ਚੀਨੀ ਵਿਦੇਸ਼ ਮੰਤਰੀ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ
Monday, Aug 18, 2025 - 12:10 AM (IST)

ਨਵੀਂ ਦਿੱਲੀ (ਭਾਸ਼ਾ)-ਚੀਨੀ ਵਿਦੇਸ਼ ਮੰਤਰੀ ਵਾਂਗ ਯੀ ਸੋਮਵਾਰ ਤੋਂ ਸ਼ੁਰੂ ਹੋ ਰਹੇ ਆਪਣੇ 2 ਦਿਨਾ ਭਾਰਤ ਦੌਰੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਵਿਦੇਸ਼ ਮੰਤਰਾਲਾ ਨੇ ਇਹ ਜਾਣਕਾਰੀ ਦਿੱਤੀ। ਮੰਗਲਵਾਰ ਨੂੰ ਹੋਣ ਵਾਲੀ ਇਹ ਬੈਠਕ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਇਹ ਸ਼ੰਘਾਈ ਸਹਿਯੋਗ ਸੰਗਠਨ (ਐੱਸ. ਸੀ. ਓ.) ਦੇ ਸਾਲਾਨਾ ਸਿਖਰ ਸੰਮੇਲਨ ’ਚ ਭਾਗ ਲੈਣ ਲਈ ਮੋਦੀ ਦੇ ਚੀਨ ਦੇ ਤਜਵੀਜ਼ਤ ਦੌਰੇ ਤੋਂ ਕੁਝ ਦਿਨ ਪਹਿਲਾਂ ਹੋਵੇਗੀ।
ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਪਹਿਲਾਂ ਵਾਂਗ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨਾਲ ਵੱਖ-ਵੱਖ ਗੱਲਬਾਤ ਕਰਨਗੇ, ਜਿਸ ’ਚ ਦੋਵੇਂ ਧਿਰ ਸਰਹੱਦ ਦੀ ਸਥਿਤੀ, ਵਪਾਰ ਅਤੇ ਉਡਾਣ ਸੇਵਾਵਾਂ ਦੀ ਬਹਾਲੀ ਸਮੇਤ ਕਈ ਪ੍ਰਮੁੱਖ ਮੁੱਦਿਆਂ ’ਤੇ ਸਲਾਹ-ਮਸ਼ਵਰਾ ਕਰ ਸਕਦੇ ਹਨ।