CBI ਵਿਵਾਦ- ਸੁਪਰੀਮ ਕੋਰਟ ਦੇ ਫੈਸਲੇ ਨਾਲ ਪੀ. ਐੱਮ. ਦਾ ਦੋਸ਼ ਸਾਬਤ ਹੋਇਆ

Tuesday, Jan 08, 2019 - 05:46 PM (IST)

ਨਵੀਂ ਦਿੱਲੀ (ਭਾਸ਼ਾ)— ਸੀ. ਬੀ. ਆਈ. ਦੇ ਨਿਰਦੇਸ਼ਕ ਅਲੋਕ ਕੁਮਾਰ ਵਰਮਾ ਨੂੰ ਬਹਾਲ ਕਰਨ ਦੇ ਸੁਪਰੀਮ ਕੋਰਟ ਦੇ ਹੁਕਮ ਤੋਂ ਬਾਅਦ ਕਾਂਗਰਸ ਸਮੇਤ ਵਿਰੋਧੀ ਧਿਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ ਹੈ। ਕਾਂਗਰਸ ਨੇ ਕਿਹਾ ਕਿ ਨਰਿੰਦਰ ਮੋਦੀ ਅਜਿਹੇ ਪਹਿਲੇ ਪ੍ਰਧਾਨ ਮੰਤਰੀ ਹਨ, ਜਿਨ੍ਹਾਂ ਦੇ ਗੈਰ-ਕਾਨੂੰਨੀ ਹੁਕਮਾਂ ਨੂੰ ਸੁਪਰੀਮ ਕੋਰਟ ਨੇ ਖਾਰਜ ਕੀਤਾ ਹੈ। ਕਾਂਗਰਸ ਨਾਲ ਦੂਜੇ ਸਿਆਸੀ ਦਲਾਂ ਨੇ ਵੀ ਸੁਪਰੀਮ ਕੋਰਟ ਦੇ ਹੁਕਮ ਨੂੰ ਸਰਕਾਰ ਲਈ ਵੱਡਾ ਝਟਕਾ ਕਰਾਰ ਦਿੱਤਾ। ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੂਰਜੇਵਾਲਾ ਨੇ ਕਿਹਾ, ''ਪ੍ਰਧਾਨ ਮੰਤਰੀ ਸੀ. ਬੀ. ਆਈ. ਨੂੰ ਤਬਾਹ ਕਰਨ ਦੇ ਮਾਮਲੇ ਵਿਚ ਸੁਪਰੀਮ ਕੋਰਟ ਦੇ ਸਾਹਮਣੇ ਬੇਨਕਾਬ ਹੋਣ ਵਾਲੇ ਪਹਿਲੇ ਪ੍ਰਧਾਨ ਮੰਤਰੀ ਬਣ ਗਏ ਹਨ। ਮੋਦੀ ਹੁਣ ਅਜਿਹੇ ਪ੍ਰਧਾਨ ਮੰਤਰੀ ਬਣ ਗਏ ਹਨ, ਜਿਨ੍ਹਾਂ ਦੇ ਗੈਰ-ਕਾਨੂੰਨੀ ਹੁਕਮਾਂ ਨੂੰ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਉਨ੍ਹਾਂ ਨੇ ਮੋਦੀ ਨੂੰ ਇਹ ਗੱਲ ਯਾਦ ਰੱਖਣ ਲਈ ਕਿਹਾ ਕਿ ਸਰਕਾਰਾਂ ਆਉਂਦੀਆਂ-ਜਾਂਦੀਆਂ ਰਹਿਣਗੀਆਂ ਪਰ ਸੰਸਥਾਵਾਂ ਦੀ ਅਖੰਡਤਾ ਹਮੇਸ਼ਾ ਕਾਇਮ ਰਹਿੰਦੀ ਹੈ। 

ਸੂਰਜੇਵਾਲਾ ਨੇ ਟਵੀਟ ਕੀਤਾ, ''ਇਹ ਤੁਹਾਡੇ ਲਈ ਸਾਡੇ ਲੋਕਤੰਤਰ ਅਤੇ ਸੰਵਿਧਾਨ ਦੀ ਮਜ਼ਬੂਤੀ ਬਾਰੇ ਇਕ ਸਬਕ ਹੈ। ਸੂਰਜੇਵਾਲਾ ਨੇ ਪ੍ਰਧਾਨ ਮੰਤਰੀ ਨੂੰ ਲੋਕਤੰਤਰੀ ਸੰਸਥਾਵਾਂ ਨੂੰ ਕੁਚਲਣ ਵਾਲਾ ਕਰਾਰ ਦਿੱਤਾ। ਕਾਂਗਰਸ ਦੇ ਨੇਤਾ ਮਲਿਕਾ ਅਰਜੁਨ ਖੜਗੇ ਨੇ ਵੀ ਅਦਾਲਤ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਨੇ ਸੰਸਦ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅੱਜ ਤੁਸੀਂ ਲੋਕਾਂ 'ਤੇ ਦਬਾਅ ਬਣਾਉਣ ਲਈ ਇਨ੍ਹਾਂ ਏਜੰਸੀਆਂ ਦੀ ਵਰਤੋਂ ਕਰੋਗੇ ਤਾਂ ਕੱਲ ਕੋਈ ਹੋਰ ਅਜਿਹਾ ਕਰੇਗਾ। ਅਜਿਹੇ ਵਿਚ ਲੋਕਤੰਤਰ ਦਾ ਕੀ ਹੋਵੇਗਾ? ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਹੁਕਮ ਇਸ ਮਾਮਲੇ ਵਿਚ ਮੋਦੀ ਨੂੰ ਸਿੱਧੇ ਦੋਸ਼ੀ ਠਹਿਰਾਉਂਦਾ ਹੈ।


Tanu

Content Editor

Related News