''ਜੇ 26 ਜਨਵਰੀ ਨੂੰ ਝੰਡਾ ਲਹਿਰਾਇਆ ਤਾਂ...'', CM ਸੁੱਖੂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
Wednesday, Jan 21, 2026 - 05:26 PM (IST)
ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਗਣਤੰਤਰ ਦਿਵਸ ਮੌਕੇ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਭਰੀ ਈ-ਮੇਲ ਸ਼ਿਮਲਾ ਦੇ ਡੀਸੀ ਦਫ਼ਤਰ ਦੀ ਅਧਿਕਾਰਤ ਮੇਲ ਆਈਡੀ 'ਤੇ ਭੇਜੀ ਗਈ ਹੈ। ਇਸ ਧਮਕੀ ਮਗਰੋਂ ਸੂਬੇ ਦੀਆਂ ਸੁਰੱਖਿਆ ਏਜੰਸੀਆਂ ਵਿੱਚ ਹੜਕੰਪ ਮਚ ਗਿਆ ਹੈ ਅਤੇ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।
ਜਾਣਕਾਰੀ ਅਨੁਸਾਰ, ਧਮਕੀ ਭਰੀ ਈ-ਮੇਲ ਵਿੱਚ ਲਿਖਿਆ ਗਿਆ ਹੈ ਕਿ ਜੇਕਰ ਮੁੱਖ ਮੰਤਰੀ ਸੁੱਖੂ ਗਣਤੰਤਰ ਦਿਵਸ ਦੇ ਮੌਕੇ 'ਤੇ ਰਾਸ਼ਟਰੀ ਝੰਡਾ ਲਹਿਰਾਉਣ ਪਹੁੰਚਦੇ ਹਨ, ਤਾਂ ਉਨ੍ਹਾਂ 'ਤੇ ਆਤਮਘਾਤੀ ਹਮਲਾ ਕੀਤਾ ਜਾਵੇਗਾ। ਸ਼ਿਮਲਾ ਪੁਲਿਸ ਨੇ ਇਸ ਮਾਮਲੇ ਨੂੰ ਬੇਹੱਦ ਗੰਭੀਰਤਾ ਨਾਲ ਲੈਂਦਿਆਂ ਥਾਣਾ ਸਦਰ ਵਿੱਚ ਭਾਰਤੀ ਨਿਆ ਸੰਹਿਤਾ (BNS) ਦੀਆਂ ਧਾਰਾਵਾਂ 351(3), 353(1)(b) ਅਤੇ 152 ਤਹਿਤ ਕੇਸ ਦਰਜ ਕੀਤਾ ਹੈ।
ਪੁਲਸ ਅਧਿਕਾਰੀਆਂ ਅਨੁਸਾਰ ਇਹ ਈ-ਮੇਲ ਇੱਕ ਗੁਮਨਾਮ ਆਈਡੀ ਤੋਂ ਭੇਜੀ ਗਈ ਹੈ। ਪੁਲਿਸ ਹੁਣ ਇਲੈਕਟ੍ਰਾਨਿਕ ਅਤੇ ਡਿਜੀਟਲ ਸਬੂਤਾਂ ਦੇ ਆਧਾਰ 'ਤੇ ਭੇਜਣ ਵਾਲੇ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸਾਈਬਰ ਮਾਹਿਰਾਂ ਦੀ ਮਦਦ ਨਾਲ ਈ-ਮੇਲ ਦੇ ਸਰੋਤ ਅਤੇ ਲੋਕੇਸ਼ਨ ਦਾ ਪਤਾ ਲਗਾਇਆ ਜਾ ਰਿਹਾ ਹੈ ਤਾਂ ਜੋ ਦੋਸ਼ੀ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾ ਸਕੇ।
ਇਸ ਧਮਕੀ ਦੇ ਮੱਦੇਨਜ਼ਰ ਗਣਤੰਤਰ ਦਿਵਸ ਸਮਾਰੋਹ ਲਈ ਸੁਰੱਖਿਆ ਪ੍ਰਬੰਧ ਪਹਿਲਾਂ ਨਾਲੋਂ ਵੀ ਜ਼ਿਆਦਾ ਸਖ਼ਤ ਕਰ ਦਿੱਤੇ ਗਏ ਹਨ। ਦੱਸ ਦੇਈਏ ਕਿ ਇਸ ਵਾਰ ਰਾਜ ਪੱਧਰੀ ਗਣਤੰਤਰ ਦਿਵਸ ਸਮਾਰੋਹ ਸ਼ਿਮਲਾ ਦੇ ਇਤਿਹਾਸਕ ਰਿਜ ਮੈਦਾਨ 'ਤੇ ਮਨਾਇਆ ਜਾਣਾ ਹੈ, ਜਿੱਥੇ ਮੁੱਖ ਮੰਤਰੀ ਸੁੱਖੂ ਤਿਰੰਗਾ ਫਹਿਰਾਉਣਗੇ। ਪੁਲਿਸ ਨੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਧਿਆਨ ਨਾ ਦੇਣ ਅਤੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
ਪੁਲਸ ਦੀ ਮੁਢਲੀ ਜਾਂਚ ਵਿੱਚ ਇਹ ਸੰਕੇਤ ਮਿਲੇ ਹਨ ਕਿ ਅਜਿਹੀਆਂ ਝੂਠੀਆਂ ਅਤੇ ਭਰਮਾਊ ਸੂਚਨਾਵਾਂ ਰਾਹੀਂ ਜਨਤਾ ਵਿੱਚ ਡਰ ਅਤੇ ਦਹਿਸ਼ਤ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹੀਆਂ ਹਰਕਤਾਂ ਜਨਤਕ ਸ਼ਾਂਤੀ ਨੂੰ ਭੰਗ ਕਰਨ ਦੇ ਨਾਲ-ਨਾਲ ਦੇਸ਼ ਦੀ ਪ੍ਰਭੂਸੱਤਾ, ਏਕਤਾ ਅਤੇ ਅਖੰਡਤਾ ਲਈ ਵੀ ਗੰਭੀਰ ਖਤਰਾ ਹਨ।
