ਐਤਵਾਰ ਨੂੰ ਮੁੜ ਜੰਤਰ-ਮੰਤਰ ਕੂਚ ਕਰੇਗੀ CJP, ਅਜਿੰਕਿਆ ਸ਼ਿੰਦੇ ਦਾ ਵੱਡਾ ਐਲਾਨ

Saturday, Oct 10, 2026 - 09:05 PM (IST)

ਐਤਵਾਰ ਨੂੰ ਮੁੜ ਜੰਤਰ-ਮੰਤਰ ਕੂਚ ਕਰੇਗੀ CJP, ਅਜਿੰਕਿਆ ਸ਼ਿੰਦੇ ਦਾ ਵੱਡਾ ਐਲਾਨ

ਨਵੀਂ ਦਿੱਲੀ — ਦਿੱਲੀ ਵਿੱਚ ਸ਼ਨੀਵਾਰ ਨੂੰ ਹੋਏ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਕੌਕਰੋਚ ਜਨਤਾ ਪਾਰਟੀ (CJP) ਨੇ ਐਲਾਨ ਕੀਤਾ ਹੈ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਤੋਂ ਬਿਨਾਂ ਅੰਦੋਲਨ ਖ਼ਤਮ ਨਹੀਂ ਹੋਵੇਗਾ। ਸੀ.ਜੇ.ਪੀ. ਵੱਲੋਂ ਆਯੋਜਿਤ ਇੱਕ ਪ੍ਰੈੱਸ ਕਾਨਫ਼ਰੰਸ ਦੌਰਾਨ ਪਾਰਟੀ ਆਗੂ ਅਜਿੰਕਿਆ ਸ਼ਿੰਦੇ ਨੇ ਦੱਸਿਆ ਕਿ ਸੰਗਠਨ ਐਤਵਾਰ ਨੂੰ ਇੱਕ ਵਾਰ ਫਿਰ ਦਿੱਲੀ ਦੇ ਜੰਤਰ-ਮੰਤਰ ਵਿਖੇ ਮਾਰਚ ਕਰੇਗਾ।

ਸ਼ਨੀਵਾਰ ਨੂੰ CJP ਅਤੇ ਹੋਰ ਸੰਗਠਨਾਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਪ੍ਰਕਿਰਿਆ ਨੂੰ ਵਾਪਸ ਲੈਣ ਦੀ ਮੰਗ ਕਰ ਰਹੇ ਸਨ। ਇਸ ਪ੍ਰਦਰਸ਼ਨ ਦੌਰਾਨ ਪੁਲਸ ਵੱਲੋਂ ਅਰਵਿੰਦ ਕੇਜਰੀਵਾਲ ਸਮੇਤ ਕਈ ਨੇਤਾਵਾਂ ਅਤੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਪੁਲਸ ਅਨੁਸਾਰ ਹਿਰਾਸਤ ਕੇਂਦਰਾਂ ਵਿੱਚ ਰੱਖੀਆਂ ਗਈਆਂ ਮਹਿਲਾ ਪ੍ਰਦਰਸ਼ਨਕਾਰੀਆਂ ਅਤੇ ਬਜ਼ੁਰਗ ਨਾਗਰਿਕਾਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ, ਜਦਕਿ CJP ਨੇਤਾਵਾਂ ਵਿਰੁੱਧ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਪੁਲਸ ਸੂਤਰਾਂ ਅਨੁਸਾਰ CJP, AIYF, AISF ਅਤੇ SFI ਸਮੇਤ ਕਈ ਸੰਗਠਨਾਂ ਵੱਲੋਂ ਮੁੜ ਪ੍ਰਦਰਸ਼ਨ ਕਰਨ ਦੇ ਦਿੱਤੇ ਸੱਦੇ ਨੂੰ ਦੇਖਦਿਆਂ ਜੰਤਰ-ਮੰਤਰ ਅਤੇ ਮੱਧ ਦਿੱਲੀ ਇਲਾਕੇ ਵਿੱਚ ਸੁਰੱਖਿਆ ਬਲਾਂ ਦੀ ਤਾਇਨਾਤੀ ਜਾਰੀ ਰਹੇਗੀ। ਸ਼ਨੀਵਾਰ ਨੂੰ ਵੀ ਜੰਤਰ-ਮੰਤਰ ਦੇ ਆਲੇ-ਦੁਆਲੇ ਪੁਲਸ ਅਤੇ ਅਰਧ-ਸੈਨਿਕ ਬਲਾਂ ਦੇ ਜਵਾਨਾਂ ਦੀ ਭਾਰੀ ਤਾਇਨਾਤੀ ਕੀਤੀ ਗਈ ਸੀ, ਜਿਸ ਕਾਰਨ ਮੱਧ ਦਿੱਲੀ ਵੱਲ ਜਾਣ ਵਾਲੀਆਂ ਮੁੱਖ ਸੜਕਾਂ 'ਤੇ ਆਵਾਜਾਈ ਕਾਫ਼ੀ ਪ੍ਰਭਾਵਿਤ ਰਹੀ।

ਸੁਰੱਖਿਆ ਏਜੰਸੀਆਂ ਅਨੁਸਾਰ 'ਜੰਤਰ-ਮੰਤਰ 2.0' ਨਾਮ ਦਿੱਤੇ ਗਏ ਇਸ ਪ੍ਰਦਰਸ਼ਨ ਦੀ ਤਿਆਰੀ ਕਈ ਦਿਨਾਂ ਤੋਂ ਚੱਲ ਰਹੀ ਸੀ। ਦਿੱਲੀ ਵਿੱਚ ਪ੍ਰਦਰਸ਼ਨ ਦਾ ਸੱਦਾ ਦੇਣ ਤੋਂ ਪਹਿਲਾਂ CJP ਵੱਲੋਂ ਮੁੰਬਈ ਅਤੇ ਬੈਂਗਲੁਰੂ ਵਿੱਚ ਵੀ ਸ਼ਾਂਤੀਪੂਰਨ ਤਰੀਕੇ ਨਾਲ ਵਿਰੋਧ ਪ੍ਰਦਰਸ਼ਨ ਕੀਤੇ ਗਏ ਸਨ। CJP ਆਗੂ ਅਜਿੰਕਿਆ ਸ਼ਿੰਦੇ ਨੇ ਸਪੱਸ਼ਟ ਕੀਤਾ ਹੈ ਕਿ ਜਦੋਂ ਤੱਕ ਮੁੱਖ ਚੋਣ ਕਮਿਸ਼ਨਰ ਅਸਤੀਫ਼ਾ ਨਹੀਂ ਦਿੰਦੇ, ਉਨ੍ਹਾਂ ਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।


author

Inder Prajapati

Content Editor

Related News