ਦਿੱਲੀ 'ਚ ਪੰਜਾਬ ਕਾਂਗਰਸ ਇਕਾਈ ਦੀ ਮੀਟਿੰਗ ਤੋਂ ਬਾਅਦ ਭੁਪੇਸ਼ ਬਘੇਲ ਦਾ ਵੱਡਾ ਬਿਆਨ (ਵੀਡੀਓ)

Friday, May 29, 2026 - 10:40 PM (IST)

ਦਿੱਲੀ 'ਚ ਪੰਜਾਬ ਕਾਂਗਰਸ ਇਕਾਈ ਦੀ ਮੀਟਿੰਗ ਤੋਂ ਬਾਅਦ ਭੁਪੇਸ਼ ਬਘੇਲ ਦਾ ਵੱਡਾ ਬਿਆਨ (ਵੀਡੀਓ)

ਨਵੀਂ ਦਿੱਲੀ : ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਅਤੇ ਜਥੇਬੰਦਕ ਮੁੱਦਿਆਂ ਨੂੰ ਲੈ ਕੇ ਦਿੱਲੀ ਵਿੱਚ ਕਾਂਗਰਸ ਹਾਈਕਮਾਂਡ ਦੀ ਇੱਕ ਅਹਿਮ ਅਤੇ ਵਿਸਥਾਰਤ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ, ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਸਮੇਤ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ ਤੇ ਪੰਜਾਬ ਕਾਂਗਰਸ ਦੇ ਪ੍ਰਮੁੱਖ ਆਗੂ ਸ਼ਾਮਲ ਹੋਏ।

ਇੱਕਜੁੱਟਤਾ 'ਤੇ ਜ਼ੋਰ
ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਭੁਪੇਸ਼ ਬਘੇਲ ਨੇ ਦੱਸਿਆ ਕਿ ਪੰਜਾਬ ਚੋਣਾਂ ਵਿੱਚ ਹੁਣ ਕੁਝ ਹੀ ਮਹੀਨੇ ਬਾਕੀ ਰਹਿ ਗਏ ਹਨ, ਜਿਸ ਕਾਰਨ ਰਣਨੀਤਕ ਮਾਮਲਿਆਂ 'ਤੇ ਬਹੁਤ ਗੰਭੀਰਤਾ ਨਾਲ ਚਰਚਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੰਜਾਬ ਵਿੱਚ ਇੱਕ ਇੱਕਜੁੱਟ ਤਾਕਤ ਵਜੋਂ ਲੋਕਾਂ ਦੇ ਵਿਚਕਾਰ ਜਾਵੇਗੀ। ਬਘੇਲ ਅਨੁਸਾਰ, ਪੰਜਾਬ ਦੇਸ਼ ਅਤੇ ਕਾਂਗਰਸ ਦੋਵਾਂ ਲਈ ਬਹੁਤ ਮਹੱਤਵਪੂਰਨ ਸੂਬਾ ਹੈ।

ਮੌਜੂਦਾ ਸਰਕਾਰ ਤੇ ਕੇਂਦਰ 'ਤੇ ਨਿਸ਼ਾਨਾ
ਮੀਟਿੰਗ ਦੌਰਾਨ ਪੰਜਾਬ 'ਚ ਭ੍ਰਿਸ਼ਟਾਚਾਰ ਤੇ ਵਿਗੜ ਰਹੀ ਕਾਨੂੰਨ ਵਿਵਸਥਾ 'ਤੇ ਚਿੰਤਾ ਪ੍ਰਗਟਾਈ ਗਈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਦੇ ਰਵੱਈਏ ਕਾਰਨ ਪੰਜਾਬ ਨੂੰ ਹੋ ਰਹੇ ਨੁਕਸਾਨ ਬਾਰੇ ਵੀ ਜਨਤਾ ਨੂੰ ਜਾਗਰੂਕ ਕਰਨ ਦਾ ਫੈਸਲਾ ਲਿਆ ਗਿਆ। ਸਥਾਨਕ ਨਿਕਾਏ ਚੋਣਾਂ ਦੇ ਨਤੀਜਿਆਂ ਬਾਰੇ ਬਘੇਲ ਨੇ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਨੇ ਸੱਤਾ ਦੀ ਦੁਰਵਰਤੋਂ ਕੀਤੀ ਅਤੇ ਕਈ ਥਾਵਾਂ 'ਤੇ ਨਾਮਜ਼ਦਗੀਆਂ ਰੱਦ ਕਰਵਾਈਆਂ, ਫਿਰ ਵੀ ਕਾਂਗਰਸੀ ਵਰਕਰਾਂ ਨੇ ਡਟ ਕੇ ਸੰਘਰਸ਼ ਕੀਤਾ।

ਅਫਵਾਹਾਂ ਦਾ ਖੰਡਨ
ਪੰਜਾਬ ਕਾਂਗਰਸ ਦੀ ਲੀਡਰਸ਼ਿਪ 'ਚ ਬਦਲਾਅ ਦੀਆਂ ਅਫਵਾਹਾਂ ਨੂੰ ਖਾਰਜ ਕਰਦਿਆਂ ਬਘੇਲ ਨੇ ਕਿਹਾ ਕਿ ਪਾਰਟੀ ਵਿੱਚ ਸਭ ਕੁਝ ਠੀਕ ਹੈ। ਪ੍ਰਤਾਪ ਸਿੰਘ ਬਾਜਵਾ ਦੇ ਮੀਟਿੰਗ ਵਿੱਚੋਂ ਜਲਦੀ ਜਾਣ ਬਾਰੇ ਸਪੱਸ਼ਟ ਕਰਦਿਆਂ ਉਨ੍ਹਾਂ ਕਿਹਾ ਕਿ ਬਾਜਵਾ ਇੱਕ ਸੀਨੀਅਰ ਆਗੂ ਹਨ ਅਤੇ ਉਹ ਹਾਈਕਮਾਂਡ ਨੂੰ ਸੂਚਿਤ ਕਰਕੇ ਹੀ ਗਏ ਸਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਕੋਈ ਮਤਭੇਦ ਨਹੀਂ ਹੈ ਅਤੇ ਕਿਸੇ ਵੀ ਸ਼ੰਕੇ ਦੀ ਕੋਈ ਗੁੰਜਾਇਸ਼ ਨਹੀਂ ਹੈ।

ਖੜਗੇ ਅਤੇ ਰਾਹੁਲ ਗਾਂਧੀ ਨੇ ਸਾਰੇ ਆਗੂਆਂ ਨੂੰ ਚੋਣ ਮੈਦਾਨ ਵਿੱਚ ਉਤਰਨ ਅਤੇ ਪਰਿਵਰਤਨ ਲਿਆਉਣ ਲਈ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ। ਪਾਰਟੀ ਜਲਦੀ ਹੀ ਪੰਜਾਬ ਲਈ ਆਪਣਾ ਅਗਲਾ ਪ੍ਰੋਗਰਾਮ ਉਲੀਕੇਗੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News