ਜਾਨਲੇਵਾ ਕੋਰੋਨਾ ਵਾਇਰਸ, ਭਾਰਤ 'ਚ ਮਾਮਲੇ ਵੱਧ ਕੇ 114 ਹੋਏ

Monday, Mar 16, 2020 - 06:07 PM (IST)

ਨਵੀਂ ਦਿੱਲੀ— ਕੋਰੋਨਾ ਵਾਇਰਸ ਦਾ ਕਹਿਰ ਦੁਨੀਆ ਦੇ ਨਾਲ-ਨਾਲ ਭਾਰਤ ਵਿਚ ਵੀ ਵਧਦਾ ਜਾ ਰਿਹਾ ਹੈ। ਸੋਮਵਾਰ ਤੱਕ ਇਸ ਦੇ 114 ਮਾਮਲੇ ਸਾਹਮਣੇ ਆ ਚੁੱਕੇ ਹਨ। ਦਰਅਸਲ ਲੱਦਾਖ, ਓਡੀਸ਼ਾ, ਜੰਮੂ-ਕਸ਼ਮੀਰ ਅਤੇ ਕੇਰਲ 'ਚ ਕੋਰੋਨਾ ਵਾਇਰਸ ਦੇ ਇਕ-ਇਕ ਨਵਾਂ ਮਾਮਲਾ ਸਾਹਮਣੇ ਆਉਣ ਦੇ ਨਾਲ ਹੀ ਦੇਸ਼ 'ਚ ਕੁੱਲ ਗਿਣਤੀ 114 ਤਕ ਪਹੁੰਚ ਗਈ ਹੈ। ਓਧਰ ਸਿਹਤ ਮੰਤਰਾਲੇ ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਦੱਸਿਆ ਕਿ ਇਨ੍ਹਾਂ 'ਚੋਂ 13 ਲੋਕਾਂ ਨੂੰ ਠੀਕ ਹੋਣ 'ਤੇ ਹਸਪਤਾਲ ਤੋਂ ਛੁੱਟੀ ਦਿੱਤੀ ਜਾ ਚੁੱਕੀ ਹੈ, ਜਦਕਿ 2 ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਪੂਰਬੀ ਸੂਬੇ ਓਡੀਸ਼ਾ ਵਿਚ ਵਾਇਰਸ ਦੇ ਪਹਿਲੇ ਮਾਮਲੇ ਦੀ ਪੁਸ਼ਟੀ ਹੋਈ ਹੈ। ਅਧਿਕਾਰੀਆਂ ਨੇ ਇਹ ਵੀ ਦੱਸਿਆ ਕਿ ਸੋਮਵਾਰ ਦੀ ਸਵੇਰ ਤਕ ਦੇਸ਼ 'ਚ ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ 110 ਸੀ, ਜੋ ਕਿ ਵਧਦੀ ਜਾ ਰਹੀ ਹੈ। 
ਭਾਰਤ ਸਰਕਾਰ ਵਲੋਂ ਲੋਕਾਂ ਨੂੰ ਇਸ ਵਾਇਰਸ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਈ ਕਦਮ ਵੀ ਚੁੱਕੇ ਗਏ ਹਨ। ਵਿਦੇਸ਼ਾਂ ਵਿਚ ਫਸੇ ਭਾਰਤੀਆਂ ਨੂੰ ਵੀ ਸਰਕਾਰ ਵਾਪਸ ਲਿਆ ਰਹੀ ਹੈ। ਦੱਸਣਯੋਗ ਹੈ ਕਿ ਚੀਨ ਤੋਂ ਫੈਲਿਆ ਇਹ ਵਾਇਰਸ ਦੁਨੀਆ ਭਰ ਦੇ ਕਰੀਬ 157 ਦੇਸ਼ਾਂ 'ਚ ਫੈਲ ਚੁੱਕਾ ਹੈ। ਇਸ ਵਾਇਰਸ ਕਾਰਨ ਦੁਨੀਆ ਭਰ 'ਚ 6,529 ਲੋਕਾਂ ਦੀ ਜਾਨ ਜਾ ਚੁੱਕੀ ਹੈ ਅਤੇ 1,71,899 ਲੋਕ ਵਾਇਰਸ ਦੀ ਲਪੇਟ 'ਚ ਹਨ। ਹੌਲੀ-ਹੌਲੀ ਇਹ ਵਾਇਰਸ ਦੇਸ਼ਾਂ 'ਚ ਆਪਣੇ ਪੈਰ ਪਸਾਰ ਰਿਹਾ ਹੈ। ਭਾਰਤ 'ਚ ਇਹ ਵਾਇਰਸ ਉਤਰਾਖੰਡ, ਦਿੱਲੀ, ਹਰਿਆਣਾ, ਕੇਰਲ, ਰਾਜਸਥਾਨ, ਤੇਲੰਗਾਨਾ, ਉੱਤਰ ਪ੍ਰਦੇਸ਼, ਲੱਦਾਖ, ਤਾਮਿਲਨਾਡੂ, ਜੰਮੂ-ਕਸ਼ਮੀਰ, ਪੰਜਾਬ, ਕਰਨਾਟਕ, ਮਹਾਰਾਸ਼ਟਰ, ਆਂਧਰਾ ਪ੍ਰਦੇਸ਼ ਅਤੇ ਓਡੀਸ਼ਾ 'ਚ ਕੋਰੋਨਾ ਵਾਇਰਸ ਦੇ ਪਾਜੀਟਿਵ ਕੇਸ ਸਾਹਮਣੇ ਆਏ ਹਨ। ਕੁੱਲ ਗਿਣਤੀ 'ਚ ਕੋਰੋਨਾ ਨਾਲ ਪੀੜਤ ਹੋਏ ਉਹ ਮਰੀਜ਼ ਵਿਚ ਸ਼ਾਮਲ ਹਨ, ਜਿਨ੍ਹਾਂ ਦੀ ਦਿੱਲੀ ਅਤੇ ਕਰਨਾਟਕ ਵਿਚ ਮੌਤ ਹੋ ਚੁੱਕੀ ਹੈ।

