ਕੋਵਿਡ-19 : ਗੋਆ ਸਰਕਾਰ ਮਾਸਕ ਨਾ ਪਾਉਣ ਵਾਲਿਆਂ ਨੂੰ ਸਜ਼ਾ ਦੇਣ ਦਾ ਕਰ ਰਹੀ ਵਿਚਾਰ
Monday, Jun 29, 2020 - 11:18 PM (IST)
ਪਣਜੀ- ਗੋਆ ਵਿਚ ਕੋਵਿਡ -19 ਦੇ 54 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਸੂਬੇ ਵਿਚ ਸੰਕਰਮਿਤ ਲੋਕਾਂ ਦੀ ਕੁੱਲ ਗਿਣਤੀ 1,251 ਹੋ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਉਨ੍ਹਾਂ ਲੋਕਾਂ ਨੂੰ ਜੇਲ ਦੀ ਸਜ਼ਾ ਦੇਣ ਦੀ ਸੰਭਾਵਨਾ ‘ਤੇ ਵਿਚਾਰ ਕਰ ਰਹੀ ਹੈ ਜੋ ਬਿਨਾਂ ਕਿਸੇ ਮਾਸਕ ਤੋਂ ਘਰਾਂ ਵਿਚੋਂ ਬਾਹਰ ਨਿਕਲਦੇ ਹਨ।
ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ 46 ਵਿਅਕਤੀਆਂ ਨੂੰ ਕੋਰੋਨਾ ਮੁਕਤ ਹੋਣ ਤੋਂ ਬਾਅਦ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਇਸ ਦੇ ਨਾਲ ਹੀ ਸੂਬੇ ਵਿਚ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਵੱਧ ਕੇ 524 ਹੋ ਗਈ ਹੈ।
ਉਨ੍ਹਾਂ ਕਿਹਾ ਕਿ ਇਸ ਸਮੇਂ ਗੋਆ ਵਿਚ 724 ਮਰੀਜ਼ ਇਲਾਜ ਕਰਵਾ ਰਹੇ ਹਨ। ਸਾਵੰਤ ਨੇ ਪੱਤਰਕਾਰਾਂ ਨੂੰ ਕਿਹਾ, “ਲੋਕਾਂ ਨੂੰ ਜਨਤਕ ਥਾਵਾਂ ‘ਤੇ ਮਾਸਕ ਪਹਿਨਣੇ ਚਾਹੀਦੇ ਹਨ ਅਤੇ ਸਮਾਜਕ ਦੂਰੀ ਦੀ ਪਾਲਣਾ ਕਰਨੀ ਚਾਹੀਦੀ ਹੈ। ਮੈਂ ਪੁਲਸ ਨੂੰ ਕਿਹਾ ਹੈ ਕਿ ਜਿਹੜੇ ਲੋਕ ਮਾਸਕ ਨਹੀਂ ਪਾਉਂਦੇ, ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇ। ਜੇ ਲੋੜ ਪਈ ਤਾਂ ਅਸੀਂ ਜੁਰਮਾਨੇ ਦੀ ਰਕਮ ਵਧਾਵਾਂਗੇ ਅਤੇ ਉਲੰਘਣਾ ਕਰਨ ਵਾਲੇ ਨੂੰ ਜੇਲ੍ਹ ਭੇਜਾਂਗੇ।
ਜ਼ਿਕਰਯੋਗ ਹੈ ਕਿ ਗੋਆ ਵਿੱਚ ਕੁੱਲ 1,251 ਕੇਸ ਸਾਹਮਣੇ ਆਏ ਹਨ ਅਤੇ ਸੂਬੇ ਵਿੱਚ ਤਿੰਨ ਲੋਕਾਂ ਦੀ ਮੌਤ ਹੋਈ ਹੈ। ਗੋਆ ਵਿਚ ਹੁਣ ਤੱਕ 64,375 ਨਮੂਨਿਆਂ ਦੀ ਜਾਂਚ ਕੀਤੀ ਗਈ ਹੈ।