ਭਲਕੇ ਸ਼ਿਮਲਾ 'ਚ ਹੋਵੇਗੀ ਕਾਂਗਰਸ ਵਿਧਾਇਕ ਦਲ ਦੀ ਬੈਠਕ, ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਹੋਵੇਗਾ ਫ਼ੈਸਲਾ

Thursday, Dec 08, 2022 - 09:43 PM (IST)

ਭਲਕੇ ਸ਼ਿਮਲਾ 'ਚ ਹੋਵੇਗੀ ਕਾਂਗਰਸ ਵਿਧਾਇਕ ਦਲ ਦੀ ਬੈਠਕ, ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਹੋਵੇਗਾ ਫ਼ੈਸਲਾ

ਨੈਸ਼ਨਲ ਡੈਸਕ : ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਨੇ ਵੱਡੀ ਜਿੱਤ ਦਰਜ ਕੀਤੀ ਹੈ। ਪਾਰਟੀ ਨੂੰ ਇੱਥੇ ਕੁਲ 40 ਸੀਟਾਂ 'ਤੇ ਜਿੱਤ ਮਿਲੀ ਹੈ। ਇਸ ਹਿਸਾਬ ਨਾਲ ਕਾਂਗਰਸ ਬਹੁਮਤ ਨਾਲ ਸਰਕਾਰ ਬਣਾਏਗੀ। ਹਾਲਾਂਕਿ ਮੁੱਖ ਮੰਤਰੀ ਦੇ ਅਹੁਦੇ ਨੂੰ ਲੈ ਕੇ ਅਜੇ ਤੱਕ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ। ਇਸ ਨੂੰ ਧਿਆਨ 'ਚ ਰੱਖਦਿਆਂ ਪਾਰਟੀ ਵੱਲੋਂ ਸ਼ੁੱਕਰਵਾਰ ਨੂੰ ਸਾਰੇ ਜੇਤੂ ਵਿਧਾਇਕਾਂ ਦੀ ਮੀਟਿੰਗ ਬੁਲਾਈ ਗਈ ਹੈ। ਇਸ ਮੀਟਿੰਗ 'ਚ ਕਿਸ ਨੂੰ ਮੁੱਖ ਮੰਤਰੀ ਬਣਾਇਆ ਜਾਵੇਗਾ, ਇਸ ਦਾ ਫ਼ੈਸਲਾ ਲਿਆ ਜਾਵੇਗਾ। ਮੀਟਿੰਗ ਵਿੱਚ ਕਾਂਗਰਸ ਦੇ ਆਬਜ਼ਰਵਰ ਭੁਪੇਸ਼ ਬਘੇਲ ਅਤੇ ਭੂਪੇਂਦਰ ਹੁੱਡਾ ਵੀ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ : ਨਤੀਜਿਆਂ ਤੋਂ ਬਾਅਦ ਬੋਲੇ PM ਮੋਦੀ, 'ਭਾਜਪਾ ਜਿੱਥੇ ਨਹੀਂ ਜਿੱਤੀ, ਉਥੇ ਵੋਟ ਸ਼ੇਅਰ ਲੋਕਾਂ ਦੇ ਪਿਆਰ ਦਾ ਸਬੂਤ'

ਸਿਰਫ਼ 25 ਸੀਟਾਂ ਹੀ ਜਿੱਤ ਸਕੀ ਭਾਜਪਾ

ਸੂਬੇ 'ਚ ਸੱਤਾਧਾਰੀ ਭਾਜਪਾ ਸਿਰਫ਼ 25 ਸੀਟਾਂ ਹੀ ਜਿੱਤ ਸਕੀ। ਅਜਿਹੇ 'ਚ ਸੂਬੇ 'ਚ 5 ਸਾਲਾਂ ਬਾਅਦ ਸਰਕਾਰ ਬਦਲਣ ਦਾ ਰੁਝਾਨ ਬਰਕਰਾਰ ਰਿਹਾ। ਕਾਂਗਰਸ ਨੇ ਸੂਬੇ ਦੀਆਂ 68 'ਚੋਂ 40 ਸੀਟਾਂ ਜਿੱਤੀਆਂ ਹਨ, ਜਦਕਿ 3 ਸੀਟਾਂ 'ਤੇ ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ।

