ਅਦਾਲਤ ਨੇ ''ਆਪ'' ਸੰਸਦ ਮੈਂਬਰ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ ''ਤੇ ED ਤੋਂ ਮੰਗਿਆ ਜਵਾਬ
Monday, Jan 08, 2024 - 02:23 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਹਾਈ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਘਪਲੇ ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਸੰਜੇ ਸਿੰਘ ਦੀ ਜ਼ਮਾਨਤ ਪਟੀਸ਼ਨ 'ਤੇ ਸੋਮਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਤੋਂ ਜਵਾਬ ਮੰਗਿਆ। ਜੱਜ ਸਵਰਨ ਕਾਂਤ ਸ਼ਰਮਾ ਨੇ ਜਾਂਚ ਏਜੰਸੀ ਨੂੰ ਨੋਟਿਸ ਜਾਰੀ ਕੀਤਾ ਅਤੇ ਮਾਮਲੇ 'ਚ ਅਗਲੀ ਸੁਣਵਾਈ ਲਈ 29 ਜਨਵਰੀ ਦੀ ਤਾਰੀਖ਼ ਤੈਅ ਕੀਤੀ। ਪਿਛਲੇ ਸਾਲ 4 ਅਕਤੂਬਰ ਨੂੰ ਈ.ਡੀ. ਵਲੋਂ ਗ੍ਰਿਫ਼ਤਾਰ ਕੀਤੇ ਗਏ ਰਾਜ ਸਭਾ ਮੈਂਬਰ ਨੇ ਮਨੀ ਲਾਂਡਰਿੰਗ ਮਾਮਲੇ 'ਚ ਆਪਣੀ ਜ਼ਮਾਨਤ ਪਟੀਸ਼ਨ ਖਾਰਜ ਕਰਨ ਦੇ ਹੇਠਲੀ ਅਦਾਲਤ ਦੇ 22 ਦਸੰਬਰ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਹੈ। ਸਿੰਘ ਵਲੋਂ ਪੇਸ਼ ਸੀਨੀਅਰ ਵਕੀਲ ਮੋਹਿਤ ਮਾਥੁਰ ਨੇ ਕਿਹਾ ਕਿ ਸੀਨੀਅਰ 'ਆਪ' ਨੇਤਾ ਪਿਛਲੇ 3 ਮਹੀਨਿਆਂ ਤੋਂ ਹਿਰਾਸਤ 'ਚ ਹੈ ਅਤੇ ਇਸ ਅਪਰਾਧ 'ਚ ਉਨ੍ਹਾਂ ਦੀ ਕੋਈ ਭੂਮਿਕਾ ਸਾਹਮਣੇ ਨਹੀਂ ਆਈ ਹੈ। ਉਨ੍ਹਾਂ ਕਿਹਾ ਕਿ ਈ.ਡੀ. ਦੇ 'ਸਟਾਰ ਗਵਾਹ' ਦੇ ਬਿਆਨ ਤੋਂ ਬਾਅਦ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਈ.ਡੀ. ਨੇ ਦੋਸ਼ ਲਗਾਇਆ ਹੈ ਕਿ ਸਿੰਘ ਨੇ ਹੁਣ ਖ਼ਤਮ ਹੋ ਚੁੱਕੀ ਆਬਕਾਰੀ ਨੀਤੀ ਦੇ ਨਿਰਮਾਣ ਅਤੇ ਲਾਗੂ ਕਰਨ 'ਚ ਮਹੱਤਵਪੂਰਨ ਭੂਮਿਕਾ ਨਿਭਾਈ, ਜਿਸ ਨਾਲ ਕੁਝ ਸ਼ਰਾਬ ਨਿਰਮਾਤਾਵਾਂ, ਥੋਕ ਵਿਕਰੇਤਾਵਾਂ ਅਤੇ ਪਰਚੂਨ ਵਿਕਰੇਤਾਵਾਂ ਨੂੰ ਧਨ ਲਾਭ ਹੋਇਆ।
