ਫੇਫੜਿਆਂ ਨੂੰ ਹੀ ਨਹੀਂ ਸਗੋਂ ਸਰੀਰ ਦੇ ਹੋਰ ਅੰਗਾਂ ਨੂੰ ਵੀ ਨੁਕਸਾਨ ਪਹੁੰਚਾਉਂਦਾ ਹੈ ਕੋਰੋਨਾ

04/21/2020 2:24:05 PM

ਜੇਨੇਵਾ- ਜਾਨਲੇਵਾ ਬੀਮਾਰੀ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿਚ ਕਹਿਰ ਮਚਾਇਆ ਹੋਇਆ ਹੈ। ਵਿਸ਼ਵ ਭਰ ਵਿਚ 24 ਲੱਖ ਤੋਂ ਵੱਧ ਲੋਕ ਕੋਰੋਨਾ ਦੀ ਲਪੇਟ ਵਿਚ ਹਨ ਅਤੇ 1 ਲੱਖ 70 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਵਿਚਕਾਰ ਕੋਵਿਡ-19 ਬਾਰੇ ਸਾਹਮਣੇ ਆ ਰਹੀਆਂ ਨਵੀਆਂ ਰਿਪੋਰਟਾਂ ਵਿਚ ਪਤਾ ਲੱਗਾ ਹੈ ਕਿ ਇਹ ਮਨੁੱਖ ਦੇ ਫੇਫੜੇ ਨੂੰ ਹੀ ਨੁਕਸਾਨ ਨਹੀਂ ਪਹੁੰਚਾਉਂਦਾ ਸਗੋਂ ਦੂਜੇ ਅੰਗਾਂ ਨੂੰ ਵੀ ਨੁਕਸਾਨ ਪਹੁੰਚਾਉਂਦਾ ਹੈ। ਹੁਣ ਤੱਕ ਮੰਨਿਆ ਜਾ ਰਿਹਾ ਸੀ ਕਿ ਕੋਵਿਡ-19 ਮਰੀਜ਼ ਦੇ ਫੇਫੜੇ ਨੂੰ ਜਕੜ ਲੈਂਦਾ ਹੈ ਤੇ ਵਿਅਕਤੀ ਦਾ ਸਾਹ ਲੈਣਾ ਵੀ ਔਖਾ ਹੋ ਜਾਂਦਾ ਹੈ ਪਰ ਕਈ ਰਿਪੋਰਟਾਂ ਵਿਚ ਇਹ ਗੱਲ ਸਾਹਮਣੇ ਆਈ ਹੈ ਕਿ ਕੋਰੋਨਾ ਸਰੀਰ ਵਿਚ ਆਕਸੀਜਨ ਲੈ ਜਾਣ ਵਾਲੇ ਰੈੱਡ ਬਲੱਡ ਸੈਲਜ਼ ਨੂੰ ਖਤਮ ਕਰ ਦਿੰਦਾ ਹੈ।

ਵਿਸ਼ਵ ਸਿਹਤ ਸੰਗਠਨ ਦੇ ਸਿਹਤ ਐਮਰਜੈਂਸੀ ਦੇ ਕਾਰਜਕਾਰੀ ਨਿਰਦੇਸ਼ਕ ਡਾ. ਮਾਈਕਲ ਜੇ. ਰਿਆਨ ਨੇ ਇਸ ਤਰ੍ਹਾਂ ਦੀਆਂ ਰਿਪੋਰਟਾਂ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਕੋਰੋਨਾ ਮਰੀਜ਼ ਦੇ ਫੇਫੜਿਆਂ ਦੇ ਨਾਲ ਸਰੀਰ ਦੇ ਹੋਰ ਅੰਗਾਂ ਨੂੰ ਵੀ ਪ੍ਰਭਾਵਿਤ ਕਰਦਾ ਹੈ। ਇਸ ਨਾਲ ਸਰੀਰ ਵਿਚ ਆਕਸੀਜਨ ਦੀ ਕਮੀ ਹੋਣ ਲੱਗਦੀ ਹੈ, ਜਿਸ ਨਾਲ ਕੋਰੋਨਾ ਵਾਇਰਸ ਮਰੀਜ਼ਾਂ ਦੀ ਹਾਲਤ ਗੰਭੀਰ ਤੋਂ ਵੀ ਬੁਰੀ ਸਥਿਤੀ ਵਿਚ ਪੁੱਜ ਜਾਂਦੀ ਹੈ। 

ਦੱਸ ਦਈਏ ਕਿ ਭਾਰਤ ਵਿਚ ਕੋਰੋਨਾ ਵਾਇਰਸ ਲਗਾਤਾਰ ਪੈਰ ਪਸਾਰ ਰਿਹਾ ਹੈ। ਦੇਸ਼ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਵਾਇਰਸ ਪੀੜਤਾਂ ਦੇ 1,336 ਨਵੇਂ ਮਾਮਲੇ ਦਰਜ ਹੋਣ ਨਾਲ ਪੀੜਤਾਂ ਦੀ ਗਿਣਤੀ 18 ਹਜ਼ਾਰ ਦੇ ਪਾਰ ਪੁੱਜ ਗਈ ਹੈ ਅਤੇ ਇਸ ਦੌਰਾਨ 47 ਹੋਰ ਲੋਕਾਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 590 ਹੋ ਗਈ ਹੈ। ਕੋਰੋਨਾ ਨਾਲ ਪੀੜਤ ਲੋਕਾਂ ਦੇ ਸਿਹਤਮੰਦ ਹੋਣ ਦੀ ਰਫਤਾਰ ਵੀ ਤੇਜ਼ ਹੋਈ ਹੈ ਅਤੇ ਪਿਛਲੇ 24 ਘੰਟਿਆਂ ਵਿਚ 705 ਲੋਕਾਂ ਦੇ ਸਿਹਤਮੰਦ ਹੋਣ ਨਾਲ ਕੋਰੋਨਾ ਨੂੰ ਮਾਤ ਦੇਣ ਵਾਲੇ ਲੋਕਾਂ ਦੀ ਗਿਣਤੀ 3,252 ਹੋ ਗਈ ਹੈ।

Lalita Mam

This news is Content Editor Lalita Mam