ਉਪ ਮੁੱਖ ਮੰਤਰੀ ਦੇ ਅਹੁਦੇ ਦੀ ਮੰਗ ਕਰ ਕੇ ‘ਲਾਲਚੀ’ ਨਜ਼ਰ ਨਹੀਂ ਆਉਣਾ ਚਾਹੁੰਦਾ : ਚਿਰਾਗ
Friday, Nov 21, 2025 - 06:38 PM (IST)
ਪਟਨਾ, (ਭਾਸ਼ਾ)- ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੇ ਕਿਹਾ ਹੈ ਕਿ ਉਹ ਬਿਹਾਰ ਦੇ ਉਪ ਮੁੱਖ ਮੰਤਰੀ ਦੇ ਅਹੁਦੇ ਦੀ ਮੰਗ ਕਰ ਕੇ ‘ਲਾਲਚੀ’ ਨਜ਼ਰ ਨਹੀਂ ਆਉਣਾ ਚਾਹੁੰਦੇ। ਉਨ੍ਹਾਂ ਨਵੀਂ ਸੂਬਾ ਸਰਕਾਰ ’ਚ ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) ਦੇ 2 ਵਿਧਾਇਕਾਂ ਨੂੰ ਮੰਤਰੀ ਬਣਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ।
ਪਟਨਾ ’ਚ ਪਾਰਟੀ ਦੇ ਸੂਬਾ ਦਫ਼ਤਰ ’ਚ ਆਯੋਜਿਤ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਚਿਰਾਗ ਨੇ ਕਿਹਾ ਕਿ ਰਾਸ਼ਟਰੀ ਜਮਹੂਰੀ ਗੱਠਜੋੜ ਦਾ ਸਹਿਯੋਗੀ ਹੋਣ ਦੇ ਨਾਤੇ ਉਹ ਬਿਹਾਰ ਤੋਂ ਬਾਹਰ ਪਾਰਟੀ ਦਾ ਪਸਾਰ ਕਰਨਾ ਚਾਹੁੰਦੇ ਹਨ। ਪੱਛਮੀ ਬੰਗਾਲ, ਪੰਜਾਬ ਤੇ ਉੱਤਰ ਪ੍ਰਦੇਸ਼ ਵਰਗੇ ਸੂਬਿਆਂ ’ਚ ਸੰਗਠਨ ਨੂੰ ਮਜ਼ਬੂਤ ਕਰਨ ਦੀ ਯੋਜਨਾ ’ਤੇ ਗੰਭੀਰਤਾ ਨਾਲ ਕੰਮ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਸੂਬਿਆਂ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਰਾਜਗ ਦੇ ਸਹਿਯੋਗੀ ਵਜੋਂ ਲੜਾਂਗੇ। 2009 ਪਾਰਟੀ ਲਈ ਸਭ ਤੋਂ ਔਖਾ ਸਮਾਂ ਸੀ ਪਰ ਲੋਜਪਾ ਨੇ 2019 ਤੇ 2024 ਦੀਆਂ ਲੋਕ ਸਭਾ ਚੋਣਾਂ ’ਚ ਵਧੀਆ ਪ੍ਰਦਰਸ਼ਨ ਕੀਤਾ।
ਉਨ੍ਹਾਂ ਕਿਹਾ ਕਿ ਪਾਰਟੀ ਨੇ ਇਸ ਵਾਰ ਵਿਧਾਨ ਸਭਾ ਦੀਆਂ ਚੋਣਾਂ ’ਚ ਵੀ ਮਜ਼ਬੂਤ ਮੌਜੂਦਗੀ ਬਣਾਈ। ਉਹ ਆਪਣੇ ਪਿਤਾ ਰਾਮ ਵਿਲਾਸ ਪਾਸਵਾਨ ਦੀ ਮੌਤ ਤੋਂ ਬਾਅਦ ਵੀ ਇਕੱਲੇ ਚੋਣ ਲੜਨ ਦੇ ਆਪਣੇ ਫੈਸਲੇ 'ਤੇ ਕਾਇਮ ਰਹੇ।
