ਛੱਤੀਸਗੜ੍ਹ ਦੇ ਮੁੱਖ ਮੰਤਰੀ ਵਿਸ਼ਨੂੰ ਦੇਵ ਨੇ PM ਮੋਦੀ ਨਾਲ ਕੀਤੀ ਮੁਲਾਕਾਤ
Saturday, Dec 23, 2023 - 04:03 PM (IST)
ਨਵੀਂ ਦਿੱਲੀ- ਛੱਤੀਸਗੜ੍ਹ ਦੇ ਨਵੇਂ ਚੁਣੇ ਗਏ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਈ ਨੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਭਾਜਪਾ ਦੇ ਚੋਣ ਵਾਅਦਿਆਂ ਨੂੰ ਪੂਰਾ ਕਰਨ ਲਈ ਸੂਬਾ ਸਰਕਾਰ ਵਲੋਂ ਚੁੱਕੇ ਜਾ ਰਹੇ ਕਦਮਾਂ ਤੋਂ ਜਾਣੂ ਕਰਵਾਇਆ। ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਦੌਰਾਨ ਮੁੱਖ ਮੰਤਰੀ ਨਾਲ ਸੂਬੇ ਦੇ ਉਪ ਮੁੱਖ ਮੰਤਰੀ ਅਰੁਣ ਸਾਵ ਅਤੇ ਵਿਜੇ ਸ਼ਰਮਾ ਵੀ ਮੌਜੂਦ ਸਨ। ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਸੂਬਾਈ ਕੈਬਨਿਟ ਦੇ ਗਠਨ 'ਤੇ ਵੀ ਚਰਚਾ ਕੀਤੀ।
ਸਾਈ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਦੀਆਂ ਤਸਵੀਰਾਂ ਸਾਂਝਾ ਕਰਦਿਆਂ ਇਕ ਪੋਸਟ ਵਿਚ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਤੋਂ ਛੱਤੀਸਗੜ੍ਹ ਦੇ ਵਿਕਾਸ, ਤਰੱਕੀ ਅਤੇ ਲੋਕ ਹਿੱਤ ਨਾਲ ਜੁੜੀਆਂ ਵੱਖ-ਵੱਖ ਜਨਕਲਿਆਣਕਾਰੀ ਯੋਜਨਾਵਾਂ ਦੇ ਸਬੰਧ ਵਿਚ ਵਿਸਥਾਰ ਨਾਲ ਚਰਚਾ ਕੀਤੀ ਅਤੇ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ। ਪ੍ਰਧਾਨ ਮੰਤਰੀ ਦੀ ਯੋਗ ਅਗਵਾਈ ਹੇਠ ਭਾਜਪਾ ਦੀ ਡਬਲ ਇੰਜਣ ਵਾਲੀ ਸਰਕਾਰ ਯਕੀਨੀ ਤੌਰ 'ਤੇ ਸੂਬੇ ਵਿਚ ਸੇਵਾ, ਸੁਸ਼ਾਸਨ, ਲੋਕ ਭਲਾਈ ਅਤੇ ਵਿਕਾਸ ਦੇ ਨਵੇਂ ਆਯਾਮ ਸਥਾਪਿਤ ਕਰੇਗੀ। ਦੱਸ ਦੇਈਏ ਕਿ ਸੂਬੇ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਨੂੰ ਹਰਾ ਕੇ ਭਾਜਪਾ ਪਾਰਟੀ 5 ਸਾਲ ਬਾਅਦ ਸੱਤਾ 'ਚ ਵਾਪਸ ਆਈ ਹੈ।