ਵੋਟਾਂ ਦੀ ਵੰਡ ਨਾ ਕਰਾਉਣ ਤੋਂ ਇਹ ਸਪੱਸ਼ਟ ਹੋ ਗਿਆ ਕਿ ਸਰਕਾਰ ਕੋਲ ਲੋੜੀਂਦੀ ਗਿਣਤੀ ਨਹੀਂ : ਟੀ. ਐੱਮ. ਸੀ.
Wednesday, Jun 26, 2024 - 07:59 PM (IST)
ਨਵੀਂ ਦਿੱਲੀ, (ਭਾਸ਼ਾ)- ਤ੍ਰਿਣਮੂਲ ਕਾਂਗਰਸ (ਟੀ. ਐੱਮ. ਸੀ.) ਦੇ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਨੇ ਕਿਹਾ ਹੈ ਕਿ ਪ੍ਰੋਟੈਮ ਸਪੀਕਰ ਭਰਤਰਿਹਰੀ ਮਹਿਤਾਬ ਨੇ ਵਿਰੋਧੀ ਧਿਰ ਦੇ ਕਈ ਸੰਸਦ ਮੈਂਬਰਾਂ ਦੀ ਮੰਗ ਦੇ ਬਾਵਜੂਦ ਲੋਕ ਸਭਾ ਦੇ ਸਪੀਕਰ ਦੀ ਚੋਣ ’ਚ ਵੋਟਾਂ ਦੀ ਵੰਡ ਕਰਾਉਣ ਦੀ ਇਜਾਜ਼ਤ ਨਹੀਂ ਦਿੱਤੀ ਜੋ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਕੋਲ ਲੋੜੀਂਦੀ ਗਿਣਤੀ ਨਹੀਂ ਹੈ।
ਬੈਨਰਜੀ ਨੇ ਬੁੱਧਵਾਰ ਸੰਸਦ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਿਯਮਾਂ ਮੁਤਾਬਕ ਜੇ ਇਕ ਵੀ ਮੈਂਬਰ ਵੋਟਾਂ ਦੀ ਵੰਡ ਦੀ ਮੰਗ ਕਰਦਾ ਹੈ ਤਾਂ ਅਜਿਹਾ ਕਰਨਾ ਜ਼ਰੂਰੀ ਹੈ।
ਦੇਸ਼ ਵਾਸੀ ਲੋਕ ਸਭਾ ਦੀ ਫੁਟੇਜ ’ਚ ਸਾਫ਼-ਸਾਫ਼ ਵੇਖ ਤੇ ਸੁਣ ਸਕਦੇ ਹਨ ਕਿ ਵਿਰੋਧੀ ਧਿਰ ਦੇ ਕਈ ਮੈਂਬਰਾਂ ਨੇ ਵੋਟਾਂ ਦੀ ਵੰਡ ਦੀ ਮੰਗ ਕੀਤੀ।
ਉਨ੍ਹਾਂ ਦਾਅਵਾ ਕੀਤਾ ਕਿ ਪ੍ਰਸਤਾਵ ਨੂੰ ਵੋਟਿੰਗ ਤੋਂ ਬਿਨਾਂ ਹੀ ਪ੍ਰਵਾਨ ਕਰ ਲਿਆ ਗਿਆ। ਇਹ ਇਸ ਗੱਲ ਦਾ ਪ੍ਰਤੱਖ ਸਬੂਤ ਹੈ ਕਿ ਸੱਤਾਧਾਰੀ ਪਾਰਟੀ ਭਾਜਪਾ ਕੋਲ ਲੋੜੀਂਦੀ ਗਿਣਤੀ ਨਹੀਂ ਹੈ। ਇਹ ਸਰਕਾਰ ਲੋ਼ੜੀਂਦੀ ਗਿਣਤੀ ਤੋਂ ਬਿਨਾਂ ਹੀ ਚੱਲ ਰਹੀ ਹੈ।