PM ਮੋਦੀ ਨੂੰ ਮਿਲੇ ਹਿਮਾਚਲ ਦੇ ਮੁੱਖ ਮੰਤਰੀ ਸੁੱਖੂ, ਆਰਥਿਕ ਪੈਕੇਜ ਲਈ ਕੀਤੀ ਮੰਗ
Friday, Aug 04, 2023 - 07:10 PM (IST)
ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਦਿੱਲੀ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹਿਮਾਚਲ ਪ੍ਰਦੇਸ਼ 'ਚ ਕੁਦਰਤੀ ਆਫਤ ਕਾਰਨ ਹੋਏ ਭਾਰੀ ਨੁਕਸਾਨ ਬਾਰੇ ਵਿਸਤਾਰ ਨਾਲ ਦੱਸਿਆ।
ਇਸਦੇ ਨਾਲ ਹੀ ਸੀ.ਐੱਮ. ਨੇ ਭਾਜਪਾ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਨਾਲ ਮੁਲਾਕਾਤ ਕੀਤੀ ਅਤੇ ਹਿਮਾਚਲ ਪ੍ਰਦੇਸ਼ ਨਾਲ ਸੰਬੰਧਿਤ ਮਹੱਤਵਪੂਰਨ ਵਿਕਾਸ ਦੇ ਮੁੱਦਿਆਂ 'ਤੇ ਵਿਸਤਾਰ ਨਾਲ ਚਰਚਾ ਕੀਤੀ। ਮੁੱਖ ਮੰਤਰੀ ਨੇ ਉਨ੍ਹਾਂ ਨੂੰ ਵੀ ਕੁਦਰਤੀ ਆਫਤ ਕਾਰਨ ਹੋਏ ਨੁਕਸਾਨ ਨਾਲ ਜਾਣੂ ਕਰਵਾਇਆ। ਅਜਿਹੇ 'ਚ ਜੇ.ਪੀ. ਨੱਢਾ ਨੇ ਇਸ ਚੁਣੌਤੀਪੂਰਨ ਸਮੇਂ 'ਚ ਸੂਬੇ ਨੂੰ ਹਰ ਸੰਭਵ ਮਦਦ ਪ੍ਰਦਾਨ ਕਰਨ ਦਾ ਭਰੋਸਾ ਦਿੱਤਾ।
ਸੀ.ਐੱਮ. ਨੇ ਪ੍ਰਧਾਨ ਮੰਤਰੀ ਨੂੰ ਹਿਮਾਚਲ ਨੂੰ ਜਲਦ ਅੰਤਰਿਮ ਰਾਹਤ ਰਾਸ਼ੀ ਜਾਰੀ ਕਰਵਾਉਣ ਦੀ ਅਪੀਲ ਕੀਤੀ। ਨਾਲ ਹੀ ਹੜ੍ਹ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਕੇਂਦਰੀ ਟੀਮ ਭੇਜਣ 'ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਨਾਲ ਹੀ ਮੁੱਖ ਮੰਤਰੀ ਸੁੱਖੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਹਿਮਾਚਲ ਲਈ ਵਿਸ਼ੇਸ਼ ਆਰਥਿਕ ਪੈਕੇਜ ਮੰਗਿਆ।
ਉਥੇ ਹੀ ਪੀ.ਐੱਮ. ਮੋਦੀ ਨੇ ਸੂਬੇ ਨੂੰ ਆਫਤ ਦੀ ਇਸ ਘੜੀ 'ਚੋਂ ਕੱਢਣ ਲਈ ਕੇਂਦਰ ਤੋਂ ਹਰ ਸੰਭਵ ਸਹਿਯੋਗ ਪ੍ਰਦਾਨ ਕਰਨ ਦਾ ਵਿਸ਼ਵਾਸ ਦਿੱਤਾ।
ਦੱਸ ਦੇਈਏ ਕਿ ਸੁੱਖੂ ਨੇ ਵੀਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਤੋਂ 2000 ਕਰੋੜ ਰੁਪਏ ਦੀ ਤਤਕਾਲ ਰਾਹਤ ਰਾਸ਼ੀ ਦੀ ਮੰਗ ਕੀਤੀ ਸੀ।