CBI ਨੇ ਕੇਜਰੀਵਾਲ ਨੂੰ ਨਿਆਂਇਕ ਹਿਰਾਸਤ ''ਚ ਭੇਜਣ ਦੀ ਕੀਤੀ ਮੰਗ, ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

Saturday, Jun 29, 2024 - 04:31 PM (IST)

CBI ਨੇ ਕੇਜਰੀਵਾਲ ਨੂੰ ਨਿਆਂਇਕ ਹਿਰਾਸਤ ''ਚ ਭੇਜਣ ਦੀ ਕੀਤੀ ਮੰਗ, ਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ

ਨਵੀਂ ਦਿੱਲੀ- ਦਿੱਲੀ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਬੰਦ ਅਰਵਿੰਦ ਕੇਜਰੀਵਾਲ ਨੂੰ ਅੱਜ ਯਾਨੀ ਕਿ ਸ਼ਨੀਵਾਰ ਨੂੰ ਰਾਊਜ਼ ਐਵੇਨਿਊ ਕੋਰਟ 'ਚ ਪੇਸ਼ ਕੀਤਾ ਗਿਆ। ਸੀ. ਬੀ. ਆਈ. ਨੇ ਕੋਰਟ ਤੋਂ ਕੇਜਰੀਵਾਲ ਨੂੰ ਨਿਆਂਇਕ ਹਿਰਾਸਤ ਵਿਚ ਭੇਜਣ ਦੀ ਅਪੀਲ ਕੀਤੀ ਹੈ। ਦਰਅਸਲ ਸ਼ਰਾਬ ਘਪਲੇ ਮਾਮਲੇ ਵਿਚ ਸੀ. ਬੀ. ਆਈ. ਨੇ ਹਾਲ ਹੀ 'ਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰ ਲਿਆ ਸੀ। ਇਸ ਤੋਂ ਬਾਅਦ ਕੋਰਟ ਨੇ ਉਨ੍ਹਾਂ ਨੂੰ ਤਿੰਨ ਦਿਨ ਦੀ ਸੀ. ਬੀ. ਆਈ. ਹਿਰਾਸਤ 'ਚ ਭੇਜ ਦਿੱਤਾ ਸੀ। ਅੱਜ ਹਿਰਾਸਤ ਦਾ ਸਮਾਂ ਖ਼ਤਮ ਹੋਣ ਮਗਰੋਂ ਉਨ੍ਹਾਂ ਨੂੰ ਕੋਰਟ 'ਚ ਪੇਸ਼ ਕੀਤਾ ਗਿਆ। ਫ਼ਿਲਹਾਲ ਕੋਰਟ ਨੇ ਕੇਜਰੀਵਾਲ ਨੂੰ ਨਿਆਂਇਕ ਹਿਰਾਸਤ ਵਿਚ ਭੇਜਣ ਦੀ ਸੀ. ਬੀ. ਆਈ. ਦੀ ਪਟੀਸ਼ਨ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।

