ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ, ਕੇਂਦਰੀ ਮੰਤਰੀ ਨੂੰ ਮਿਲੇ ਦਾਦੂਵਾਲ

Sunday, Apr 26, 2026 - 05:49 PM (IST)

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਲਈ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ, ਕੇਂਦਰੀ ਮੰਤਰੀ ਨੂੰ ਮਿਲੇ ਦਾਦੂਵਾਲ

ਵੈੱਬ ਡੈਸਕ : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰ ਚੇਅਰਮੈਨ ਅਤੇ ਉੱਘੇ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਦਿੱਲੀ ਵਿਖੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਮੌਕੇ ਜਥੇਦਾਰ ਦਾਦੂਵਾਲ ਨੇ ਕੇਂਦਰ ਸਰਕਾਰ ਨੂੰ ਇੱਕ ਮੰਗ ਪੱਤਰ ਸੌਂਪਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਲਈ ਦੇਸ਼ ਵਿਆਪੀ "ਕੇਂਦਰੀ ਸਤਿਕਾਰ ਕਾਨੂੰਨ" ਬਣਾਉਣ ਦੀ ਅਪੀਲ ਕੀਤੀ।

ਜਥੇਦਾਰ ਦਾਦੂਵਾਲ ਦੇ ਸਹਾਇਕ ਭਾਈ ਜਗਮੀਤ ਸਿੰਘ ਬਰਾਰ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁਲਾਕਾਤ ਦੌਰਾਨ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ "ਜਗਤ ਜੋਤ ਸਤਿਕਾਰ ਕਾਨੂੰਨ" ਬਾਰੇ ਚਰਚਾ ਕੀਤੀ ਗਈ। ਦਾਦੂਵਾਲ ਨੇ ਦੱਸਿਆ ਕਿ 13 ਅਪ੍ਰੈਲ 2026 ਨੂੰ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਇਸ ਬਿੱਲ ਨੂੰ ਰਾਜਪਾਲ ਵੱਲੋਂ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ, ਜਿਸ ਤਹਿਤ ਬੇਅਦਬੀ ਦੇ ਦੋਸ਼ੀਆਂ ਲਈ ਸਖ਼ਤ ਸਜ਼ਾਵਾਂ ਅਤੇ ਜੁਰਮਾਨੇ ਦਾ ਪ੍ਰਬੰਧ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪੂਰੀ ਮਨੁੱਖਤਾ ਨੂੰ ਸਰਬ-ਸਾਂਝਾ ਉਪਦੇਸ਼ ਦਿੰਦੇ ਹਨ, ਇਸ ਲਈ ਅਜਿਹਾ ਸਖ਼ਤ ਕਾਨੂੰਨ ਸਿਰਫ਼ ਪੰਜਾਬ ਤੱਕ ਸੀਮਤ ਨਾ ਰਹਿ ਕੇ ਪੂਰੇ ਭਾਰਤ ਵਿੱਚ ਲਾਗੂ ਹੋਣਾ ਚਾਹੀਦਾ ਹੈ।

ਮੰਗ ਪੱਤਰ ਵਿੱਚ ਜਥੇਦਾਰ ਦਾਦੂਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਿੱਖ ਕੌਮ ਲਈ ਕੀਤੇ ਗਏ ਕਾਰਜਾਂ, ਜਿਵੇਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣਾ, ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵੀਰ ਬਾਲ ਦਿਵਸ ਮਨਾਉਣਾ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਲਾਲ ਕਿਲ੍ਹੇ 'ਤੇ ਮਨਾਉਣ ਦੀ ਸ਼ਲਾਘਾ ਵੀ ਕੀਤੀ। ਉਨ੍ਹਾਂ ਮਨੋਹਰ ਲਾਲ ਖੱਟਰ ਵੱਲੋਂ ਹਰਿਆਣਾ ਦੇ ਮੁੱਖ ਮੰਤਰੀ ਹੁੰਦਿਆਂ ਸਿੱਖ ਗੁਰੂਆਂ ਦੇ ਦਿਹਾੜੇ ਵੱਡੇ ਪੱਧਰ 'ਤੇ ਮਨਾਉਣ ਦੇ ਯਤਨਾਂ ਦਾ ਵੀ ਜ਼ਿਕਰ ਕੀਤਾ।

ਜਥੇਦਾਰ ਦਾਦੂਵਾਲ ਨੇ ਅਪੀਲ ਕੀਤੀ ਕਿ ਭਾਰਤ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਾਰੇ ਧਰਮਾਂ ਦੇ ਪਵਿੱਤਰ ਗ੍ਰੰਥਾਂ ਦੇ ਸਤਿਕਾਰ ਲਈ ਇੱਕ ਸਾਂਝਾ ਅਤੇ ਸਖ਼ਤ ਕਾਨੂੰਨ ਬਣਾਏ ਤਾਂ ਜੋ ਕੋਈ ਵੀ ਵਿਅਕਤੀ ਅਜਿਹੀ ਘਿਨਾਉਣੀ ਹਰਕਤ ਕਰਨ ਦੀ ਹਿੰਮਤ ਨਾ ਕਰ ਸਕੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਕੇਂਦਰੀ ਮੰਤਰੀ ਇਸ ਗੰਭੀਰ ਮੁੱਦੇ 'ਤੇ ਕੇਂਦਰ ਸਰਕਾਰ ਨਾਲ ਸਲਾਹ-ਮਸ਼ਵਰਾ ਕਰਕੇ ਜਲਦ ਹੀ ਸਾਰਥਕ ਕਦਮ ਚੁੱਕਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

 


author

Baljit Singh

Content Editor

Related News