ਕਿਸਾਨ ਆਗੂ ਡੱਲੇਵਾਲ ਦੇ ਮਰਨ ਵਰਤ ਨੂੰ ਲੈ ਕੇ ਬੋਲੇ ਅਸ਼ੋਕ ਗਹਿਲੋਤ
Friday, Jan 17, 2025 - 04:02 PM (IST)
ਜੈਪੁਰ- ਰਾਜਸਥਾਨ ਦੇ ਸਾਬਕਾ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸ਼ੁੱਕਰਵਾਰ ਨੂੰ ਕੇਂਦਰ ਅਤੇ ਪੰਜਾਬ ਸਰਕਾਰ 'ਤੇ ਅਣਮਿੱਥੇ ਸਮੇਂ ਲਈ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਪ੍ਰਤੀ ਅਸੰਵੇਦਨਸ਼ੀਲਤਾ ਦਿਖਾਉਣ ਦਾ ਦੋਸ਼ ਲਗਾਇਆ ਹੈ। ਕਾਂਗਰਸੀ ਆਗੂ ਨੇ ਕਿਹਾ ਕਿ ਇਹੀ ਕਾਰਨ ਹੈ ਕਿ 111 ਹੋਰ ਕਿਸਾਨ ਸਰਕਾਰ ਕੋਲ ਆਪਣੇ ਵਿਚਾਰ ਰੱਖਣ ਲਈ ਭੁੱਖ ਹੜਤਾਲ 'ਤੇ ਬੈਠੇ ਹਨ। ਗਹਿਲੋਤ ਨੇ ਇਕ ਬਿਆਨ 'ਚ ਕਿਹਾ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਭੁੱਖ ਹੜਤਾਲ 'ਤੇ ਬੈਠੇ 51 ਦਿਨ ਹੋ ਗਏ ਹਨ। ਉਸ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਇਨ੍ਹਾਂ 51 ਦਿਨਾਂ ਵਿਚ ਕੇਂਦਰ ਅਤੇ ਪੰਜਾਬ ਸਰਕਾਰਾਂ ਨੇ ਪੂਰੀ ਤਰ੍ਹਾਂ ਅਸੰਵੇਦਨਸ਼ੀਲਤਾ ਦਿਖਾਈ ਹੈ।
ਜ਼ਿਕਰਯੋਗ ਹੈ ਕਿ ਡੱਲੇਵਾਲ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (MSP) ਦੀ ਕਾਨੂੰਨੀ ਗਾਰੰਟੀ ਸਮੇਤ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਦੇ ਸਮਰਥਨ 'ਚ ਪਿਛਲੇ ਸਾਲ 26 ਨਵੰਬਰ ਤੋਂ ਪੰਜਾਬ ਅਤੇ ਹਰਿਆਣਾ ਵਿਚਾਲੇ ਖਨੌਰੀ ਸਰਹੱਦ 'ਤੇ ਅਣਮਿੱਥੇ ਸਮੇਂ ਲਈ ਮਰਨ ਵਰਤ 'ਤੇ ਬੈਠੇ ਹਨ। ਗਹਿਲੋਤ ਨੇ ਕਿਹਾ ਕਿ ਤਿੰਨ ਕਾਲੇ ਕਿਸਾਨ ਕਾਨੂੰਨਾਂ ਦੇ ਵਿਰੋਧ ਵਿਚ 700 ਦੇ ਕਰੀਬ ਕਿਸਾਨਾਂ ਦੀ ਜਾਨ ਚਲੀ ਜਾਣ ਤੋਂ ਬਾਅਦ ਸਰਕਾਰ ਨੇ ਉਨ੍ਹਾਂ ਦੀਆਂ ਸ਼ਿਕਾਇਤਾਂ ਸੁਣੀਆਂ। ਉਨ੍ਹਾਂ ਕਿਹਾ ਕਿ ਇਹ ਸਮਝ ਤੋਂ ਬਾਹਰ ਹੈ ਕਿ ਵਾਰ-ਵਾਰ ਅਜਿਹੀ ਸਥਿਤੀ ਕਿਉਂ ਪੈਦਾ ਹੁੰਦੀ ਹੈ ਅਤੇ ਸਰਕਾਰ ਕਿਸਾਨਾਂ ਦੇ ਵਫ਼ਦ ਨਾਲ ਗੱਲਬਾਤ ਕਰਕੇ ਕੋਈ ਹੱਲ ਕਿਉਂ ਨਹੀਂ ਕੱਢਣਾ ਚਾਹੁੰਦੀ?