ਕੇਜਰੀਵਾਲ ਦੇ ਵਕੀਲ ਵਿਕਰਮ ਚੌਧਰੀ ਨੇ ਕਿਹਾ ਕਿ ਕੇਜਰੀਵਾਲ ਨੂੰ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। 10 ਮਈ ਨੂੰ ਸੁਪਰੀਮ ਕੋਰਟ ਨੇ ਅੰਤਰਿਮ ਜ਼ਮਾਨਤ ਦਿੱਤੀ ਸੀ। ਬਚਾਅ ਪੱਖ ਦੇ ਵਕੀਲ ਨੇ ਕਿਹਾ ਕਿ ਕੇਸ ਡਾਇਰੀ ਵਿਚ ਜੋ ਕੁਝ ਵੀ ਹੈ, ਉਹ ਅਦਾਲਤ ਕੋਲ ਹੋਣਾ ਚਾਹੀਦਾ ਹੈ। ਹਾਲਾਂਕਿ ਅਦਾਲਤ ਨੇ ਕਿਹਾ ਕਿ ਇਹ ਸਾਡੀ ਜ਼ਿੰਮੇਵਾਰੀ ਹੈ ਕਿ ਜਾਂਚ ਅਧਿਕਾਰੀ ਨੇ ਮਾਮਲੇ ਦੀ ਜਾਂਚ ਦੌਰਾਨ ਕੀ ਕਦਮ ਚੁੱਕੇ ਹਨ, ਇਹ ਅਦਾਲਤ ਅਤੇ ਜਾਂਚ ਅਧਿਕਾਰੀ ਵਿਚਾਲੇ ਮਾਮਲਾ ਹੈ। ਸਾਰਿਆਂ ਸਾਹਮਣੇ ਜਾਂਚ ਦਾ ਖ਼ੁਲਾਸਾ ਕਰਨ ਦੀ ਕੋਈ ਲੋੜ ਨਹੀਂ ਹੈ। ਅਦਾਲਤ ਨੇ ਕਿਹਾ ਕਿ ਪੁਲਸ ਰਿਮਾਂਡ ਪੂਰੀ ਹੋਣ ਮਗਰੋਂ ਅਦਾਲਤ ਕੋਲ ਨਿਆਂਇਕ ਹਿਰਾਸਤ 'ਚ ਰੱਖਣ ਤੋਂ ਇਲਾਵਾ ਕੋਈ ਬਦਲ ਨਹੀਂ ਹੈ ਪਰ ਦੋਸ਼ੀ ਜ਼ਮਾਨਤ ਲਈ ਅਰਜ਼ੀ ਦੇ ਸਕਦਾ ਹੈ। ਇਸ ਦੌਰਾਨ ਕੇਜਰੀਵਾਲ ਨੇ ਕੋਰਟ ਰੂਮ ਵਿਚ ਪਰਿਵਾਰ ਨੂੰ  ਮਿਲਣ ਦੀ ਇਜਾਜ਼ਤ ਮੰਗੀ। 
ਕਰੋਟ ਨੇ ਉਨ੍ਹਾਂ ਨੂੰ ਪਰਿਵਾਰ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ। ਕੋਰਟ ਨੇ ਸੀ. ਬੀ. ਆਈ. ਦੀ ਅਪੀਲ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।

ਸ਼ਰਾਬ ਨੀਤੀ ਘੁਟਾਲੇ ਨਾਲ ਸਬੰਧਤ ਕੇਜਰੀਵਾਲ ਖ਼ਿਲਾਫ਼ ਦੋ ਕੇਸ ਦਰਜ
ਕੇਜਰੀਵਾਲ ਖਿਲਾਫ ਦੋ ਕੇਸ ਦਰਜ ਹਨ। ਪਹਿਲਾ ਈਡੀ ਦਾ ਹੈ, ਜਿਸ ਵਿਚ ਉਸ ਦੇ ਖਿਲਾਫ ਮਨੀ ਲਾਂਡਰਿੰਗ ਦਾ ਮਾਮਲਾ ਦਰਜ ਕੀਤਾ ਗਿਆ ਹੈ। ਈਡੀ ਨੇ 21 ਮਾਰਚ ਨੂੰ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਸੀ। ਦੂਜਾ ਸੀਬੀਆਈ ਦਾ ਹੈ, ਜੋ ਸ਼ਰਾਬ ਨੀਤੀ ਵਿੱਚ ਭ੍ਰਿਸ਼ਟਾਚਾਰ ਦੇ ਸਬੰਧ ਵਿਚ ਦਰਜ ਕੀਤਾ ਗਿਆ ਸੀ। ਕੇਜਰੀਵਾਲ ਨੂੰ ਇਸ ਮਾਮਲੇ ਵਿਚ 26 ਜੂਨ ਨੂੰ ਮੁੜ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਮਾਮਲਾ ਦਿੱਲੀ ਦੇ ਉਪ ਰਾਜਪਾਲ ਵੀ.ਕੇ. ਸਕਸੈਨਾ ਦੀ ਸ਼ਿਕਾਇਤ 'ਤੇ ਦਰਜ ਕੀਤਾ ਗਿਆ ਸੀ। ਦੋਵਾਂ 'ਤੇ ਵੱਖ-ਵੱਖ ਕੇਸ ਦਰਜ ਕੀਤੇ ਗਏ ਹਨ, ਇਸ ਲਈ ਗ੍ਰਿਫਤਾਰੀਆਂ ਵੀ ਵੱਖ-ਵੱਖ ਕੀਤੀਆਂ ਗਈਆਂ ਹਨ।


 


author

Tanu

Content Editor

Related News