ਦੁਨੀਆ ਭਰ ''ਚ ਕੋਰੋਨਾ ਤੋਂ ਪ੍ਰਭਾਵਿਤਾਂ ਦੀ ਗਿਣਤੀ ਹੋਈ 60 ਲੱਖ ਤੋਂ ਪਾਰ, 3.69 ਲੱਖ ਲੋਕਾਂ ਦੀ ਮੌਤ

05/31/2020 11:43:28 PM

ਵਾਸ਼ਿੰਗਟਨ/ਨਵੀਂ ਦਿੱਲੀ - ਗਲੋਬਲ ਮਹਾਮਾਰੀ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਹੋਏ ਲੋਕਾਂ ਦੀ ਗਿਣਤੀ 60 ਲੱਖ ਤੋਂ ਜ਼ਿਆਦਾ ਹੋ ਗਈ ਹੈ ਜਦਕਿ ਇਸ ਮਹਾਮਾਰੀ ਨਾਲ ਹੁਣ ਤੱਕ 3.69 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਅਮਰੀਕਾ ਦੀ ਜਾਨ ਹਾਪਕਿੰਸ ਯੂਨੀਵਰਸਿਟੀ ਦੇ ਵਿਗਿਆਨ ਅਤੇ ਇੰਜੀਨੀਅਰਿੰਗ ਕੇਂਦਰ (ਸੀ. ਐਸ. ਐਸ. ਈ.) ਵੱਲੋਂ ਜਾਰੀ ਅੰਕੜਿਆਂ ਮੁਤਾਬਕ ਕੋਰੋਨਾਵਾਇਰਸ ਨਾਲ ਦੁਨੀਆ ਭਰ ਵਿਚ ਹੁਣ ਤੱਕ 60,94,965 ਲੋਕ ਪ੍ਰਭਾਵਿਤ ਹੋਏ ਹਨ, ਜਿਨ੍ਹਾਂ ਵਿਚੋਂ 3,69,664 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 2,776,249 ਲੋਕਾਂ ਨੂੰ ਰੀ-ਕਵਰ ਕੀਤਾ ਜਾ ਚੁੱਕਿਆ ਹੈ।

ਕੋਰੋਨਾਵਾਇਰਸ ਤੋਂ ਪ੍ਰਭਾਵਿਤ ਹੋਣ ਦੇ ਮਾਮਲੇ ਵਿਚ ਅਮਰੀਕਾ ਦੁਨੀਆ ਭਰ ਵਿਚ ਪਹਿਲੇ ਅਤੇ ਬ੍ਰਾਜ਼ੀਲ ਦੂਜੇ, ਇਟਲੀ ਤੀਜੇ ਨੰਬਰ 'ਤੇ ਹੈ। ਦੂਜੇ ਪਾਸੇ ਇਸ ਮਹਾਮਾਰੀ ਕਾਰਨ ਹੋਈਆਂ ਮੌਤਾਂ ਦੇ ਅੰਕੜਿਆਂ ਵਿਚ ਵੀ ਅਮਰੀਕਾ ਪਹਿਲੇ ਨੰਬਰ 'ਤੇ ਹੈ ਜਦਕਿ ਬਿ੍ਰਟੇਨ ਦੂਜੇ ਅਤੇ ਇਟਲੀ ਤੀਜੇ ਨੰਬਰ 'ਤੇ ਹੈ। ਇਕੱਲੇ ਅਮਰੀਕਾ ਵਿਚ ਹੀ 1 ਲੱਖ ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਥੇ ਹੀ ਭਾਰਤ ਵਿਚ ਵੀ ਕੋਰੋਨਾਵਾਇਰਸ ਮਹਾਮਾਰੀ ਦਾ ਪ੍ਰਕੋਪ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ ਅਤੇ ਇਹ ਵਿਸ਼ਵ ਭਰ ਵਿਚ ਪ੍ਰਭਾਵਿਤਾਂ ਦੇ ਸਭ ਤੋਂ ਜ਼ਿਆਦਾ ਮਾਮਲਿਆਂ ਵਾਲੇ ਦੇਸ਼ਾਂ ਦੀ ਲਿਸਟ ਵਿਚ 8ਵੇਂ ਨੰਬਰ 'ਤੇ ਹੈ। ਪਿਛਲੇ 24 ਘੰਟਿਆਂ ਦੌਰਾਨ ਕੋਰੋਨਾਵਾਇਰਸ ਦੇ ਇਥੇ ਇਕ ਦਿਨ ਵਿਚ ਸਭ ਤੋਂ ਜ਼ਿਆਦਾ 8380 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 193 ਲੋਕਾਂ ਦੀ ਮੌਤ ਹੋ ਗਈ ਜਦਕਿ ਇਸ ਬੀਮਾਰੀ ਨਾਲ 4614 ਮਰੀਜ਼ ਰੀ-ਕਵਰ ਹੋਏ ਹਨ। ਕੇਂਦਰੀ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਐਤਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਦੇਸ਼ ਦੇ ਵਿਭਿੰਨ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਕੋਰੋਨਾ ਤੋਂ ਪ੍ਰਭਾਵਿਤਾਂ ਦੀ ਗਿਣਤੀ 1,82,143 ਪਹੁੰਚ ਗਈ ਹੈ, ਜਿਨ੍ਹਾਂ ਵਿਚੋਂ 5164 ਲੋਕਾਂ ਦੀ ਮੌਤ ਹੋਈ ਹੈ ਜਦਕਿ 86,984 ਲੋਕ ਇਸ ਬੀਮਾਰੀ ਤੋਂ ਨਿਜਾਤ ਪਾਉਣ ਵਿਚ ਕਾਮਯਾਬ ਹੋਏ ਹਨ।

Khushdeep Jassi

This news is Content Editor Khushdeep Jassi