ਬ੍ਰਿਜ ਭੂਸ਼ਣ ਖ਼ਿਲਾਫ਼ ਦਰਜ ਮਾਮਲੇ ''ਚ ਅਦਾਲਤ ਨੇ ਪੁਲਸ ਰਿਪੋਰਟ ’ਤੇ ਸ਼ਿਕਾਇਤਕਰਤਾ ਤੋਂ ਮੰਗਿਆ ਜਵਾਬ
Wednesday, Jul 05, 2023 - 04:03 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਇਕ ਨਾਬਾਲਗ ਪਹਿਲਵਾਨ ਦੇ ਕਥਿਤ ਜਿਨਸੀ ਸ਼ੋਸ਼ਣ ਨੂੰ ਲੈ ਕੇ ਭਾਰਤੀ ਕੁਸ਼ਤੀ ਫੈੱਡਰੇਸ਼ਨ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਵਿਰੁੱਧ ਦਰਜ ਮਾਮਲੇ ਨੂੰ ਰੱਦ ਕਰਨ ਲਈ ਪੁਲਸ ਵੱਲੋਂ ਦਾਇਰ ਰਿਪੋਰਟ ’ਤੇ ਪੀੜਤ ਅਤੇ ਸ਼ਿਕਾਇਤਕਰਤਾ ਤੋਂ ਮੰਗਲਵਾਰ ਨੂੰ ਜਵਾਬ ਮੰਗਿਆ। ਇਸਤਗਾਸਾ ਪੱਖ ਦੇ ਵਕੀਲ ਵੱਲੋਂ ਇਹ ਜਾਣਕਾਰੀ ਦਿੱਤੀ ਗਈ। ਬੰਦ ਕਮਰੇ ’ਚ ਹੋਈ ਸੁਣਵਾਈ ਦੌਰਾਨ ਵਧੀਕ ਸੈਸ਼ਨ ਜੱਜ ਛਵੀ ਕਪੂਰ ਨੇ ਪੀੜਤ/ਸ਼ਿਕਾਇਤਕਰਤਾ ਨੂੰ ਨੋਟਿਸ ਜਾਰੀ ਕੀਤਾ ਅਤੇ ਉਨ੍ਹਾਂ ਨੂੰ 1 ਅਗਸਤ ਤੱਕ ਪੁਲਸ ਰਿਪੋਰਟ ’ਤੇ ਜਵਾਬ ਦਾਇਰ ਕਰਨ ਦੇ ਨਿਰਦੇਸ਼ ਦਿੱਤੇ।
ਇਹ ਵੀ ਪੜ੍ਹੋ: PM ਮੋਦੀ ਨੇ ਸੈਫ ਫੁੱਟਬਾਲ ਚੈਂਪੀਅਨਸ਼ਿਪ ਖਿਤਾਬ ਜਿੱਤਣ 'ਤੇ ਭਾਰਤੀ ਟੀਮ ਨੂੰ ਦਿੱਤੀ ਵਧਾਈ
ਅਦਾਲਤ ਇਸ ਮਾਮਲੇ ਦੀ ਅਗਲੀ ਸੁਣਵਾਈ 1 ਅਗਸਤ ਨੂੰ ਹੀ ਕਰੇਗੀ। ਦਿੱਲੀ ਪੁਲਸ ਨੇ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੇ ਖ਼ਿਲਾਫ਼ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਦੇ ਤਹਿਤ ਦਰਜ ਕੀਤੇ ਗਏ ਮਾਮਲੇ ਨੂੰ ਰੱਦ ਕਰਨ ਦੀ ਬੇਨਤੀ ਕਰਦੇ ਹੋਏ 15 ਜੂਨ ਨੂੰ ਅਦਾਲਤ ਵਿੱਚ ਇੱਕ ਰਿਪੋਰਟ ਦਾਇਰ ਕੀਤੀ ਸੀ ਪਰ ਇਸ 'ਚ 6 ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਅਤੇ ਪਿੱਛਾ ਕਰਨ ਦੇ ਦੋਸ਼ ਲਗਾਏ ਗਏ ਸਨ। POCSO ਤਹਿਤ ਘੱਟੋ-ਘੱਟ ਤਿੰਨ ਸਾਲ ਦੀ ਜੇਲ੍ਹ ਦੀ ਸਜ਼ਾ ਦੀ ਵਿਵਸਥਾ ਹੈ, ਜੋ ਇਸ 'ਤੇ ਨਿਰਭਰ ਕਰਦਾ ਹੈ ਕਿ ਕਿਸ ਤਰ੍ਹਾਂ ਦਾ ਅਪਰਾਧ ਹੋਇਆ ਹੈ।
ਇਹ ਵੀ ਪੜ੍ਹੋ: ਪੰਤ ਤੋਂ ਬਾਅਦ ਭਾਰਤੀ ਟੀਮ ਦੇ ਇਕ ਹੋਰ ਖਿਡਾਰੀ ਨਾਲ ਵਾਪਰਿਆ ਹਾਦਸਾ, ਕਾਰ ਨੂੰ ਕੈਂਟਰ ਨੇ ਮਾਰੀ ਟੱਕਰ