ਵੱਡੀ ਖ਼ਬਰ : ਭੀਮ ਆਰਮੀ ਚੀਫ਼ ਚੰਦਰਸ਼ੇਖਰ 'ਤੇ ਜਾਨਲੇਵਾ ਹਮਲਾ, ਅਣਪਛਾਤੇ ਹਮਲਾਵਰਾਂ ਨੇ ਕੀਤੀ ਫਾਇਰਿੰਗ

Thursday, Jun 29, 2023 - 05:36 AM (IST)

ਸਹਾਰਨਪੁਰ/ਯੂਪੀ : ਭੀਮ ਆਰਮੀ ਚੀਫ਼ ਚੰਦਰਸ਼ੇਖਰ ਆਜ਼ਾਦ 'ਤੇ ਅਣਪਛਾਤੇ ਹਮਲਾਵਰਾਂ ਨੇ ਗੈਰ-ਕਾਨੂੰਨੀ ਹਥਿਆਰਾਂ ਨਾਲ ਗੋਲ਼ੀਬਾਰੀ ਕੀਤੀ। ਦੱਸਿਆ ਜਾ ਰਿਹਾ ਹੈ ਕਿ ਇਸ ਹਮਲੇ 'ਚ ਚੰਦਰਸ਼ੇਖਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ ਹਨ। ਫਿਲਹਾਲ ਪੁਲਸ ਨੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਮਲਾਵਰ ਹਰਿਆਣਾ ਨੰਬਰ ਦੀ ਕਾਰ ਵਿੱਚ ਆਏ ਸਨ। ਦੱਸਿਆ ਜਾ ਰਿਹਾ ਹੈ ਕਿ ਹਮਲਾਵਰਾਂ ਨੇ ਚੰਦਰਸ਼ੇਖਰ ਆਜ਼ਾਦ 'ਤੇ ਅਚਾਨਕ ਗੋਲ਼ੀਆਂ ਚਲਾ ਦਿੱਤੀਆਂ। ਗੋਲ਼ੀਆਂ ਵੱਜਣ ਕਾਰਨ ਕਾਰ ਦੇ ਸ਼ੀਸ਼ੇ ਵੀ ਟੁੱਟ ਗਏ। ਇਸ ਦੌਰਾਨ ਆਜ਼ਾਦ ਦੀ ਕਮਰ 'ਤੇ ਗੋਲ਼ੀ ਲੱਗਣ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ ਹਨ। ਹਾਲਾਂਕਿ, ਪੁਲਸ ਵੱਲੋਂ ਇਸ ਮਾਮਲੇ 'ਚ ਅਜੇ ਤੱਕ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : 2 ਧਿਰਾਂ 'ਚ ਜ਼ਮੀਨੀ ਝਗੜੇ ਦੌਰਾਨ ਔਰਤ ਨੇ ਚਲਾਈ ਗੋਲ਼ੀ, ਮਾਮਲਾ ਦਰਜ, ਜਾਣੋ ਪੂਰਾ ਮਾਮਲਾ

ਆਜ਼ਾਦ ਸਮਾਜ ਪਾਰਟੀ ਨੇ ਇਸ ਬਾਰੇ ਟਵੀਟ ਕਰਦਿਆਂ ਲਿਖਿਆ, "ਸਹਾਰਨਪੁਰ ਦੇ ਦੇਵਬੰਦ 'ਚ ਭੀਮ ਆਰਮੀ ਚੀਫ਼ ਅਤੇ ਰਾਸ਼ਟਰੀ ਪ੍ਰਧਾਨ ਚੰਦਰਸ਼ੇਖਰ ਆਜ਼ਾਦ 'ਤੇ ਕਾਤਲਾਨਾ ਹਮਲਾ ਬਹੁਜਨ ਮਿਸ਼ਨ ਅੰਦੋਲਨ ਨੂੰ ਰੋਕਣ ਦੀ ਕਾਇਰਤਾ ਭਰੀ ਕਾਰਵਾਈ ਹੈ। ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ, ਸਖ਼ਤ ਕਾਰਵਾਈ ਅਤੇ ਰਾਸ਼ਟਰੀ ਪ੍ਰਧਾਨ ਚੰਦਰਸ਼ੇਖਰ ਆਜ਼ਾਦ ਦੀ ਸੁਰੱਖਿਆ ਦੀ ਮੰਗ ਕਰਦੇ ਹਾਂ।"

ਇਹ ਵੀ ਪੜ੍ਹੋ : ਦਿੱਲੀ 'ਚ ਤੇਜ਼ ਰਫਤਾਰ DTC ਬੱਸ ਨੇ ਸਕੂਟੀ ਸਵਾਰ ਜੋੜੇ ਨੂੰ ਦਰੜਿਆ, ਪਤਨੀ ਦੀ ਹੋਈ ਮੌਕੇ 'ਤੇ ਮੌਤ

ਦੂਜੇ ਪਾਸੇ ਇਸ ਘਟਨਾ ਨੂੰ ਲੈ ਕੇ ਸਮਾਜਵਾਦੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਸ਼ਟਰੀ ਜਨਰਲ ਸਕੱਤਰ ਸ਼ਿਵਪਾਲ ਯਾਦਵ ਨੇ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਟਵੀਟ ਕੀਤਾ ਕਿ ਸੂਬੇ ਵਿੱਚ ਅਪਰਾਧੀਆਂ ਦਾ ਮਨੋਬਲ ਇੰਨਾ ਵਧ ਗਿਆ ਹੈ ਕਿ ਅਰਾਜਕ ਤੱਤਾਂ ਨੇ ਆਪਣੀਆਂ ਸਾਰੀਆਂ ਹੱਦਾਂ ਟੱਪਣੀਆਂ ਸ਼ੁਰੂ ਕਰ ਦਿੱਤੀਆਂ ਹਨ। ਯੂਪੀ ਵਿੱਚ ਵਿਰੋਧੀ ਧਿਰ ਹੁਣ ਸਰਕਾਰ ਅਤੇ ਅਪਰਾਧੀਆਂ ਦੋਵਾਂ ਦੇ ਨਿਸ਼ਾਨੇ 'ਤੇ ਹੈ। ਭੀਮ ਆਰਮੀ ਚੀਫ਼ ਚੰਦਰਸ਼ੇਖਰ 'ਤੇ ਹੋਇਆ ਜਾਨਲੇਵਾ ਹਮਲਾ ਸੂਬੇ ਦੀ ਖੋਖਲੀ ਕਾਨੂੰਨ ਵਿਵਸਥਾ ਲਈ ਖਤਰੇ ਦੀ ਘੰਟੀ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


Mukesh

Content Editor

Related News