''ਆਪ'' ਵਿਧਾਇਕਾਂ ਨੇ ਮੁੱਖ ਮੰਤਰੀ ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ

Monday, Feb 24, 2025 - 03:32 PM (IST)

''ਆਪ'' ਵਿਧਾਇਕਾਂ ਨੇ ਮੁੱਖ ਮੰਤਰੀ ਦਫ਼ਤਰ ਦੇ ਬਾਹਰ ਕੀਤਾ ਪ੍ਰਦਰਸ਼ਨ

ਨਵੀਂ ਦਿੱਲੀ- ਦਿੱਲੀ ਵਿਧਾਨ ਸਭਾ 'ਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਨੇ ਸੋਮਵਾਰ ਨੂੰ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਦੀ ਅਗਵਾਈ ਵਿਚ ਮੁੱਖ ਮੰਤਰੀ ਰੇਖਾ ਗੁਪਤਾ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਭਾਜਪਾ ਵਲੋਂ ਦਿੱਲੀ ਦੀਆਂ ਔਰਤਾਂ ਨੂੰ 2500 ਰੁਪਏ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਦੀ ਮੰਗ ਨੂੰ ਲੈ ਕੇ ਕੀਤਾ ਗਿਆ।

ਮੁੱਖ ਮੰਤਰੀ ਰੇਖਾ ਗੁਪਤਾ ਨਾਲ ਮੁਲਾਕਾਤ ਤੋਂ ਬਾਅਦ ਆਤਿਸ਼ੀ ਨੇ ਦੱਸਿਆ ਕਿ ਅਸੀਂ ਦੋ ਦਿਨ ਪਹਿਲਾਂ ਮੁੱਖ ਮੰਤਰੀ ਨਾਲ ਮੁਲਾਕਾਤ ਦਾ ਸਮਾਂ ਮੰਗਿਆ ਸੀ ਪਰ ਸਾਨੂੰ ਸਮਾਂ ਨਹੀਂ ਦਿੱਤਾ ਗਿਆ। ਇਸ ਲਈ ਅਸੀਂ ਵਿਧਾਨ ਸਭਾ ਕੰਪਲੈਕਸ ਵਿਚ ਉਨ੍ਹਾਂ ਦੇ ਦਫ਼ਤਰ ਦੇ ਬਾਹਰ ਹਾਂ। ਅਸੀਂ ਉਨ੍ਹਾਂ ਨਾਲ ਪ੍ਰਧਾਨ ਮੰਤਰੀ ਮੋਦੀ ਦੇ ਵਾਅਦੇ ਬਾਰੇ ਗੱਲ ਕਰਨਾ ਚਾਹੁੰਦੇ ਹਾਂ ਕਿ ਪ੍ਰਧਾਨ ਮੰਤਰੀ ਦੀ ਪਹਿਲੀ ਕੈਬਨਿਟ ਮੀਟਿੰਗ ਤੋਂ ਬਾਅਦ ਔਰਤਾਂ ਨੂੰ 2,500 ਰੁਪਏ ਦਿੱਤੇ ਜਾਣਗੇ, ਪ੍ਰਧਾਨ ਮੰਤਰੀ ਦਾ ਵਾਅਦਾ ਝੂਠਾ ਸਾਬਤ ਹੋਇਆ ਹੈ। ਆਤਿਸ਼ੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਕੋਈ ਭਰੋਸਾ ਨਹੀਂ ਦਿੱਤਾ ਅਤੇ ਸਿਰਫ ਇਹ ਕਿਹਾ ਕਿ ਉਹ 8 ਮਾਰਚ ਤੱਕ ਆਪਣਾ ਵਾਅਦਾ ਪੂਰਾ ਕਰਨ ਦੀ ਪੂਰੀ ਕੋਸ਼ਿਸ਼ ਕਰ ਰਹੇ ਹਨ।

ਇਹ ਪ੍ਰਦਰਸ਼ਨ ਸੋਮਵਾਰ ਨੂੰ ਨਵੀਂ ਬਣੀ ਦਿੱਲੀ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਦੀ ਸ਼ੁਰੂਆਤ ਦੌਰਾਨ ਹੋਇਆ। ਭਾਜਪਾ 27 ਸਾਲਾਂ ਦੇ ਵਕਫ਼ੇ ਤੋਂ ਬਾਅਦ ਦਿੱਲੀ 'ਚ ਸੱਤਾ 'ਚ ਵਾਪਸ ਆਈ ਹੈ। ਭਾਜਪਾ ਨੇ 5 ਫਰਵਰੀ ਨੂੰ ਹੋਈਆਂ ਵਿਧਾਨ ਸਭਾ ਚੋਣਾਂ 'ਚ 70 'ਚੋਂ 48 ਸੀਟਾਂ ਜਿੱਤ ਕੇ ਦਿੱਲੀ 'ਚ ਆਮ ਆਦਮੀ ਪਾਰਟੀ (ਆਪ) ਦੇ ਦਹਾਕੇ ਲੰਬੇ ਸ਼ਾਸਨ ਦਾ ਅੰਤ ਕਰ ਦਿੱਤਾ। ਵਿਰੋਧੀ ਪਾਰਟੀ 'ਆਪ' ਦੇ ਸਦਨ 'ਚ 22 ਵਿਧਾਇਕ ਹਨ।
 


author

Tanu

Content Editor

Related News