SC ਤੋਂ ਕੇਜਰੀਵਾਲ ਨੂੰ ਜ਼ਮਾਨਤ, ''ਆਪ'' ''ਚ ਜਸ਼ਨ ਦਾ ਮਾਹੌਲ
Friday, Sep 13, 2024 - 03:04 PM (IST)
ਨਵੀਂ ਦਿੱਲੀ- ਸੁਪਰੀਮ ਕੋਰਟ ਵਲੋਂ ਸ਼ੁੱਕਰਵਾਰ ਨੂੰ ਆਬਕਾਰੀ ਨੀਤੀ 'ਘਪਲੇ' ਨਾਲ ਜੁੜੇ ਇਕ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਜ਼ਮਾਨਤ ਦਿੱਤੇ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਦੇ ਮੁੱਖ ਦਫਤਰ ਦੇ ਬਾਹਰ ਜਸ਼ਨ ਮਨਾਏ ਜਾ ਰਹੇ ਹਨ। ‘ਆਪ’ ਆਗੂਆਂ ਅਤੇ ਵਰਕਰਾਂ ਨੇ ਹੈੱਡਕੁਆਰਟਰ ਦੇ ਬਾਹਰ ਮਠਿਆਈਆਂ ਵੰਡੀਆਂ ਅਤੇ ਪਟਾਕੇ ਚਲਾਏ। ‘ਆਪ’ ਆਗੂ ਮਨੀਸ਼ ਸਿਸੋਦੀਆ ਦੇ ਘਰ ਦੇ ਬਾਹਰ ਵੀ ਮਠਿਆਈਆਂ ਵੰਡੀਆਂ ਗਈਆਂ। ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਮਠਿਆਈ ਵੰਡਦੇ ਹੋਏ ਨਜ਼ਰ ਆਏ।
ਸੁਪਰੀਮ ਕੋਰਟ ਵੱਲੋਂ ਕੇਜਰੀਵਾਲ ਨੂੰ ਜ਼ਮਾਨਤ ਦਿੱਤੇ ਜਾਣ ਤੋਂ ਤੁਰੰਤ ਬਾਅਦ 'ਆਪ' ਆਗੂ ਅਤੇ ਵਰਕਰ ਪਾਰਟੀ ਹੈੱਡਕੁਆਰਟਰ ਦੇ ਬਾਹਰ ਇਕੱਠੇ ਹੋ ਗਏ ਅਤੇ ਜਸ਼ਨ ਮਨਾਉਣ ਲੱਗੇ। ਸੁਪਰੀਮ ਕੋਰਟ ਨੇ ਆਬਕਾਰੀ ਨੀਤੀ ‘ਘਪਲੇ’ ਦੇ ਸਬੰਧ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਦਰਜ ਕੀਤੇ ਮਨੀ ਲਾਂਡਰਿੰਗ ਮਾਮਲੇ ਵਿਚ ਪਹਿਲਾਂ ਹੀ ਕੇਜਰੀਵਾਲ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ।
ਸੁਪਰੀਮ ਕੋਰਟ ਦੇ ਜਸਟਿਸ ਸੂਰਿਆਕਾਂਤ ਅਤੇ ਜਸਟਿਸ ਉੱਜਵਲ ਭੁਈਆਂ ਦੀ ਬੈਂਚ ਨੇ ਸ਼ਰਤਾਂ ਅਤੇ 10 ਲੱਖ ਦੇ ਨਿੱਜੀ ਮੁਚਲਕੇ 'ਤੇ ਕੇਜਰੀਵਾਲ ਨੂੰ ਜ਼ਮਾਨਤ ਦਿੱਤੀ ਹੈ। ਕੇਜਰੀਵਾਲ ਨੂੰ ਜ਼ਮਾਨਤ ਮਿਲਣ ਮਗਰੋਂ ਆਮ ਆਦਮੀ ਪਾਰਟੀ ਦੇ ਨੇਤਾਵਾਂ 'ਚ ਖੁਸ਼ੀ ਦਾ ਮਾਹੌਲ ਹੈ। ਤਿਹਾੜ ਜੇਲ੍ਹ ਵਿਚ ਬੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਨੇ 156 ਦਿਨਾਂ ਬਾਅਦ ਜ਼ਮਾਨਤ ਦਿੱਤੀ ਹੈ।