ਭਾਰਤ 'ਚ ਕੋਰੋਨਾ ਵਾਇਰਸ ਦੇ ਮਾਮਲੇ ਪਹੁੰਚੇ 500 ਦੇ ਕਰੀਬ, 10 ਦੀ ਮੌਤ

03/24/2020 10:43:53 AM

ਨਵੀਂ ਦਿੱਲੀ (ਭਾਸ਼ਾ)— ਭਾਰਤ 'ਚ ਕੋਰੋਨਾ ਵਾਇਰਸ ਲਗਾਤਾਰ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਵਾਇਰਸ ਤੋਂ ਪੀੜਤ ਮਾਮਲੇ ਕਰੀਬ 500 ਤਕ ਪਹੁੰਚ ਗਏ ਹਨ। ਸਿਹਤ ਮੰਤਰਾਲੇ ਦੇ ਮੰਗਲਵਾਰ ਤਕ ਦੇ ਅੰਕੜਿਆਂ 'ਚ ਇਹ ਗਿਣਤੀ ਸਾਹਮਣੇ ਆਈ ਹੈ। ਮੰਗਲਵਾਰ ਸਵੇਰ ਤਕ ਦੇ ਤਾਜ਼ਾ ਅੰਕੜਿਆਂ ਮੁਤਾਬਕ ਦੇਸ਼ 'ਚ ਕੋਵਿਡ-19 ਦੇ ਕੁੱਲ 492 ਹਨ। ਸਿਹਤ ਮੰਤਰਾਲੇ ਨੇ ਦੱਸਿਆ ਕਿ ਇਨ੍ਹਾਂ ਅੰਕੜਿਆਂ ਵਿਚ 41 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ ਅਤੇ ਹੁਣ ਤਕ 10 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮਹਾਰਸ਼ਟਰ 'ਚ ਪੀੜਤਾਂ ਦੀ ਗਿਣਤੀ ਸਭ ਤੋਂ ਵਧੇਰੇ ਹੈ, ਇੱਥੇ 100 ਦੇ ਕਰੀਬ ਮਰੀਜ਼ ਹਨ। 

ਪਿਛਲੇ ਕੁਝ ਦਿਨਾਂ 'ਚ ਇਨਫੈਕਸ਼ਨ ਦੇ ਮਾਮਲੇ ਅਚਾਨਕ ਵਧਣ ਤੋਂ ਬਾਅਦ ਅਧਿਕਾਰੀਆਂ ਨੇ ਲੱਗਭਗ ਪੂਰੇ ਦੇਸ਼ 'ਚ ਲਾਕ ਡਾਊਨ ਲਾਗੂ ਕਰ ਦਿੱਤਾ ਹੈ, ਜਿਸ ਦੇ ਤਹਿਤ ਲੋਕਾਂ ਨੂੰ ਇਕੱਠੇ ਹੋਣ 'ਤੇ ਪਾਬੰਦੀ ਹੈ ਅਤੇ ਸੜਕ, ਰੇਲ ਤੇ ਹਵਾਈ ਆਵਾਜਾਈ 'ਤੇ 31 ਮਾਰਚ ਤਕ ਰੋਕ ਲਾ ਦਿੱਤੀ ਗਈ ਹੈ। ਦੇਸ਼ ਦੇ ਕਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ 'ਚ ਲਾਕ ਡਾਊਨ ਕਰ ਦਿੱਤਾ ਗਿਆ ਹੈ। ਕਈ ਸੂਬਿਆਂ 'ਚ ਲੋਕ ਲਾਕ ਡਾਊਨ ਦਾ ਪਾਲਣ ਕਰਦੇ ਨਜ਼ਰ ਨਹੀਂ ਆ ਰਹੇ, ਜਿਸ ਕਾਰਨ ਪੰਜਾਬ ਤੇ ਫਿਰ ਮਹਾਰਾਸ਼ਟਰ 'ਚ ਕਰਫਿਊ ਦਾ ਐਲਾਨ ਕਰ ਦਿੱਤਾ ਗਿਆ। ਕੋਰੋਨਾ ਮਹਾਮਾਰੀ ਨੂੰ ਦੇਖਦੇ ਹੋਏ ਹਾਈ ਕੋਰਟ ਸਮੇਤ ਦਿੱਲੀ ਦੀਆਂ ਸਾਰੀਆਂ ਅਦਾਲਤਾਂ 4 ਅਪ੍ਰੈਲ ਤਕ ਬੰਦ ਰਹਿਣਗੀਆਂ। ਉੱਥੇ ਹੀ ਸੁਪਰੀਮ ਕੋਰਟ 'ਚ ਦੋ ਬੈਂਚਾਂ ਵੀਡੀਓ ਕਾਨਫਰੰਸਿੰਗ ਜ਼ਰੀਏ ਸੁਣਵਾਈ ਕਰੇਗੀ।

ਦੱਸਣਯੋਗ ਹੈ ਕਿ ਚੀਨ ਤੋਂ ਫੈਲਿਆ ਇਹ ਜਾਨਲੇਵਾ ਵਾਇਰਸ ਦੁਨੀਆ ਦੇ 180 ਦੇਸ਼ਾਂ 'ਚ ਆਪਣੇ ਪੈਰ ਪਸਾਰ ਚੁੱਕਾ ਹੈ। ਦੁਨੀਆ ਭਰ 'ਚ ਇਸ ਵਾਇਰਸ ਨਾਲ 15 ਹਜ਼ਾਰ ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ ਅਤੇ 3 ਲੱਖ ਤੋਂ ਵਧੇਰੇ ਲੋਕ ਵਾਇਰਸ ਦੀ ਲਪੇਟ 'ਚ ਹਨ।


Tanu

Content Editor

Related News