ਸਰਕਾਰੀ ਅਧਿਕਾਰੀਆਂ ਵਿਰੁੱਧ ਚਲੇ ਮੁਕੱਦਮਾ : ਸੁਪਰੀਮ ਕੋਰਟ
Tuesday, Nov 27, 2018 - 12:52 PM (IST)

ਨਵੀਂ ਦਿੱਲੀ— ਸੁਪਰੀਮ ਕੋਰਟ ਦਿੱਲੀ 'ਚ ਪ੍ਰਦੂਸ਼ਣ ਨੂੰ ਲੈ ਕੇ ਸਖਤ ਹੋ ਗਿਆ ਹੈ। ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀ. ਪੀ. ਸੀ. ਬੀ.) ਉਨ੍ਹਾਂ ਸਰਕਾਰੀ ਅਧਿਕਾਰੀਆਂ ਵਿਰੁੱਧ ਮੁਕੱਦਮਾ ਚਲਾਵੇ, ਜਿਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਆਈਆਂ 250 ਸ਼ਿਕਾਇਤਾਂ 'ਤੇ ਕੋਈ ਕਾਰਵਾਈ ਨਹੀਂ ਕੀਤੀ। ਕੋਰਟ ਨੇ ਦਿੱਲੀ ਵਿਚ ਹਵਾ ਦੀ ਗੁਣਵੱਤਾ ਬਹੁਤ ਖਰਾਬ ਸ਼੍ਰੇਣੀ ਵਿਚ ਦਰਜ ਕੀਤੇ ਜਾਣ ਦੇ ਮੱਦੇਨਜ਼ਰ ਇਹ ਕਾਰਵਾਈ ਕਰਨ ਨੂੰ ਕਿਹਾ ਹੈ। ਇੱਥੇ ਦੱਸ ਦੇਈਏ ਕਿ ਦਿੱਲੀ ਵਿਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਸੋਸ਼ਲ ਮੀਡੀਆ 'ਤੇ ਅਕਾਊਂਟ ਬਣਾਇਆ ਜਾਵੇ, ਤਾਂ ਕਿ ਲੋਕ ਸ਼ਿਕਾਇਤਾਂ ਕਰ ਸਕਣ।
ਸੁਪਰੀਮ ਕੋਰਟ ਦੇ ਜਸਟਿਸ ਮਦਨ ਬੀ ਲੋਕੂਰ ਅਤੇ ਜਸਟਿਸ ਦੀਪਕ ਗੁਪਤਾ ਦੀ ਬੈਂਚ ਨੇ ਕਿਹਾ ਕਿ ਜੋ ਅਧਿਕਾਰੀ ਸ਼ਿਕਾਇਤਾਂ ਦੇ ਬਾਵਜੂਦ ਕਾਰਵਾਈ ਕਰਨ ਵਿਚ ਅਸਫਲ ਰਹੇ ਹਨ, ਉਨ੍ਹਾਂ ਵਿਰੁੱਧ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਸੀ. ਪੀ. ਸੀ. ਬੀ. ਵਲੋਂ ਪੇਸ਼ ਆਡੀਸ਼ਨਲ ਸਾਲਿਸਟਰ ਜਨਰਲ ਏ. ਐੱਨ. ਐੱਸ. ਨਾਦਕਰਣੀ ਨੂੰ ਕਿਹਾ ਕਿ ਸ਼ਿਕਾਇਤ ਦੇ ਬਾਵਜੂਦ ਜਿਨ੍ਹਾਂ ਅਧਿਕਾਰੀਆਂ ਨੇ ਕੋਈ ਕਾਰਵਾਈ ਨਹੀਂ ਕੀਤੀ, ਉਨ੍ਹਾਂ 'ਤੇ ਐਕਸ਼ਨ ਲੈਣਾ ਚਾਹੀਦੀ ਹੈ, ਤਾਂ ਕਿ ਉਨ੍ਹਾਂ ਨੂੰ ਇਸ ਗੱਲ ਦਾ ਅਹਿਸਾਸ ਹੋਵੇ ਕਿ ਉਨ੍ਹਾਂ ਨੇ ਕੀ ਕੀਤਾ ਹੈ। ਇਸ ਤੋਂ ਪਹਿਲਾਂ ਨਾਦਕਰਣੀ ਨੇ ਕੋਰਟ ਨੂੰ ਦੱਸਿਆ ਕਿ 1 ਨਵੰਬਰ ਤੋਂ ਲੈ ਕੇ 22 ਨਵੰਬਰ ਦਰਮਿਆਨ ਸੋਸ਼ਲ ਮੀਡੀਆ ਅਕਾਊਂਟ 'ਤੇ ਕੁੱਲ 749 ਪ੍ਰਦੂਸ਼ਣ ਨਾਲ ਸਬੰਧਤ ਸ਼ਿਕਾਇਤਾਂ ਆਈਆਂ ਹਨ ਅਤੇ ਉਨ੍ਹਾਂ 'ਚ 500 ਸ਼ਿਕਾਇਤਾਂ 'ਤੇ ਕਾਰਵਾਈ ਕੀਤੀ ਗਈ ਹੈ।