ਹਵਾਰਾ ਨੇ ਤਿਹਾੜ ਤੋਂ ਪੰਜਾਬ ਦੀ ਜੇਲ ’ਚ ਤਬਦੀਲ ਕਰਨ ਦੀ ਕੀਤੀ ਅਪੀਲ

Friday, Sep 27, 2024 - 11:40 PM (IST)

ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਬੱਬਰ ਖਾਲਸਾ ਦੇ ਅੱਤਵਾਦੀ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ’ਤੇ ਕੇਂਦਰ ਅਤੇ ਹੋਰਾਂ ਤੋਂ ਜਵਾਬ ਮੰਗਿਆ ਹੈ। ਹਵਾਰਾ 1995 ਵਿਚ ਪੰਜਾਬ ਦੇ ਤਤਕਾਲੀ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਹਵਾਰਾ ਨੇ ਆਪਣੇ ਆਪ ਨੂੰ ਦਿੱਲੀ ਦੀ ਤਿਹਾੜ ਜੇਲ ਤੋਂ ਪੰਜਾਬ ਦੀ ਕਿਸੇ ਜੇਲ ਵਿਚ ਤਬਦੀਲ ਕਰਨ ਦੀ ਅਪੀਲ ਕੀਤੀ ਹੈ।

ਜਸਟਿਸ ਬੀ. ਆਰ. ਗਵਈ ਅਤੇ ਜਸਟਿਸ ਕੇ. ਵੀ. ਵਿਸ਼ਵਨਾਥਨ ਦੀ ਬੈਂਚ ਨੇ ਹਵਾਰਾ ਦੀ ਪਟੀਸ਼ਨ ’ਤੇ ਕੇਂਦਰ, ਦਿੱਲੀ ਅਤੇ ਪੰਜਾਬ ਸਰਕਾਰਾਂ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਹਵਾਰਾ 31 ਅਗਸਤ, 1995 ਨੂੰ ਚੰਡੀਗੜ੍ਹ ਦੇ ਸਿਵਲ ਸਕੱਤਰੇਤ ਦੇ ਮੁੱਖ ਗੇਟ ’ਤੇ ਹੋਏ ਬੰਬ ਧਮਾਕੇ ’ਚ ਸਿੰਘ ਦੀ ਹੱਤਿਆ ਦੇ ਮਾਮਲੇ ’ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।

ਸੁਪਰੀਮ ਕੋਰਟ ਵਿਚ ਦਾਇਰ ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਹਵਾਰਾ ਦਾ ਜੇਲ ਵਿਚ ਵਿਵਹਾਰ ਚੰਗਾ ਰਿਹਾ ਹੈ, ਇਕ ਕਥਿਤ ਘਟਨਾ ਨੂੰ ਛੱਡ ਕੇ ਜਿਸ ਵਿਚ ਉਹ 22 ਜਨਵਰੀ, 2004 ਨੂੰ ਜੇਲ ਵਿਚ ਸੁਰੰਗ ਪੁੱਟ ਕੇ ਫਰਾਰ ਹੋ ਗਿਆ ਸੀ ਅਤੇ ਬਾਅਦ ਵਿਚ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਬੈਂਚ ਨੇ ਉਸ ਦੀ ਪਟੀਸ਼ਨ ’ਤੇ ਨੋਟਿਸ ਜਾਰੀ ਕੀਤਾ ਅਤੇ 4 ਹਫ਼ਤਿਆਂ ਬਾਅਦ ਸੁਣਵਾਈ ਲਈ ਨਿਰਧਾਰਤ ਕੀਤਾ ਹੈ।


Rakesh

Content Editor

Related News