ਮੀਂਹ ਮਗਰੋਂ ਵੀ ਸਾਫ਼ ਨਹੀਂ ਹੋਈ ਦਿੱਲੀ ! AQI ਹਾਲੇ ਵੀ 300 ਤੋਂ ਪਾਰ
Thursday, Jan 29, 2026 - 09:42 AM (IST)
ਨਵੀਂ ਦਿੱਲੀ : ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਬਾਰਿਸ਼ ਦੇ ਬਾਵਜੂਦ ਵੀ ਵੀਰਵਾਰ ਨੂੰ ਹਵਾ ਦੀ ਗੁਣਵੱਤਾ (AQI) ਲਗਾਤਾਰ ‘ਖ਼ਰਾਬ’ ਸ਼੍ਰੇਣੀ ਵਿੱਚ ਬਣੀ ਹੋਈ ਹੈ। ਸ਼ਹਿਰ ਦੇ ਕਈ ਹਿੱਸਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ 300 ਤੋਂ ਉੱਪਰ ਦਰਜ ਕੀਤਾ ਗਿਆ ਹੈ, ਜੋ ਹਵਾ ਦੀ ਗੰਭੀਰ ਸਥਿਤੀ ਨੂੰ ਦਰਸਾਉਂਦਾ ਹੈ।
ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ, ਆਨੰਦ ਵਿਹਾਰ (334) ਅਤੇ ਜਹਾਂਗੀਰਪੁਰੀ (337) ਵਰਗੇ ਇਲਾਕਿਆਂ ਵਿੱਚ AQI ‘ਬਹੁਤ ਖ਼ਰਾਬ’ ਸ਼੍ਰੇਣੀ ਵਿੱਚ ਪਹੁੰਚ ਗਿਆ ਹੈ। ਜਦਕਿ ਬਵਾਨਾ ਅਤੇ ਨਰੇਲਾ ਵਰਗੇ ਖੇਤਰਾਂ ਵਿੱਚ ਇਹ ‘ਖ਼ਰਾਬ’ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ। ਇਸ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਵੀਰਵਾਰ ਲਈ ‘ਯੈਲੋ ਅਲਰਟ’ ਜਾਰੀ ਕਰਦਿਆਂ ਦਿੱਲੀ ਦੇ ਕਈ ਇਲਾਕਿਆਂ ਵਿੱਚ ਦਰਮਿਆਨੀ ਧੁੰਦ ਦੀ ਚੇਤਾਵਨੀ ਦਿੱਤੀ ਹੈ। ਆਉਣ ਵਾਲੇ 6 ਦਿਨਾਂ ਤੱਕ ਸਵੇਰ ਦੇ ਸਮੇਂ ਧੁੰਦ ਬਣੀ ਰਹਿਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਅਨੁਸਾਰ 31 ਜਨਵਰੀ ਦੀ ਰਾਤ ਅਤੇ 1 ਫਰਵਰੀ ਨੂੰ ਗਰਜ ਅਤੇ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ) ਦੇ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ। ਇਸ ਨਾਲ ਤਾਪਮਾਨ ਵਿੱਚ ਗਿਰਾਵਟ ਆਉਣ ਦੀ ਸੰਭਾਵਨਾ ਹੈ। ਇਸ ਦੌਰਾਨ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 18 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਦੇ ਆਲੇ-ਪਾਸੇ ਰਹਿਣ ਦੀ ਉਮੀਦ ਹੈ।
ਹਾਲਾਂਕਿ ਹਵਾ ਦੀ ਸਥਿਤੀ ਵਿੱਚ ਮਾਮੂਲੀ ਸੁਧਾਰ ਦੇ ਮੱਦੇਨਜ਼ਰ GRAP ਦੇ ਤੀਜੇ ਪੜਾਅ ਦੀਆਂ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ, ਪਰ ਸਿਹਤ ਮਾਹਿਰਾਂ ਨੇ ਲੋਕਾਂ ਨੂੰ ਪ੍ਰਦੂਸ਼ਣ ਤੋਂ ਬਚਣ ਲਈ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ।
