PM ਮੋਦੀ ''ਤੇ ਟਿੱਪਣੀ : ਸੁਪਰੀਮ ਕੋਰਟ ਨੇ ਥਰੂਰ ਖ਼ਿਲਾਫ਼ ਕਾਰਵਾਈ ''ਤੇ ਲਗਾਈ ਰੋਕ
Tuesday, Sep 10, 2024 - 03:01 PM (IST)
ਨਵੀਂ ਦਿੱਲੀ (ਭਾਸ਼ਾ)- ਸੁਪਰੀਮ ਕੋਰਟ ਨੇ ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਵਿੰਨ੍ਹਦੇ ਹੋਏ 'ਸ਼ਿਵਲਿੰਗ 'ਤੇ ਬਿੱਛੂ' ਬਾਰੇ ਟਿੱਪਣੀ ਕਰਨ ਲਈ ਉਨ੍ਹਾਂ ਖ਼ਿਲਾਫ਼ ਦਰਜ ਮਾਣਹਾਨੀ ਦੇ ਮੁਕੱਦਮੇ 'ਚ ਇਕ ਹੇਠਲੀ ਅਦਾਲਤ 'ਚ ਕਾਰਵਾਈ 'ਤੇ ਰੋਕ ਲਗਾ ਦਿੱਤੀ। ਜਸਟਿਸ ਰਿਸ਼ੀਕੇਸ਼ ਰਾਏ ਅਤੇ ਆਰ ਮਾਧਵਨ ਦੀ ਬੈਂਚ ਨੇ ਇਸ ਮਾਮਲੇ 'ਚ ਦਿੱਲੀ ਸਰਕਾਰ ਅਤੇ ਸ਼ਿਕਾਇਤਕਰਤਾ ਨੂੰ ਨੋਟਿਸ ਜਾਰੀ ਕਰ ਕੇ ਚਾਰ ਹਫ਼ਤਿਆਂ 'ਚ ਜਵਾਬ ਦੇਣ ਲਈ ਕਿਹਾ ਹੈ। ਥਰੂਰ ਨੇ ਆਪਣੇ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਨੂੰ ਰੱਦ ਕਰਨ ਤੋਂ ਇਨਕਾਰ ਕਰਨ ਵਾਲੇ ਦਿੱਲੀ ਹਾਈ ਕੋਰਟ ਦੇ ਆਦੇਸ਼ ਖ਼ਿਲਾਫ਼ 29 ਅਗਸਤ ਨੂੰ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ।
ਥਰੂਰ ਨੇ ਹੇਠਲੀ ਅਦਾਲਤ ਦੇ 27 ਅਪ੍ਰੈਲ 2019 ਦੇ ਆਦੇਸ਼ ਨੂੰ ਰੱਦ ਕੀਤੇ ਜਾਣ ਦੀ ਅਪੀਲ ਕੀਤੀ ਸੀ। ਹੇਠਲੀ ਅਦਾਲਤ ਨੇ ਥਰੂਰ ਨੂੰ ਰਾਜੀਵ ਬੱਬਰ ਵਲੋਂ ਦਾਇਰ ਅਪਰਾਧਕ ਮਾਣਹਾਨੀ 'ਤੇ ਦੋਸ਼ੀ ਵਜੋਂ ਤਲਬ ਕੀਤਾ ਸੀ। ਉਨ੍ਹਾਂ ਨੇ 2 ਨਵੰਬਰ 2018 ਨੂੰ ਦਾਇਰ ਕੀਤੀ ਗਈ ਸ਼ਿਕਾਇਤ ਨੂੰ ਵੀ ਰੱਦ ਕਰਨ ਦੀ ਅਪੀਲ ਕੀਤੀ ਸੀ। ਬੱਬਰ ਨੇ ਥਰੂਰ ਖ਼ਿਲਾਫ਼ ਹੇਠਲੀ ਅਦਾਲਤ 'ਚ ਅਪਰਾਧਕ ਸ਼ਿਕਾਇਤ ਦਾਇਰ ਕੀਤੀ ਸੀ ਅਤੇ ਦਾਅਵਾ ਕੀਤਾ ਸੀ ਕਿ ਕਾਂਗਰਸ ਨੇਤਾ ਦੇ ਬਿਆਨ ਨਾਲ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਅਕਤੂਬਰ 2018 'ਚ ਥਰੂਰ ਨੇ ਦਾਅਵਾ ਕੀਤਾ ਸੀ ਕਿ ਰਾਸ਼ਟਰੀ ਸਵੈਮ ਸੇਵਕ ਸੰਘ (ਆਰ.ਐੱਸ.ਐੱਸ.) ਦੇ ਇਕ ਨੇਤਾ ਨੇ ਪ੍ਰਧਾਨ ਮੰਤਰੀ ਦੀ ਤੁਲਨਾ 'ਸ਼ਿਵਲਿੰਗ 'ਤੇ ਬੈਠੇ ਬਿੱਛੂ' ਨਾਲ ਕੀਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8