ਪ੍ਰੈੱਸ ਕਾਨਫਰੰਸ 'ਚ ਬੋਲੇ ਕਿਸਾਨ ਆਗੂ- ਵਿਸ਼ੇਸ਼ ਸੈਸ਼ਨ ਬੁਲਾ ਕੇ ਕਾਨੂੰਨਾਂ ਨੂੰ ਰੱਦ ਕਰੇ ਸਰਕਾਰ

Wednesday, Dec 02, 2020 - 05:48 PM (IST)

ਨਵੀਂ ਦਿੱਲੀ— 3 ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਦਾ ਧਰਨਾ ਪ੍ਰਦਰਸ਼ਨ ਦਿੱਲੀ ਦੀਆਂ ਸਰਹੱਦਾਂ 'ਤੇ ਜਾਰੀ ਹੈ। ਦਿੱਲੀ-ਰਹਿਆਣਾ ਦੇ ਸਿੰਘੂ ਬਾਰਡਰ 'ਤੇ ਡਟੇ ਕਿਸਾਨਾਂ ਜਥੇਬੰਦੀਆਂ ਨੇ ਅੱਜ ਪ੍ਰੈੱਸ ਕਾਨਫਰੰਸ ਕੀਤੀ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਰਕਾਰ ਨੇ ਸਾਡੀਆਂ ਮੰਗਾਂ ਨਹੀਂ ਮੰਨੀਆਂ ਤਾਂ ਉਹ ਅੰਦੋਲਨ ਜਾਰੀ ਰੱਖਣਗੇ। ਕਿਸਾਨ ਜਥੇਬੰਦੀਆਂ ਦੇ ਇਕ ਆਗੂ ਦਰਸ਼ਨ ਪਾਲ ਨੇ ਕਿਹਾ ਕਿ ਸਰਕਾਰ ਵਿਸ਼ੇਸ਼ ਸੈਸ਼ਨ ਬੁਲਾ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰੇ। ਅਸੀਂ ਖੇਤੀ ਕਾਨੂੰਨਾਂ ਦੀਆਂ ਖਾਮੀਆਂ ਲਿਖਤੀ ਰੂਪ 'ਚ ਦੱਸਾਂਗੇ। ਦਰਅਸਲ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਪ੍ਰਧਾਨ ਦਰਸ਼ਨ ਪਾਲ ਕਿਸਾਨ ਜਥੇਬੰਦੀਆਂ ਦੀ ਪ੍ਰੈੱਸ ਕਾਨਫਰੰਸ 'ਚ ਬੋਲ ਰਹੇ ਸਨ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਕਿਸਾਨ, ਕੱਲ ਮੁੜ ਹੋਵੇਗੀ ਕੇਂਦਰ ਨਾਲ ਗੱਲਬਾਤ

ਦਰਸ਼ਨ ਪਾਲ ਨੇ ਕਿਹਾ ਕਿ ਬੀਤੇ ਕੱਲ੍ਹ ਹੋਈ ਬੈਠਕ 'ਚ ਸਰਕਾਰ ਨੇ ਇਕ ਕਮੇਟੀ ਦੇ ਗਠਨ ਦੀ ਪੇਸ਼ਕਸ਼ ਕੀਤੀ ਸੀ, ਜਿਸ ਨੂੰ ਅਸੀਂ ਠੁਕਰਾ ਦਿੱਤਾ। ਉਨ੍ਹਾਂ ਕਿਹਾ ਕਿ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਨ ਵਾਲੀ ਅਤੇ ਕਮੇਟੀ ਦੇ ਗਠਨ ਦੇ ਨਾਮ 'ਤੇ ਮਸਲੇ ਨੂੰ ਖਿੱਚਣਾ ਚਾਹੁੰਦੀ ਹੈ, ਜਿਸ ਕਾਰਨ ਅਸੀਂ ਕਮੇਟੀ ਦੇ ਗਠਨ 'ਤੇ ਇਤਰਾਜ਼ ਜਤਾਇਆ। ਕੇਂਦਰ ਸਰਕਾਰ ਕਿਸਾਨ ਜਥੇਬੰਦੀਆਂ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਹੈ।

ਇਹ ਵੀ ਪੜ੍ਹੋ: ਕਿਸਾਨਾਂ ਦੇ ਫ਼ੌਲਾਦੀ ਹੌਂਸਲੇ, ਘਰ-ਬਾਰ ਦੀ ਫ਼ਿਕਰ ਲਾਹ, ਸੜਕਾਂ 'ਤੇ ਲਾਏ ਡੇਰੇ (ਤਸਵੀਰਾਂ)

ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਮੁੱਦਿਆਂ 'ਤੇ ਸਲਾਹ-ਮਸ਼ਵਰੇ ਲਈ ਕੇਂਦਰ ਨੇ ਇਕ ਕਮੇਟੀ ਬਣਾਉਣ ਦੀ ਪੇਸ਼ਕਸ਼ ਕੀਤੀ ਸੀ, ਜਿਸ ਨੂੰ ਕਿਸਾਨ ਜਥੇਬੰਦੀਆਂ ਨੇ ਠੁਕਰਾ ਦਿੱਤਾ। ਦੋਵੇਂ ਪੱਖ ਵੀਰਵਾਰ ਯਾਨੀ ਕਿ 3 ਦਸੰਬਰ ਨੂੰ ਮੁੜ ਬੈਠਕ ਕਰਨਗੇ। ਸਰਕਾਰ ਵਲੋਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਖਾਰਜ ਕਰ ਦਿੱਤਾ ਗਿਆ। ਇਸ ਲਈ ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਦੇਸ਼ ਭਰ 'ਚ ਅੰਦੋਲਨ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ: ਦਿੱਲੀ ਦੀਆਂ ਸਰਹੱਦਾਂ 'ਤੇ ਕਿਸਾਨਾਂ ਦੇ ਡੇਰੇ, ਟ੍ਰੈਫਿਕ ਪੁਲਸ ਨੇ ਜਾਰੀ ਕੀਤੀ ਐਡਵਾਇਜ਼ਰੀ

ਨੋਟ: ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਅੜੀਆਂ ਕਿਸਾਨ ਜਥੇਬੰਦੀਆਂ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਇ


Tanu

Content Editor

Related News