ਸੱਦਾ ਮਿਲਿਆ ਤਾਂ ਮੈਂ ਰਾਮ ਮੰਦਰ ’ਚ ਪ੍ਰਾਣ ਪ੍ਰਤਿਸ਼ਠਾ ਸਮਾਰੋਹ ’ਚ ਭਾਗ ਲਵਾਂਗਾ : ਸੋਰੇਨ
Thursday, Dec 28, 2023 - 07:20 PM (IST)
ਰਾਂਚੀ, (ਭਾਸ਼ਾ)- ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਵੀਰਵਾਰ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਅਯੁੱਧਿਆ ’ਚ ਜਨਵਰੀ ਵਿਚ ਹੋਣ ਵਾਲੇ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਲਈ ਸੱਦਾ ਦਿੱਤਾ ਜਾਂਦਾ ਹੈ ਤਾਂ ਉਹ ਇਸ ਵਿਚ ਸ਼ਾਮਲ ਹੋਣਗੇ। ਸੋਰੇਨ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਤੱਕ ਸਮਾਗਮ ਲਈ ਸੱਦਾ ਪੱਤਰ ਨਹੀਂ ਮਿਲਿਆ ਹੈ। ਉਹ ਸੂਬੇ ’ਚ ਝਾਰਖੰਡ ਮੁਕਤੀ ਮੋਰਚਾ (ਜੇ. ਐੱਮ. ਐੱਮ.) ਸਰਕਾਰ ਦੇ 4 ਸਾਲ ਪੂਰੇ ਹੋਣ ਦੇ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।
ਸੋਰੇਨ ਨੇ ਕਿਹਾ ਕਿ ਉਹ ਧਾਰਮਿਕ ਵਿਅਕਤੀ ਹਨ ਅਤੇ ਮੰਦਰਾਂ ਤੇ ਗੁਰਦੁਆਰਿਆਂ ਵਰਗੇ ਧਾਰਮਿਕ ਸਥਾਨਾਂ ਦਾ ਦੌਰਾ ਕਰਦਾ ਹੈ। ਉਨ੍ਹਾਂ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਸੰਮਨ ਬਾਰੇ ਪੁੱਛੇ ਜਾਣ ’ਤੇ ਕਿਹਾ ਕਿ ਕੋਈ ਵੀ ਸੱਚ ਲੁਕਾ ਕੇ ਨਹੀਂ ਰੱਖ ਸਕਦਾ। ਪੂਰਾ ਦੇਸ਼ ਦੇਖ ਰਿਹਾ ਹੈ। ਮੇਰੇ ਕੋਲ ਕਹਿਣ ਲਈ ਕੁਝ ਨਹੀਂ ਹੈ। ਸੋਰੇਨ ਹਾਲ ਹੀ ’ਚ ਕਥਿਤ ਜ਼ਮੀਨ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਪੁੱਛਗਿੱਛ ਲਈ ਈ. ਡੀ. ਦੇ ਸਾਹਮਣੇ ਪੇਸ਼ ਹੋਏ ਸਨ।