ਵਿੱਤੀ ਮਦਦ ਤੇ ਹੋਰਨਾਂ ਸਾਧਨਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕਰਨਾ ਜ਼ਰੂਰੀ : ਸ਼ਿਵਰਾਜ

Tuesday, Oct 07, 2025 - 11:22 PM (IST)

ਵਿੱਤੀ ਮਦਦ ਤੇ ਹੋਰਨਾਂ ਸਾਧਨਾਂ ਰਾਹੀਂ ਕਿਸਾਨਾਂ ਨੂੰ ਜਾਗਰੂਕ ਕਰਨਾ ਜ਼ਰੂਰੀ : ਸ਼ਿਵਰਾਜ

ਨਵੀਂ ਦਿੱਲੀ, (ਭਾਸ਼ਾ)- ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਹੈ ਕਿ ਸੂਬਿਆਂ ’ਚ ਪਰਾਲੀ ਪ੍ਰਬੰਧਨ ਬਾਰੇ ਚੰਗਾ ਕੰਮ ਕੀਤਾ ਜਾ ਰਿਹਾ ਹੈ ਪਰ ਲਗਾਤਾਰ ਯਤਨਾਂ ਦੀ ਲੋੜ ਹੈ। ਕਿਸਾਨਾਂ ਨੂੰ ਵਿੱਤੀ ਮਦਦ ਅਤੇ ਹੋਰ ਸਾਧਨਾਂ ਰਾਹੀਂ ਜਾਗਰੂਕ ਕਰਨਾ ਬਹੁਤ ਜ਼ਰੂਰੀ ਹੈ। ਜੇ ਪੰਚਾਇਤ ਤੇ ਪਿੰਡ ਪੱਧਰ ’ਤੇ ਜਨ ਪ੍ਰਤੀਨਿਧੀਆਂ ਤੇ ਨੋਡਲ ਅਧਿਕਾਰੀਆਂ ਦੀ ਭਾਈਵਾਲੀ ਯਕੀਨੀ ਬਣਾਈ ਜਾਵੇ ਤਾਂ ਹੋਰ ਵੀ ਵਧੀਆ ਨਤੀਜੇ ਹਾਸਲ ਕੀਤੇ ਜਾ ਸਕਦੇ ਹਨ।

ਚੌਹਾਨ ਖੇਤੀਬਾੜੀ ਭਵਨ ’ਚ ਕੇਂਦਰੀ ਵਾਤਾਵਰਣ, ਜੰਗਲਾਤ ਤੇ ਪੌਣ-ਪਾਣੀ ਮੰਤਰੀ ਭੂਪੇਂਦਰ ਯਾਦਵ ਨਾਲ ਪਰਾਲੀ ਪ੍ਰਬੰਧਨ ਬਾਰੇ ਇਕ ਸਾਂਝੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਰਿਆਣਾ ਦੇ ਖੇਤੀਬਾੜੀ ਮੰਤਰੀ ਸ਼ਿਆਮ ਸਿੰਘ ਰਾਣਾ, ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਸੂਰਿਆ ਪ੍ਰਤਾਪ ਸ਼ਾਹੀ ਤੇ ਦਿੱਲੀ ਦੇ ਵਾਤਾਵਰਣ ਮੰਤਰੀ ਮਨਜਿੰਦਰ ਸਿੰਘ ਸਿਰਸਾ ਵਰਚੁਅਲ ਢੰਗ ਨਾਲ ਮੀਟਿੰਗ ’ਚ ਸ਼ਾਮਲ ਹੋਏ।

ਚੌਹਾਨ ਨੇ ਖੇਤੀਬਾੜੀ ਮੰਤਰੀਆਂ ਨੂੰ ਆਪਣੇ ਸੂਬਿਆਂ ’ਚ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਦੀ ਅਪੀਲ ਕੀਤੀ ਤੇ ਕਿਹਾ ਕਿ ਮੈਂ 12 ਅਕਤੂਬਰ ਨੂੰ ਆਪਣੇ ਖੇਤ ਤੋਂ ਇਸ ਦੀ ਸ਼ੁਰੂਆਤ ਕਰਾਂਗਾ। ਮੈਂ ਆਪਣੇ ਖੇਤ ਚ ਝੋਨੇ ਦੀ ਵਾਢੀ ਤੋਂ ਤੁਰੰਤ ਬਾਅਦ ਕਣਕ ਦੀ ਬਿਜਾਈ ਕਰਾਂਗਾ।

ਉਨ੍ਹਾਂ ਸੂਬਿਆਂ ਨੂੰ ਪਰਾਲੀ ਪ੍ਰਬੰਧਨ ਲਈ ਉਪਲਬਧ ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ।

ਉਨ੍ਹਾਂ ਭਰੋਸਾ ਪ੍ਰਗਟ ਕੀਤਾ ਕਿ ਕੇਂਦਰ ਤੇ ਸੂਬਾਈ ਸਰਕਾਰਾਂ ਦਰਮਿਅਾਨ ਤਾਲਮੇਲ ਵਾਲੇ ਯਤਨਾਂ ਨਾਲ ਪਰਾਲੀ ਸਾੜਨ ’ਚ ਹੋਰ ਕਮੀ ਆਵੇਗੀ।

ਮੀਟਿੰਗ ’ਚ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀਆਂ ਨੇ ਸ਼ਿਵਰਾਜ ਸਿੰਘ ਚੌਹਾਨ ਨੂੰ ਆਪਣੇ-ਆਪਣੇ ਸੂਬਿਆਂ ਚ ਪਰਾਲੀ ਪ੍ਰਬੰਧਨ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ


author

Rakesh

Content Editor

Related News