਡਲ ਦੇ ਨੇਲੂਤਲਾ ਪਿੰਡ ਦੇ 12 ਖੇਤ ਮਜ਼ਦੂਰ ਕੰਮ ਲਈ ਇਕ ਆਟੋ 'ਚ ਗਾਰਲਾਦੀਨ ਆਏ ਸਨ। ਕੰਮ ਤੋਂ ਪਰਤਦੇ ਸਮੇਂ ਸਾਹਮਣੇ ਤੋਂ ਆ ਰਹੀ ਇੱਕ ਆਰ.ਟੀ.ਸੀ. ਬੱਸ ਨੇ ਆਟੋ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਜ਼ਖਮੀ ਮਜ਼ਦੂਰਾਂ ਨੂੰ ਅਨੰਤਪੁਰ ਦੇ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ।
ਪੁਲਸ ਮੁਤਾਬਕ ਮ੍ਰਿਤਕਾਂ ਦੀ ਪਛਾਣ ਕਰ ਲਈ ਗਈ ਹੈ। ਇਸ ਦੌਰਾਨ ਐਸ.ਪੀ. ਜਗਦੀਸ਼ ਅਤੇ ਡੀ.ਐਸ.ਪੀ. ਵੈਂਕਟੇਸ਼ਵਰਲੂ ਨੇ ਘਟਨਾ ਵਾਲੀ ਥਾਂ ਦਾ ਮੁਆਇਨਾ ਕੀਤਾ। ਪੁਲਸ ਨੇ ਆਰ.ਟੀ.ਸੀ. ਡਰਾਈਵਰ ਨੂੰ ਹਿਰਾਸਤ ਵਿੱਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਕੁਲੈਕਟਰ ਵਿਨੋਦ ਕੁਮਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।
ਸੀ.ਐਮ. ਚੰਦਰਬਾਬੂ ਨੇ ਹਾਦਸੇ 'ਤੇ ਜਤਾਇਆ ਦੁੱਖ
ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐਨ ਚੰਦਰਬਾਬੂ ਨਾਇਡੂ ਨੇ ਇਸ ਦਰਦਨਾਕ ਸੜਕ ਹਾਦਸੇ ਵਿੱਚ ਸੱਤ ਲੋਕਾਂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨਾਇਡੂ ਨੇ ਭਰੋਸਾ ਦਿੱਤਾ ਕਿ ਸਰਕਾਰ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਕਰੇਗੀ। ਉਨ੍ਹਾਂ ਹਰੇਕ ਮ੍ਰਿਤਕ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਸੀਐਮ ਨਾਡੂ ਨੇ ਸਥਾਨਕ ਅਧਿਕਾਰੀਆਂ ਨਾਲ ਗੱਲ ਕੀਤੀ ਅਤੇ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ।