ਕਿਸਾਨਾਂ ਨਾਲ ਗੱਲਬਾਤ ਲਈ ਖੇਤੀਬਾੜੀ ਮੰਤਰੀ ਦੇ ਬਿਆਨ ’ਤੇ ਟਿਕੈਤ ਦਾ ਪਲਟਵਾਰ, ਕਿਹਾ- ਕੋਈ ਸ਼ਰਤ ਮਨਜ਼ੂਰ ਨਹੀਂ

Monday, Jul 05, 2021 - 11:01 AM (IST)

ਕਿਸਾਨਾਂ ਨਾਲ ਗੱਲਬਾਤ ਲਈ ਖੇਤੀਬਾੜੀ ਮੰਤਰੀ ਦੇ ਬਿਆਨ ’ਤੇ ਟਿਕੈਤ ਦਾ ਪਲਟਵਾਰ, ਕਿਹਾ- ਕੋਈ ਸ਼ਰਤ ਮਨਜ਼ੂਰ ਨਹੀਂ

ਹਰਿਆਣਾ (ਭਾਸ਼ਾ)— ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਪ੍ਰਦਰਸ਼ਨਕਾਰੀ ਕਿਸਾਨਾਂ ਨਾਲ ਗੱਲਬਾਤ ਮੁੜ ਤੋਂ ਸ਼ੁਰੂ ਕਰਨਾ ਚਾਹੁੰਦੀ ਹੈ, ਤਾਂ ਉਸ ਨੂੰ ਸ਼ਰਤ ਨਹੀਂ ਰੱਖਣੀ ਚਾਹੀਦੀ। ਟਿਕੈਤ ਦੀ ਇਹ ਟਿੱਪਣੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਦੇ ਉਸ ਬਿਆਨ ਤੋਂ ਬਾਅਦ ਆਈ ਹੈ, ਜਿਸ ਵਿਚ ਉਨ੍ਹਾਂ ਸਾਫ਼ ਕਰ ਦਿੱਤਾ ਸੀ ਕਿ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਛੱਡ ਕੇ ਕਿਸਾਨ ਨਾਲ ਹੋਰ ਮੁੱਦਿਆਂ ’ਤੇ ਗੱਲਬਾਤ ਕਰਨ ਲਈ ਤਿਆਰ ਹਨ। ਟਿਕੈਤ ਨੇ ਰੋਹਤਕ ’ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਅਸੀਂ ਪਹਿਲਾਂ ਵੀ ਕਿਹਾ ਹੈ ਕਿ ਜਦੋਂ ਵੀ ਸਰਕਾਰ ਤਿਆਰ ਹੋਵੇਗੀ, ਅਸੀਂ ਗੱਲਬਾਤ ਲਈ ਤਿਆਰ ਹਾਂ ਪਰ ਉਹ ਇਹ ਕਹਿ ਕੇ ਇਸ ਨੂੰ ਸ਼ਰਤੀਆ ਕਿਉਂ ਬਣਾ ਰਹੇ ਹਨ ਕਿ ਉਹ ਖੇਤੀ ਕਾਨੂੰਨ ਵਾਪਸ ਨਹੀਂ ਲੈਣਗੇ?

ਇਹ ਵੀ ਪੜ੍ਹੋ : ਕਿਸਾਨਾਂ ਨਾਲ ਚਰਚਾ ਲਈ ਤਿਆਰ ਹਾਂ ਪਰ ਰੱਦ ਨਹੀਂ ਹੋਣਗੇ ਖੇਤੀ ਕਾਨੂੰਨ: ਤੋਮਰ

ਟਿਕੈਤ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਕਾਰਪੋਰੇਟ ਦੇ ਦਬਾਅ ਵਿਚ ਕੰਮ ਕਰ ਰਹੀ ਹੈ। ਭਾਵੇਂ ਹੀ ਕੇਂਦਰ ਸਰਕਾਰ ਕਿਸਾਨਾਂ ਨਾਲ ਗੱਲਬਾਤ ਕਰ ਲਵੇ ਪਰ ਉਨ੍ਹਾਂ ਨੂੰ ਕਾਰਪੋਰੇਟ ਚਲਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਾਡਾ ਅੰਦੋਲਨ ਹੁਣ ਵਿਚਾਰਾਂ ਦੀ ਕ੍ਰਾਂਤੀ ਬਣ ਗਿਆ ਹੈ। ਕਿਸਾਨ ਭਾਵੇਂ ਹੀ ਕਈ ਮਹੀਨਿਆਂ ਤੋਂ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਪਰ ਸਰਕਾਰ ਨੇ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਵਿਚ ਅਣ-ਘੋਸ਼ਿਤ ਐਮਰਜੈਂਸੀ ਹੈ ਅਤੇ ਇਸ ਦੇਸ਼ ਦੀ ਜਨਤਾ ਨੂੰ ਜਾਗਣਾ ਚਾਹੀਦਾ ਹੈ। ਟਿਕੈਤ ਨੇ ਦੋਸ਼ ਲਾਇਆ ਕਿ ਜੇਕਰ ਖੇਤੀਬਾੜੀ ਕਾਨੂੰਨਾਂ ਨੂੰ ਲਾਗੂ ਕੀਤਾ ਜਾਂਦਾ ਹੈ ਤਾਂ ਕਿਸਾਨਾਂ ਨੂੰ ਛੋਟੀਆਂ-ਮੋਟੀਆਂ ਨੌਕਰੀਆਂ ਕਰਨ ਲਈ ਮਜਬੂਰ ਕੀਤਾ ਜਾਵੇਗਾ ਕਿਉਂਕਿ ਉਨ੍ਹਾਂ ਦੀ ਜ਼ਮੀਨ ਵੱਡੇ-ਵੱਡੇ ਕਾਰਪੋਰੇਟ ਘਰਾਣਿਆਂ ਵਲੋਂ ਖੋਹ ਲਈ ਜਾਵੇਗੀ।

ਇਹ ਵੀ ਪੜ੍ਹੋ : ਮਾਨਸੂਨ ਸੈਸ਼ਨ ਦੌਰਾਨ 200 ਕਿਸਾਨ ਰੋਜ਼ਾਨਾ ਸੰਸਦ ਦੇ ਬਾਹਰ ਕਰਨਗੇ ਵਿਰੋਧ ਪ੍ਰਦਰਸ਼ਨ

ਦੱਸ ਦੇਈਏ ਕਿ ਦਿੱਲੀ ਦੀਆਂ ਹੱਦਾਂ ’ਤੇ ਕਿਸਾਨ ਪਿਛਲੇ 7 ਮਹੀਨਿਆਂ ਤੋਂ ਧਰਨਾ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨ ਰੱਦ ਹੋਣੇ ਚਾਹੀਦੇ ਹਨ। ਇਸ ਲਈ ਉਨ੍ਹਾਂ ਵਲੋਂ ਇਸ ਵਾਰ ਮਾਨਸੂਨ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਵੀ ਲਿਆ ਗਿਆ ਹੈ। 

ਇਹ ਵੀ ਪੜ੍ਹੋ : ਕਿਸਾਨੀ ਘੋਲ ਦੇ 6 ਮਹੀਨੇ ਪੂਰੇ, ਜਾਣੋ ਅੰਦੋਲਨ ਦੀ ਸ਼ੁਰੂਆਤ ਤੋਂ ਹੁਣ ਤਕ ਦੀ ਪੂਰੀ ਕਹਾਣੀ, ਤਸਵੀਰਾਂ ਦੀ ਜ਼ੁਬਾਨੀ


author

Tanu

Content Editor

Related News