ਹਸਪਤਾਲ ਦੀ 6ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੋਰੋਨਾ ਮਰੀਜ਼ ਨੇ ਕੀਤੀ ਖ਼ੁਦਕੁਸ਼ੀ

08/29/2020 6:13:17 PM

ਮੁਰਾਦਾਬਾਦ (ਭਾਸ਼ਾ)— ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਦੇ ਇਕ ਹਸਪਤਾਲ ਦੀ 6ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਕੋਰੋਨਾ ਵਾਇਰਸ ਪੀੜਤ ਇਕ ਮਰੀਜ਼ ਨੇ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਇਹ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ 42 ਸਾਲ ਦਾ ਮਰੀਜ਼ ਇਕ ਬੈਂਕ 'ਚ ਸੀਨੀਅਰ ਮੈਨੇਜਰ ਸੀ ਅਤੇ ਉਸ ਨੂੰ 25 ਅਗਸਤ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਮਰੀਜ਼ ਨੇ ਹਸਪਤਾਲ ਦੀ 6ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਸਥਾਨਕ ਪੁਲਸ ਚੌਕੀ ਦੇ ਮੁਖੀ ਪ੍ਰਵੀਨ ਕੁਮਾਰ ਨੇ ਕਿਹਾ ਕਿ ਸੀ. ਸੀ. ਟੀ. ਵੀ. ਕੈਮਰੇ ਦੀ ਇਕ ਤਸਵੀਰ 'ਚ ਮਰੀਜ਼ ਹਸਪਤਾਲ ਦੀ 6ਵੀਂ ਮੰਜ਼ਿਲ ਤੋਂ ਛਾਲ ਮਾਰਦਾ ਨਜ਼ਰ ਆ ਰਿਹਾ ਹੈ। ਕੁਮਾਰ ਨੇ ਕਿਹਾ ਕਿ ਹੇਠਾਂ ਡਿੱਗਣ ਤੋਂ ਬਾਅਦ ਉਹ ਮ੍ਰਿਤਕ ਪਾਇਆ ਗਿਆ। ਕੁਮਾਰ ਨੇ ਕਿਹਾ ਕਿ ਪੁਲਸ ਨੇ ਉਸ ਦੇ ਕਮਰੇ ਨੂੰ ਸੀਲ ਕਰ ਦਿੱਤਾ ਹੈ ਅਤੇ ਜਾਂਚ ਤੋਂ ਬਾਅਦ ਹੀ ਘਟਨਾ ਦੇ ਕਾਰਨਾਂ ਦਾ ਪਤਾ ਲੱਗ ਸਕੇਗਾ।

ਉੱਥੇ ਹੀ ਬਸਪਾ ਸੰਸਦ ਮੈਂਬਰ ਕੁੰਵਰ ਦਾਨਿਸ਼ ਅਲੀ ਨੇ ਇਸ ਮਾਮਲੇ ਨੂੰ ਲੈ ਕੇ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਟਵੀਟ ਕੀਤਾ ਕਿ ਮੁਰਾਦਾਬਾਦ ਦੇ ਇਕ ਹਸਪਤਾਲ ਵਿਚ ਕੋਰੋਨਾ ਵਾਇਰਸ ਪੀੜਤ ਬੈਂਕ ਮੈਨੇਜਰ ਦੀ ਖ਼ੁਦਕੁਸ਼ੀ ਬਹੁਤ ਹੀ ਦਰਦਨਾਕ ਹੈ, ਜਿਸ ਨੇ ਸਰਕਾਰ ਅਤੇ ਹਸਪਤਾਲ ਅਧਿਕਾਰੀਆਂ ਦੀ ਅਪਰਾਧਿਕ ਲਾਪ੍ਰਵਾਹੀ ਨੂੰ ਉਜਾਗਰ ਕੀਤਾ ਹੈ। ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਉੱਤਰ ਪ੍ਰਦੇਸ਼ ਵਿਚ ਅਜਿਹੀ ਨਿਰਾਸ਼ਾਜਨਕ ਹਾਲਾਤ ਲਈ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਸਖਤ ਕਾਰਵਾਈ ਕਰਨੀ ਚਾਹੀਦੀ ਹੈ। ਮੁਰਾਦਾਬਾਦ ਦੇ ਹਸਪਤਾਲ ਵਿਚ 19 ਅਗਸਤ ਤੋਂ ਇਸ ਤਰ੍ਹਾਂ ਦੀ ਇਹ ਦੂਜੀ ਘਟਨਾ ਹੈ। ਇਸ ਤੋਂ ਪਹਿਲਾਂ ਹਸਪਤਾਲ ਦੀ ਦੂਜੀ ਮੰਜ਼ਿਲ ਤੋਂ ਛਾਲ ਮਾਰੇ ਇਕ ਜਨਾਨੀ ਨੇ ਖ਼ੁਦਕੁਸ਼ੀ ਕਰ ਲਈ ਸੀ।

Tanu

This news is Content Editor Tanu