CM ਸੁੱਖੂ ਦਾ ਵੱਡਾ ਫ਼ੈਸਲਾ, ਕੋਰੋਨਾ ਕਾਲ ’ਚ ਨਿਯਮ ਤੋੜਨ ’ਤੇ ਦਰਜ ਹੋਏ ਕੇਸ ਹੋਣਗੇ ਵਾਪਸ

02/02/2023 9:48:17 PM

ਨੈਸ਼ਨਲ ਡੈਸਕ : ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਵੱਡਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ’ਚ ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਕਾਲ ਦੌਰਾਨ, ਜਿਨ੍ਹਾਂ ਲੋਕਾਂ ’ਤੇ ਕੇਸ ਦਰਜ ਕੀਤੇ ਗਏ ਹਨ, ਉਨ੍ਹਾਂ ਸਾਰੇ ਕੇਸਾਂ ਨੂੰ ਵਾਪਸ ਲੈ ਲਿਆ ਜਾਵੇਗਾ। ਅਜਿਹੀ ਹਾਲਤ ’ਚ ਸਰਕਾਰ ਦੇ ਇਸ ਫ਼ੈਸਲੇ ਨਾਲ ਉਨ੍ਹਾਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ, ਜਿਨ੍ਹਾਂ ’ਤੇ ਮਹਾਮਾਰੀ ਨਾਲ ਜੁੜੇ ਕਈ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਦੇ ਮੱਦੇਨਜ਼ਰ ਕੇਸ ਦਰਜ ਕੀਤੇ ਗਏ ਸਨ।

ਇਹ ਖ਼ਬਰ ਵੀ ਪੜ੍ਹੋ : ਜੀਜੇ-ਸਾਲੇ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ, ਘਰ ’ਚ ਵਿਛੇ ਸੱਥਰ

ਮੀਡੀਆ ਰਿਪੋਰਟਾਂ ਅਨੁਸਾਰ ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖੀ ਸੰਵੇਦਨਾਵਾਂ ਦੇ ਨਾਲ-ਨਾਲ ਦਇਆ ਸ਼ਾਸਨ ਦਾ ਅਨਿੱਖੜਵਾਂ ਅੰਗ ਹੈ। ਕੋਰੋਨਾ ਮਹਾਮਾਰੀ ਤੋਂ ਪ੍ਰਭਾਵਿਤ ਕਈ ਲੋਕਾਂ ਖ਼ਿਲਾਫ਼ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਦਰਜ ਕੀਤੇ ਗਏ ਹਨ। ਕੁਝ ਲੋਕ ਰੁਜ਼ਗਾਰ ਦੀ ਭਾਲ ’ਚ ਭਟਕ ਰਹੇ ਸਨ, ਜਦਕਿ ਕੁਝ ਪਰਿਵਾਰ ਲਈ ਰਾਸ਼ਨ ਅਤੇ ਦਵਾਈਆਂ ਦਾ ਪ੍ਰਬੰਧ ਕਰਨ ਲਈ ਬਾਜ਼ਾਰ ਦਾ ਰੁਖ਼ ਕਰ ਰਹੇ ਸਨ। ਹਰ ਕੋਈ ਮਹਾਮਾਰੀ ਹੱਥੋਂ ਮਜਬੂਰ ਸੀ।

ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬੀ ਗਾਇਕ ਸ਼੍ਰੀ ਬਰਾੜ ਨੂੰ ਜਾਨੋਂ ਮਾਰਨ ਦੀਆਂ ਮਿਲ ਰਹੀਆਂ ਧਮਕੀਆਂ (ਵੀਡੀਓ)

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਅਜਿਹੇ ਲੋਕਾਂ ਨੂੰ ਰਾਹਤ ਦੇਣ ਲਈ ਹੀ ਸੂਬਾ ਸਰਕਾਰ ਨੇ ਕੋਰੋਨਾ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਲਈ ਦਰਜ ਕੀਤੇ ਕੇਸ ਤੁਰੰਤ ਪ੍ਰਭਾਵ ਨਾਲ ਵਾਪਸ ਲੈਣ ਦਾ ਫ਼ੈਸਲਾ ਕੀਤਾ ਹੈ। ਇਸ ਨਾਲ ਲੋਕਾਂ ਨੂੰ ਮਾਨਸਿਕ ਤਣਾਅ ਤੋਂ ਵੀ ਰਾਹਤ ਮਿਲੇਗੀ ਅਤੇ ਉਹ ਆਪਣਾ ਕੰਮ ਸਹੀ ਢੰਗ ਨਾਲ ਕਰ ਸਕਣਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸੁੱਖੂ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਫ਼ੈਸਲਾ ਸਿਆਸੀ ਨਹੀਂ ਹੈ, ਸਗੋਂ ਇਹ ਉਨ੍ਹਾਂ ਦੀ ਜ਼ਿੰਮੇਵਾਰੀ ਦੇ ਨਾਲ-ਨਾਲ ਮਨੁੱਖੀ ਸਰੋਕਾਰ ਨਾਲ ਸਬੰਧਿਤ ਹੈ। ਕੋਰੋਨਾ ਕਾਲ ਦੌਰਾਨ ਸਰਕਾਰ ਨੇ ਕੋਵਿਡ ਪ੍ਰੋਟੋਕੋਲ ਅਤੇ ਕੋਵਿਡ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੇਸ ਦਰਜ ਕੀਤੇ ਸਨ। ਇਸ ’ਚ ਜ਼ਿਆਦਾਤਰ ਮਾਮਲੇ ਭੀੜ ਵਾਲੀਆਂ ਥਾਵਾਂ ’ਤੇ ਬਿਨਾਂ ਮਾਸਕ ਪਾਏ ਜਾਣ ਵਾਲੇ ਲੋਕਾਂ ਦੇ ਸਨ।

 

Manoj

This news is Content Editor Manoj