ਕੰਡਕਟਰ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲਾ: ਦੋਸ਼ੀ ਗ੍ਰਿਫ਼ਤਾਰ, ਮੁੱਖ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ
Monday, Oct 19, 2020 - 06:01 PM (IST)
ਸ਼ਿਮਲਾ— ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਸਥਿਤ ਏ. ਪੀ. ਗੋਇਲ ਯੂਨੀਵਰਸਿਟੀ ਕੇਂਦਰ ਤੋਂ ਕੰਡਕਟਰ ਭਰਤੀ ਪੇਪਰ ਲੀਕ ਮਾਮਲੇ 'ਚ ਫਰਾਰ ਦੋਸ਼ੀ ਨੂੰ ਪ੍ਰਦੇਸ਼ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਅਧਿਕਾਰੀ ਸ਼ਿਮਲਾ ਮੋਹਿਤ ਚਾਵਲਾ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਫਰਾਰ ਦੋਸ਼ੀ ਨੂੰ ਰਾਤ 8 ਵਜੇ ਮੋਬਾਇਲ ਸਮੇਤ ਰੋਹੜੂ ਤੋਂ ਗ੍ਰਿਫ਼ਤਾਰ ਕਰ ਲਿਆਂਦਾ ਗਿਆ। ਉਸ ਨੇ ਆਪਣੇ ਭਰਾ ਨੂੰ ਪੇਪਰ ਵਟਸਐਪ ਕੀਤਾ ਸੀ। ਉਨ੍ਹਾਂ ਨੇ ਦੱਸਿਆ ਕਿ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਉੱਚਿਤ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਮਾਮਲੇ ਵਿਚ ਐੱਸ. ਪੀ. ਮੋਹਿਤ ਚਾਵਲਾ ਨੇ ਕਿਹਾ ਕਿ ਇਸ ਦੀ ਪੁਸ਼ਟੀ ਹੋ ਚੁੱਕੀ ਹੈ ਕਿ ਪ੍ਰਸ਼ਨ ਪੱਤਰ ਦੀ ਤਸਵੀਰ ਇਸੇ ਪ੍ਰੀਖਿਆ ਕੇਂਦਰ ਤੋਂ ਖਿੱਚੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਛਾਣਬੀਣ ਜਾਰੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਜ਼ਿਆਦਾ ਕੁਝ ਨਹੀਂ ਦੱਸ ਸਕਦੇ ਪਰ ਇੰਨਾ ਜ਼ਰੂਰ ਹੈ ਕਿ ਇਹ ਮਾਮਲਾ ਵੱਡਾ ਹੈ। ਕੁਝ ਜ਼ਿਲ੍ਹਿਆਂ ਦੇ ਐੱਸ. ਪੀ. ਨਾਲ ਸ਼ਿਮਲਾ ਪੁਲਸ ਸੰਪਰਕ ਵਿਚ ਹੈ ਅਤੇ ਕਰਮਚਾਰੀ ਚੋਣ ਕਮਿਸ਼ਨ ਦੇ ਚੇਅਰਮੈਨ ਵੀ ਪੂਰਾ ਸਹਿਯੋਗ ਕਰ ਰਹੇ ਹਨ।
ਓਧਰ ਮੁੱਖ ਮੰਤਰੀ ਜੈਰਾਮ ਠਾਕੁਰ ਨੇ ਹਿਮਾਚਲ ਰੋਡ ਟਰਾਂਸਪੋਰਟ ਨਿਗਮ ਵਿਚ ਕੰਡਕਟਰਾਂ ਦੀ ਭਰਤੀ ਲਈ ਆਯੋਜਿਤ ਪ੍ਰੀਖਿਆ ਦਾ ਪ੍ਰਸ਼ਨ ਪੱਤਰ ਲੀਕ ਹੋਣ ਦੇ ਮਾਮਲੇ ਨੂੰ ਆਪਣੇ ਧਿਆਨ ਵਿਚ ਲੈਂਦੇ ਹੋਏ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਮਾਮਲੇ ਵਿਚ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਇਹ ਯਕੀਨੀ ਕਰੇਗੀ ਕਿ ਲਿਖਤੀ ਪ੍ਰੀਖਿਆ ਪੂਰੀ ਤਰ੍ਹਾਂ ਪਾਰਦਰਸ਼ੀ ਤਰੀਕੇ ਨਾਲ ਆਯੋਜਿਤ ਕੀਤੀਆਂ ਜਾਣ, ਤਾਂ ਕਿ ਭਵਿੱਖ 'ਚ ਇਸ ਤਰ੍ਹਾਂ ਦੀਆਂ ਘਟਨਾਵਾਂ ਨਾ ਵਾਪਰਨ।