ਰਾਜ ਸਭਾ ’ਚ ਵੀ ‘ਕੋਰੋਨਾ-ਕੋਰੋਨਾ’, ਮਾਸਕ ਤੇ ਸੈਨੇਟਾਈਜ਼ਰ ਦੀਆਂ ਕੀਮਤਾਂ ਦਾ ਮੁੱਦਾ ਗੂੰਜਿਆ
Wednesday, Mar 18, 2020 - 06:27 PM (IST)
ਨਵੀਂ ਦਿੱਲੀ (ਭਾਸ਼ਾ)— ਕੋਰੋਨਾ ਵਾਇਰਸ ਦਾ ਮੁੱਦਾ ਬੁੱਧਵਾਰ ਭਾਵ ਅੱਜ ਰਾਜ ਸਭਾ ’ਚ ਗੂੰਜਿਆ। ਕਾਂਗਰਸ ਦੇ ਇਕ ਸੰਸਦ ਮੈਂਬਰ ਨੇ ਦੇਸ਼ ’ਚ ਮਾਸਕ ਅਤੇ ਸੈਨੇਟਾਈਜ਼ਰ ਦੀ ਕਮੀ ਅਤੇ ਉਨ੍ਹਾਂ ਦੀਆਂ ਉੱਚੀਆਂ ਕੀਮਤਾਂ ਦਾ ਮੁੱਦਾ ਚੁੱਕਿਆ। ਕਾਂਗਰਸ ਮੈਂਬਰ ਰਿਪੁਨ ਬੋਰਾ ਨੇ ਸਿਫਰ ਕਾਲ ਵਿਚ ਇਹ ਮੁੱਦਾ ਚੁੱਕਿਆ ਅਤੇ ਕਿਹਾ ਕਿ ਸ਼ਹਿਰੀ ਖੇਤਰਾਂ ’ਚ ਹੀ ਨਹੀਂ ਪੇਂਡੂ ਇਲਾਕਿਆਂ ’ਚ ਵੀ ਸਾਬਣ, ਮਾਸਕ, ਸੈਨੇਟਾਈਜ਼ਰ ਦੀ ਕਮੀ ਮਹਿਸੂਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਉਤਪਾਦਾਂ ਨੂੰ ਕਾਫੀ ਉੱਚੀਆਂ ਕੀਮਤਾਂ ’ਤੇ ਵੇਚਿਆ ਜਾ ਰਿਹਾ ਹੈ। ਉਨ੍ਹਾਂ ਨੇ ਸਿਹਤ ਮੰਤਰਾਲੇ ਨੂੰ ਬੇਨਤੀ ਕੀਤੀ ਹੈ ਕਿ ਇਨ੍ਹਾਂ ਉਤਪਾਦਾਂ ਦੀ ਸਪਲਾਈ ਦੀ ਨਿਗਰਾਨੀ ਅਤੇ ਉਨ੍ਹਾਂ ਦੀ ਉਪਲੱਬਧਤਾ ਨੂੰਯਕੀਨੀ ਕੀਤਾ ਜਾਵੇ।
ਰਾਜ ਸਭਾ ’ਚ ਆਮ ਆਦਮੀ ਪਾਰਟੀ ਦੇ ਮੈਂਬਰ ਸੰਜੈ ਸਿੰਘ ਨੇ ਇਹ ਮੁੱਦਾ ਚੁੱਕਦੇ ਹੋਏ ਦੇਸ਼ ’ਚ ਕੋਰੋਨਾ ਵਾਇਰਸ ਜਾਂਚ ਕੇਂਦਰਾਂ ਦੀ ਗਿਣਤੀ ਵਧਾਏ ਜਾਣ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਦੱਖਣੀ ਕੋਰੀਆ ਵਰਗੇ ਦੇਸ਼ਾਂ ਦੀ ਤੁਲਨਾ ’ਚ ਭਾਰਤ ’ਚ ਕਾਫੀ ਘੱਟ ਗਿਣਤੀ ’ਚ ਲੋਕਾਂ ਦੀ ਜਾਂਚ ਕੀਤੀ ਜਾ ਰਹੀ ਹੈ। ਸੰਜੈ ਸਿੰਘ ਨੇ ਦੱਖਣੀ ਕੋਰੀਆ ’ਚ ਅਪਣਾਏ ਗਏ ਮਾਡਲ ਨੂੰ ਇੱਥੇ ਵੀ ਲਾਗੂ ਕਰਨ ਦੀ ਮੰਗ ਕੀਤੀ। ਤਿ੍ਰਣਮੂਲ ਕਾਂਗਰਸ ਦੇ ਮੁਹੰਮਦ ਨਦੀਮੁਲ ਹੱਕ ਨੇ ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਦੇਸ਼ਾਂ ’ਚ ਫਸੇ ਭਾਰਤੀ ਨਾਗਰਿਕਾਂ ਦਾ ਮੁੱਦਾ ਚੁੱਕਿਆ ਅਤੇ ਟੂਰ ਆਪਰੇਟਰਾਂ ’ਤੇ ਰੋਕ ਲਾਉਣ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਭਾਰਤ ’ਚ ਹੁਣ ਤੱਕ 147 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ’ਚੋਂ 14 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ ਅਤੇ ਵਾਇਰਸ ਨਾਲ 3 ਲੋਕਾਂ ਦੀ ਮੌਤ ਹੋ ਗਈ ਹੈ। ਦੁਨੀਆ ਭਰ ’ਚ ਇਸ ਵਾਇਰਸ ਕਾਰਨ 7,994 ਲੋਕਾਂ ਦੀ ਮੌਤ ਹੋ ਗਈ ਹੈ ਅਤੇ 1 ਲੱਖ 99 ਹਜ਼ਾਰ ਲੋਕ ਲਪੇਟ ’ਚ ਹਨ।