ਪ੍ਰਿਯੰਕਾ ਗਾਂਧੀ ਨੂੰ ਦਿੱਤਾ ਜਿੱਤ ਦਾ ਸਿਹਰਾ

ਕਾਂਗਰਸ ਨੇ ਇਸ ਜਿੱਤ ਦਾ ਸਿਹਰਾ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਦੀ ਮੁਹਿੰਮ ਨੂੰ ਦਿੱਤਾ ਹੈ। ਦੱਸ ਦੇਈਏ ਕਿ ਪ੍ਰਿਯੰਕਾ ਗਾਂਧੀ ਨੇ ਹਿਮਾਚਲ ਪ੍ਰਦੇਸ਼ ਵਿੱਚ ਕਈ ਰੈਲੀਆਂ ਕਰਕੇ ਚੋਣ ਪ੍ਰਚਾਰ ਕੀਤਾ ਸੀ। ਇਸ ਦੇ ਨਾਲ ਹੀ ਉਹ ਕਈ ਚੋਣ ਰਣਨੀਤੀਆਂ ਵਿੱਚ ਵੀ ਸ਼ਾਮਲ ਰਹੀ ਸੀ। ਮੁਹਿੰਮ ਦੀ ਕਮਾਨ ਸੰਭਾਲਦਿਆਂ ਪ੍ਰਿਯੰਕਾ ਗਾਂਧੀ ਦੀ ਇਹ ਪਹਿਲੀ ਜਿੱਤ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਤੋਂ ਇਸ ਸਫਰ ਦੀ ਸ਼ੁਰੂਆਤ ਕੀਤੀ ਸੀ ਪਰ ਪਾਰਟੀ ਉੱਥੇ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੀ ਸੀ।

ਇਹ ਵੀ ਪੜ੍ਹੋ : ਭਾਜਪਾ ਵੱਲੋਂ MCD ਚੋਣਾਂ 'ਚ ਸਿਰਸਾ ਨੂੰ 'ਸਟਾਰ ਪ੍ਰਚਾਰਕ' ਬਣਾਉਣ 'ਤੇ ਜੀ. ਕੇ. ਨੇ ਵਿੰਨ੍ਹੇ ਤਿੱਖੇ ਨਿਸ਼ਾਨੇ

ਗੁਜਰਾਤ 'ਚ ਕਾਂਗਰਸ ਨੂੰ ਮਿਲੀ ਵੱਡੀ ਹਾਰ

ਗੁਜਰਾਤ 'ਚ ਕਾਂਗਰਸ ਨੂੰ ਬੁਰੀ ਹਾਰ ਮਿਲੀ ਹੈ। ਉਥੇ ਪਾਰਟੀ ਸਿਰਫ਼ 20 ਸੀਟਾਂ ਹੀ ਜਿੱਤ ਸਕੀ ਹੈ। ਇਸ ਕਾਰਨ ਉਨ੍ਹਾਂ ਨੂੰ ਉਥੇ ਵਿਰੋਧੀ ਧਿਰ ਦੇ ਨੇਤਾ ਦਾ ਅਹੁਦਾ ਵੀ ਗੁਆਉਣਾ ਪੈ ਸਕਦਾ ਹੈ। ਦੂਜੇ ਪਾਸੇ ਜੇਕਰ ਭਾਜਪਾ ਦੀ ਗੱਲ ਕਰੀਏ ਤਾਂ ਇੱਥੇ ਪਾਰਟੀ ਨੂੰ ਇਤਿਹਾਸਕ ਜਿੱਤ ਮਿਲੀ ਹੈ। ਭਾਜਪਾ ਸੂਬੇ 'ਚ 156 ਸੀਟਾਂ ਜਿੱਤਣ 'ਚ ਸਫਲ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News