ਇਹ ਵੀ ਪੜ੍ਹੋ : ਹੀਟਰ ਚਲਾ ਕੇ ਸੌਂਣ ਵਾਲੇ ਹੋ ਜਾਣ ਸਾਵਧਾਨ, ਕਿਤੇ ਤੁਹਾਡੇ ਨਾਲ ਵੀ ਨਾ ਵਾਪਰ ਜਾਵੇ ਅਜਿਹੀ ਅਣਹੋਣੀ
ਹੇਠਲੀ ਅਦਾਲਤ ਨੇ ਕਿਹਾ ਸੀ ਉਹ 'ਅਪਰਾਧ ਤੋਂ 2 ਕਰੋੜ ਰੁਪਏ ਤੱਕ ਦੀ ਕਮਾਈ ਆਮਦਨ' ਦੇ ਮਾਮਲੇ ਨਾਲ ਜੁੜੇ ਹੋਏ ਸਨ ਅਤੇ ਉਨ੍ਹਾਂ ਖ਼ਿਲਾਫ਼ ਮਾਮਲਾ 'ਸਹੀ' ਸੀ। ਇਹ ਮਾਮਲਾ 2021-22 ਲਈ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਦੇ ਨਿਰਮਾਣ ਅਤੇ ਇਸ ਨੂੰ ਲਾਗੂ ਕਰਨ 'ਚ ਭ੍ਰਿਸ਼ਟਾਚਾਰ ਨਾਲ ਸੰਬੰਧਤ ਹੈ, ਜਿਸ ਨੂੰ ਬਾਅਦ 'ਚ ਰੱਦ ਕਰ ਦਿੱਤਾ ਗਿਆ ਸੀ। ਉੱਪ ਰਾਜਪਾਲ ਵੀ.ਕੇ. ਸਕਸੈਨਾ ਦੀ ਸਿਫ਼ਾਰਿਸ਼ ਤੋਂ ਬਾਅਦ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ ਭ੍ਰਿਸ਼ਟਾਚਾਰ ਨੂੰ ਲੈ ਕੇ ਐੱਫ.ਆਈ.ਆਰ. ਦਰਜ ਕੀਤੀ। ਹੇਠਲੀ ਅਦਾਲਤ ਨੇ ਕਿਹਾ ਸੀ ਈ.ਡੀ. ਦੇ ਮੂਲ ਮਾਮਲੇ ਨੂੰ ਸੁਪਰੀਮ ਕੋਰਟ ਨੇ ਮਨਜ਼ੂਰੀ ਦਿੱਤੀ ਸੀ, ਜਿਸ ਨੇ ਇਸ ਗੱਲ ਦਾ ਵੀ ਸਮਰਥਨ ਕੀਤਾ ਸੀ ਕਿ 2021-22 ਦੇ ਦਿੱਲੀ ਸਰਕਾਰੀ ਦੀ ਆਬਕਾਰੀ ਨੀਤੀ ਦੇ ਨਿਰਮਾਣ ਲਈ ਰਿਸ਼ਵਤ ਦਾ ਭੁਗਤਾਨ ਕੀਤਾ ਗਿਆ ਸੀ। ਅਦਾਲਤ ਨੇ ਸਿੰਘ ਦੀਆਂ ਦਲੀਲਾਂ ਖਾਰਜ ਕਰ ਦਿੱਤੀਆਂ ਸਨ ਕਿ ਉਨ੍ਹਾਂ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਦੋਸ਼ੀ ਨਹੀਂ ਬਣਾਇਆ ਜਾ ਸਕਦਾ, ਕਿਉਂਕਿ ਸੀ.ਬੀ.ਆਈ. ਵਲੋਂ ਮੁੱਖ ਐੱਫ.ਆਈ.ਆਰ. 'ਚ ਉਨ੍ਹਂ ਦਾ ਨਾਂ ਨਹੀਂ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8