ਕਾਂਗਰਸ ਵਫ਼ਦ ਨਾਲ ਹਾਥਰਸ ਜਾਣਗੇ ਰਾਹੁਲ, ਬੋਲੇ- ਕੋਈ ਤਾਕਤ ਦੁਖੀ ਪਰਿਵਾਰ ਨਾਲ ਮਿਲਣ ਤੋਂ ਨਹੀਂ ਰੋਕ ਸਕਦੀ
Saturday, Oct 03, 2020 - 10:15 AM (IST)
ਨਵੀਂ ਦਿੱਲੀ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ 'ਚ ਪਾਰਟੀ ਸੰਸਦ ਮੈਂਬਰਾਂ ਦਾ ਇਕ ਵਫ਼ਦ ਸ਼ਨੀਵਾਰ ਨੂੰ ਹਾਥਰਸ 'ਚ ਸਮੂਹਕ ਜਬਰ ਜ਼ਿਨਾਹ ਪੀੜਤਾ ਦੇ ਪਰਿਵਾਰ ਨੂੰ ਮਿਲਣ ਜਾਵੇਗਾ। ਇਸ ਸੰਦਰਭ 'ਚ ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਦੁਖੀ ਪਰਿਵਾਰ ਨਾਲ ਮਿਲਣ ਤੋਂ ਕੋਈ ਤਾਕਤ ਨਹੀਂ ਰੋਕ ਸਕਦੀ। ਉਨ੍ਹਾਂ ਨੇ ਟਵੀਟ ਕੀਤਾ,''ਦੁਨੀਆ ਦੀ ਕੋਈ ਵੀ ਤਾਕਤ ਮੈਨੂੰ ਸਵੀਕਾਰ ਨਹੀਂ। ਕਿਸੇ ਵੀ ਹਿੰਦੁਸਤਾਨੀ ਨੂੰ ਇਹ ਸਵੀਕਾਰ ਨਹੀਂ ਕਰਨਾ ਚਾਹੀਦਾ।'' ਪਾਰਟੀ ਦੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਨੂੰਗੋਪਾਲ ਅਨੁਸਾਰ, ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੇ ਕਈ ਸੰਸਦ ਮੈਂਬਰ ਹਾਥਰਸ ਜਾਣਗੇ ਅਤੇ ਪੀੜਤ ਪਰਿਵਾਰ ਨਾਲ ਮੁਲਾਕਾਤ ਕਰਨਗੇ।
ਇਸ ਤੋਂ ਪਹਿਲਾਂ, ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਨੂੰ ਪੁਲਸ ਨੇ ਵੀਰਵਾਰ ਨੂੰ ਪੀੜਤਾ ਦੇ ਪਰਿਵਾਰ ਨਾਲ ਮੁਲਾਕਾਤ ਲਈ ਹਾਥਰਸ ਜਾਣ ਤੋਂ ਰੋਕ ਕੇ ਹਿਰਾਸਤ 'ਚ ਲੈ ਲਿਆ ਸੀ। ਦੂਜੇ ਪਾਸੇ ਕਾਂਗਰਸ ਨੇ ਦਾਅਵਾ ਕੀਤਾ ਕਿ ਰਾਹੁਲ ਅਤੇ ਪ੍ਰਿਯੰਕਾ ਨੂੰ ਉੱਤਰ ਪ੍ਰਦੇਸ਼ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਸੀ। ਦੱਸਣਯੋਗ ਹੈ ਕਿ 14 ਸਤੰਬਰ ਨੂੰ ਹਾਥਰਸ ਦੇ ਚਾਰ ਨੌਜਵਾਨਾਂ ਨੇ 19 ਸਾਲਾ ਦਲਿਤ ਕੁੜੀ ਨਾਲ ਸਮੂਹਕ ਜਬਰ ਜ਼ਿਨਾਹ ਕੀਤਾ ਸੀ ਅਤੇ ਮੰਗਲਵਾਰ ਨੂੰ ਦਿੱਲੀ ਦੇ ਸਫ਼ਦਰਗੰਜ ਹਸਪਤਾਲ 'ਚ ਉਸ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਬੁੱਧਵਾਰ ਰਾਤ ਨੂੰ ਉਸ ਦੀ ਲਾਸ਼ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਪੀੜਤਾ ਦੇ ਪਰਿਵਾਰ ਵਾਲਿਆਂ ਦਾ ਦੋਸ਼ ਹੈ ਕਿ ਪੁਲਸ ਨੇ ਉਨ੍ਹਾਂ ਨੂੰ ਰਾਤ ਨੂੰ ਅੰਤਿਮ ਸੰਸਕਾਰ ਕਰਨ ਲਈ ਮਜ਼ਬੂਰ ਕੀਤਾ। ਫਿਲਹਾਲ ਸਥਾਨਕ ਪੁਲਸ ਦਾ ਕਹਿਣਾ ਹੈ ਕਿ ਪਰਿਵਾਰ ਦੀ ਇੱਛਾ ਅਨੁਸਾਰ ਅੰਤਿਮ ਸੰਸਕਾਰ ਕੀਤਾ ਗਿਆ।