ਇਨ੍ਹਾਂ ਗੱਲਾਂ ਦਾ ਰੱਖੋ ਵਿਸ਼ੇਸ਼ ਤੌਰ 'ਤੇ ਧਿਆਨ-
1. ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।
2. ਕਿਸੇ ਨਾਲ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।
3. ਖੰਘਦੇ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।
4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।
5. ਟਿਸ਼ੂ ਨਹੀਂ ਹੈ ਤਾਂ ਛਿਕਦੇ ਜਾਂ ਖੰਘਦੇ ਹੋਏ ਬਾਂਹ ਦਾ ਇਸਤੇਮਾਲ ਕਰੋ। ਪਰ ਖੁੱਲ੍ਹੀ ਹਵਾ 'ਚ ਖੰਘਣ ਜਾਂ ਛਿੱਕਣ ਤੋਂ ਪਰਹੇਜ਼ ਕਰੋ।
6. ਬਿਨਾਂ ਹੱਥ ਧੋਏ ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਨਾ ਲਗਾਓ।
7. ਬੀਮਾਰ ਲੋਕਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
8. ਜਾਨਵਰਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
9. ਪਾਲਤੂ ਜਾਨਵਰਾਂ ਦੀ ਸਾਫ-ਸਫਾਈ ਦਾ ਪੂਰਾ ਧਿਆਨ ਰੱਖੋ।
10. ਮੀਟ, ਅੰਡੇ ਆਦਿ  ਖਾਣ ਤੋਂ ਪਹਹੇਜ਼ ਕਰੋ। ਹੋ ਸਕੇ ਤਾਂ ਚੰਗੀ ਤਰ੍ਹਾਂ ਪਕਾ ਕੇ ਖਾਓ।
ਜੇਕਰ ਤੁਹਾਨੂੰ ਖੰਘ, ਬੁਖਾਰ ਅਤੇ ਛਿੱਕਾਂ ਆਦਿ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ।

ਇਹ ਵੀ ਪੜ੍ਹੋ : ਭਾਰਤ 'ਚ ਕੋਰੋਨਾ ਵਾਇਰਸ ਹੋ ਸਕਦੈ ਭਿਆਨਕ, ਅਗਲੇ 30 ਦਿਨ ਅਹਿਮ


Tanu

Content Editor

Related News