ਕੇਂਦਰੀ ਬਿਜਲੀ ਮੰਤਰੀ RK ਸਿੰਘ ਨਾਲ CM ਮਾਨ ਵੱਲੋਂ ਮੁਲਾਕਾਤ, ਬਿਜਲੀ ਸਪਲਾਈ ਨੂੰ ਲੈ ਕੇ ਕੀਤੀ ਇਹ ਮੰਗ

Monday, Apr 25, 2022 - 10:11 PM (IST)

ਕੇਂਦਰੀ ਬਿਜਲੀ ਮੰਤਰੀ RK ਸਿੰਘ ਨਾਲ CM ਮਾਨ ਵੱਲੋਂ ਮੁਲਾਕਾਤ, ਬਿਜਲੀ ਸਪਲਾਈ ਨੂੰ ਲੈ ਕੇ ਕੀਤੀ ਇਹ ਮੰਗ

ਨਵੀਂ ਦਿੱਲੀ (ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੇਂਦਰੀ ਬਿਜਲੀ ਮੰਤਰੀ ਆਰ. ਕੇ. ਸਿੰਘ ਤੋਂ ਝੋਨੇ ਦੇ ਆਗਾਮੀ ਸੀਜ਼ਨ ਦੇ ਮੱਦੇਨਜ਼ਰ ਪੰਜਾਬ ਲਈ ਬਿਜਲੀ ਦੀ ਨਿਰਵਿਘਨ ਅਤੇ ਨਿਯਮਿਤ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਅੱਜ ਇੱਥੇ ਕੇਂਦਰੀ ਮੰਤਰੀ ਨਾਲ ਉਨ੍ਹਾਂ ਦੇ ਦਫ਼ਤਰ ਵਿਖੇ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਝੋਨੇ ਦੇ ਆਗਾਮੀ ਸੀਜ਼ਨ ਦੇ ਮੱਦੇਨਜ਼ਰ ਸੂਬੇ ਲਈ ਬਿਜਲੀ ਦੀ ਲੋੜ ਬਾਰੇ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਲੰਬੇ ਸਮੇਂ ਤੋਂ ਦੇਸ਼ ਦਾ ਅੰਨਦਾਤਾ ਰਿਹਾ ਹੈ ਕਿਉਂਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ’ਚ ਆਤਮ-ਨਿਰਭਰ ਬਣਾਇਆ ਹੈ। ਮਾਨ ਨੇ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਸੂਬੇ ਦੇ ਕਿਸਾਨਾਂ ਨੂੰ ਝੋਨਾ ਪੈਦਾ ਕਰਕੇ ਦੇਸ਼ ਦੇ ਖੁਰਾਕ ਉਤਪਾਦਨ ’ਚ ਯੋਗਦਾਨ ਪਾਉਣ ਲਈ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਲੋੜ ਹੈ।

ਇਹ ਵੀ ਪੜ੍ਹੋ : ਲੰਡਨ ’ਚ ਵਾਪਰੀ ਦਿਲ ਵਲੂੰਧਰਣ ਵਾਲੀ ਘਟਨਾ, 4 ਲੋਕਾਂ ਦਾ ਚਾਕੂ ਮਾਰ ਕੇ ਕਤਲ

ਮੁੱਖ ਮੰਤਰੀ ਨੇ ਆਰ. ਕੇ. ਸਿੰਘ ਨੂੰ ਦੱਸਿਆ ਕਿ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਕਿਸਾਨਾਂ ਲਈ ਬਿਜਲੀ ਦੀ ਨਿਰੰਤਰ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪੰਜਾਬ ਦਾ ਜਾਇਜ਼ ਹੱਕ ਹੈ, ਜਿਸ ਨੇ ਦੇਸ਼ ਦੀਆਂ ਅਨਾਜ ਲੋੜਾਂ ਦੀ ਪੂਰਤੀ ਕੀਤੀ ਹੈ। ਭਗਵੰਤ ਮਾਨ ਨੇ ਕੇਂਦਰੀ ਮੰਤਰੀ ਨੂੰ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਕਣਕ-ਝੋਨੇ ਦੇ ਚੱਕਰ ’ਚੋਂ ਕੱਢਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਨੂੰ ਲਾਹੇਵੰਦ ਧੰਦਾ ਬਣਾਉਣਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਮੁੱਦੇ ’ਤੇ ਸਹਿਮਤੀ ਬਣਾਉਣ ਲਈ ਕਿਸਾਨਾਂ ਸਮੇਤ ਸਾਰੇ ਭਾਈਵਾਲਾਂ ਨਾਲ ਪਹਿਲਾਂ ਹੀ ਵਿਸਥਾਰਪੂਰਵਕ ਗੱਲਬਾਤ ਕਰ ਰਹੀ ਹੈ।

ਇਹ ਵੀ ਪੜ੍ਹੋ : ਬੁਢਲਾਡਾ ’ਚ ਵਾਪਰੇ ਦਰਦਨਾਕ ਸੜਕ ਹਾਦਸੇ ’ਚ ਨੌਜਵਾਨ ਦੀ ਮੌਤ

ਮਾਨ ਨੇ ਆਸ ਪ੍ਰਗਟਾਈ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਨੂੰ ਜਲਦ ਹੀ ਬੂਰ ਪਵੇਗਾ।  ਇਸ ਦੌਰਾਨ ਕੇਂਦਰੀ ਮੰਤਰੀ ਨੇ ਭਗਵੰਤ ਮਾਨ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਸੂਬਾ ਸਰਕਾਰ ਦੀਆਂ ਜਾਇਜ਼ ਮੰਗਾਂ ’ਤੇ ਹਮਦਰਦੀ ਨਾਲ ਵਿਚਾਰ ਕਰੇਗੀ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਮੁੱਖ ਸਕੱਤਰ ਅਨਿਰੁੱਧ ਤਿਵਾੜੀ, ਮੁੱਖ ਮੰਤਰੀ ਦੇ ਵਧੀਕ ਮੁੱਖ ਸਕੱਤਰ ਏ. ਵੇਣੂ ਪ੍ਰਸਾਦ, ਪੰਜਾਬ ਭਵਨ ਦੀ ਪ੍ਰਮੁੱਖ ਰੈਜ਼ੀਡੈਂਟ ਕਮਿਸ਼ਨਰ ਰਾਖੀ ਗੁਪਤਾ ਭੰਡਾਰੀ ਅਤੇ ਹੋਰ ਹਾਜ਼ਰ ਸਨ।


author

Manoj

Content Editor

Related News