ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਪਹਿਲਾਂ ਪਾਕਿ ਦੀ ਨਾਪਾਕ ਹਰਕਤ, ਇਕ ਜਵਾਨ ਸ਼ਹੀਦ

11/08/2019 12:40:22 PM

ਪੁੰਛ— ਕਰਤਾਰਪੁਰ ਲਾਂਘੇ ਦੇ ਉਦਘਾਟਨ ਤੋਂ ਪਹਿਲਾਂ ਵੀ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਪਾਕਿਸਤਾਨ ਨੇ ਸ਼ੁੱਕਰਵਾਰ ਨੂੰ ਜੰਗਬੰਦੀ ਦਾ ਫਿਰ ਤੋਂ ਉਲੰਘਣ ਕਰਦੇ ਹੋਏ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲੇ ਵਿਚ ਕੰਟਰੋਲ ਰੇਖਾ 'ਤੇ ਗੋਲੀਬਾਰੀ ਕੀਤੀ, ਜਿਸ ਵਿਚ ਭਾਰਤੀ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ। ਰੱਖਿਆ ਬੁਲਾਰੇ ਨੇ ਦੱਸਿਆ ਕਿ ਸ਼ੁੱਕਰਵਾਰ ਤੜਕੇ ਪਾਕਿਸਤਾਨ ਵਲੋਂ ਕੀਤੀ ਗਈ ਜੰਗਬੰਦੀ ਉਲੰਘਣਾ ਦੌਰਾਨ ਇਕ ਜਵਾਨ ਸ਼ਹੀਦ ਹੋ ਗਿਆ। ਉਨ੍ਹਾਂ ਨੇ ਦੱਸਿਆ ਕਿ ਪਾਕਿਸਤਾਨ ਨੇ ਬਿਨਾਂ ਕਿਸੇ ਉਕਸਾਵੇ ਦੇ ਅੱਜ ਤੜਕਸਾਰ ਕਰੀਬ 2.30 ਵਜੇ ਪੁੰਛ ਜ਼ਿਲੇ ਦੇ ਕ੍ਰਿਸ਼ਣਾ ਘਾਟੀ ਸੈਕਟਰ 'ਚ ਕੰਟਰੋਲ ਰੇਖਾ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਭਾਰਤੀ ਫੌਜ ਨੇ ਵੀ ਜਵਾਬੀ ਕਾਰਵਾਈ ਕੀਤੀ ਅਤੇ ਇਸ ਦੌਰਾਨ ਇਕ ਜਵਾਨ ਸ਼ਹੀਦ ਹੋ ਗਿਆ। 

ਪਾਕਿਸਤਾਨ ਸਰਹੱਦ ਪਾਰ ਲਗਾਤਾਰ ਨਾਪਾਕ ਹਰਕਤਾਂ ਕਰ ਰਿਹਾ ਹੈ। 5 ਅਗਸਤ ਨੂੰ ਜੰਮੂ-ਕਸ਼ਮੀਰ ਤੋਂ ਧਾਰਾ-370 ਹਟਾਏ ਜਾਣ ਤੋਂ ਬਾਅਦ ਪਾਕਿਸਤਾਨ ਵਲੋਂ ਅਕਸਰ ਗੋਲੀਬਾਰੀ ਹੁੰਦੀ ਰਹਿੰਦੀ ਹੈ। ਦੱਸਣਯੋਗ ਹੈ ਕਿ ਪਾਕਿਸਤਾਨ ਵਲੋਂ ਭਾਰਤ ਦੇ ਲੋਕਾਂ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਵਿਚ ਸ਼ਾਮਲ ਹੋਣ ਲਈ ਸੱਦਾ ਦੇ ਰਿਹਾ ਹੈ, ਉੱਥੇ ਹੀ ਦੂਜੇ ਪਾਸੇ ਸਰਹੱਦ ਪਾਰ ਤੋਂ ਨਾਪਾਕ ਹਰਕਤਾਂ ਰੋਕਣਾ ਬੰਦ ਨਹੀਂ ਕਰ ਰਿਹਾ ਹੈ। ਕਰਤਾਰਪੁਰ ਲਾਂਘੇ ਦਾ ਉਦਘਾਟਨ 9 ਨਵੰਬਰ ਯਾਨੀ ਕਿ ਕੱਲ ਹੋਵੇਗਾ ਜਿਸ ਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤਾ ਜਾਵੇਗਾ।


Tanu

Content Editor

Related News